- ਆਨ-ਲਾਈਨ ਮੋਨੀਟਰਿੰਗ ਲਈ ਪ੍ਰਾਜੈਕਟ ਡੀ.ਸੀ. ਡੈਸ਼ਬੋਰਡ 'ਤੇ ਵੀ ਅਪਲੋਡ ਕਰਨ ਦੀ ਹਦਾਇਤ
ਪਟਿਆਲਾ, 23 ਜੂਨ : ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵੱਖ-ਵੱਖ ਵਿਭਾਗਾਂ ਵੱਲੋਂ ਜ਼ਿਲ੍ਹੇ ਅੰਦਰ ਚਲਾਏ ਜਾ ਰਹੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਮੁਲੰਕਣ ਕੀਤਾ। ਇਸ ਮੌਕੇ ਉਨ੍ਹਾਂ ਨੇ ਹਦਾਇਤ ਕੀਤੀ ਕਿ ਸਾਰੇ ਵਿਭਾਗ ਆਪਣੇ ਪ੍ਰਾਜੈਕਟ ਡੀ.ਸੀ. ਡੈਸ਼ਬੋਰਡ ਉਪਰ ਅਪਲੋਡ ਕਰਨਾ ਯਕੀਨੀ ਬਣਾਉਣ ਤਾਂ ਕਿ ਉਨ੍ਹਾਂ ਦੀ ਮੋਨੀਟਰਿੰਗ ਆਨ-ਲਾਈਨ ਵੀ ਕੀਤੀ ਜਾ ਸਕੇ। ਸਾਕਸ਼ੀ ਸਾਹਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰਾਜੈਕਟ ਸਮੇਂ ਸਿਰ ਨੇਪਰੇ ਚੜ੍ਹਾਏ ਜਾਣ ਅਤੇ ਪ੍ਰਾਜੈਕਟ ਮੁਕੰਮਲ ਹੋਣ 'ਤੇ ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਵੀ ਤੁਰੰਤ ਭੇਜਣਾ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਏ.ਡੀ.ਸੀ. ਸ਼ਹਿਰੀ ਵਿਕਾਸ ਗੁਰਪ੍ਰੀਤ ਸਿੰਘ ਥਿੰਦ ਵੱਲੋਂ ਪੇਸ਼ ਕੀਤੀ ਗਈ ਰਿਪੋਰਟ ਜਰੀਏ ਸ਼ਹਿਰੀ ਖੇਤਰਾਂ ਦੇ ਪ੍ਰਾਜੈਕਟਾਂ ਦਾ ਜਾਇਜ਼ਾ ਲੈਂਦਿਆਂ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਠੋਸ ਕੂੜਾ ਪ੍ਰਬੰਧਨ ਦੇ ਸਾਰੇ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ ਤਾਂ ਕਿ ਕੌਮੀ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਹੋ ਸਕੇ। ਏ.ਡੀ.ਸੀ. (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ ਪੇਸ਼ ਕੀਤੀ ਗਈ ਰਿਪੋਰਟ ਦਾ ਮੁਲੰਕਣ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ, ਛੱਪੜਾਂ ਦੀ ਪੁਨਰਸੁਰਜੀਤੀ, ਖੇਡ ਗਰਾਊਂਡ ਤੇ ਹੋਰ ਕੰਮਾਂ ਵਿੱਚ ਹੋਰ ਤੇਜੀ ਲਿਆਂਦੀ ਜਾਵੇ। ਸਾਕਸ਼ੀ ਸਾਹਨੀ ਨੇ ਆਮ ਆਦਮੀ ਕਲਿਨਿਕਾਂ ਸਮੇਤ ਹੋਰ ਪ੍ਰਾਜੈਕਟਾਂ ਦੇ ਲਾਭ ਲੋਕਾਂ ਤੱਕ ਹੇਠਲੇ ਪੱਧਰ ਤੱਕ ਪੁੱਜਦਾ ਕਰਨ ਲਈ ਦਿਸ਼ਾ ਨਿਰਦੇਸ਼ ਦਿੱਤੇ। ਮੀਟਿੰਗ 'ਚ ਵਣ ਮੰਡਲ ਅਫ਼ਸਰ ਵਿੱਦਿਆ ਸਾਗਰੀ, ਸਿਵਲ ਸਰਜਨ ਡਾ. ਰਮਿੰਦਰ ਕੌਰ, ਜ਼ਿਲ੍ਹਾ ਪੇਂਡੂ ਵਿਕਾਸ ਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ, ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਸਮੇਤ ਹੋਰਨਾਂ ਵਿਭਾਗਾਂ ਦੇ ਮੁਖੀ ਤੇ ਅਧਿਕਾਰੀ ਮੌਜੂਦ ਸਨ।