ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜਿਲਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਰੀਵਿਊ ਮੀਟਿੰਗ

  • ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਹੋਵੇਗਾ ਜਿਲਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ
  • ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ

ਫਾਜ਼ਿਲਕਾ 2 ਅਗਸਤ : 15 ਅਗਸਤ 2023 ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸਬੰਧੀ ਰੀਵਿਊ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ.) ਮੈਡਮ ਅਵਨੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਐੱਸ.ਡੀ.ਐੱਮ. ਸ੍ਰੀ. ਨਿਕਾਸ ਖੀਚੜ ਅਤੇ ਸਹਾਇਕ ਕਮਿਸ਼ਨਰ ਸਾਰੰਗਪ੍ਰੀਤ ਵੀ ਹਾਜ਼ਰ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 15 ਅਗਸਤ ਨੂੰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਆਜ਼ਾਦੀ ਦਿਵਸ ਸਮਾਗਮ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ । ਉਨਾਂ ਕਿਹਾ ਕਿ ਇਸ ਦਿਨ ਮਨਾਉਣ ਦਾ ਮਕਸਦ ਆਜ਼ਾਦੀ ਦੇ ਜਸ਼ਨਾਂ ਨੂੰ ਤਾਜ਼ਾ ਕਰਨ ਦੇ ਨਾਲ-ਨਾਲ ਆਜ਼ਾਦੀ ਸੰਗਰਾਮ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ, ਆਜ਼ਾਦੀ ਘੁਲਾਈਆਂ ਨੂੰ ਯਾਦ ਕਰਕੇ ਉਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਾ ਵੀ ਹੈ। ਉਨ੍ਹਾਂ ਦੱਸਿਆ ਕਿ ਅਜ਼ਾਦੀ ਦਿਵਸ ਦੇ ਸਮਾਰੋਹ ਵਿਚ ਪੰਜਾਬ ਪੁਲਿਸ, ਬੀ.ਐਸ.ਐਫ ਅਤੇ ਐਨ.ਸੀ.ਸੀ ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ ਅਤੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਜਾਵੇਗੀ।। ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਪੀ.ਟੀ ਸ਼ੋਅ ਤੇ ਦੇਸ਼ ਭਗਤੀ ਨੂੰ ਦਰਸਾਉਂਦਾ ਹੋਇਆ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਜਿਨ੍ਹਾਂ ਵਿੱਚ ਪੁਲਿਸ, ਪੰਚਾਇਤ, ਸਿੱਖਿਆ, ਸਿਹਤ, ਪੀ.ਡਬਲਯੂ.ਡੀ., ਜ਼ਿਲ੍ਹਾ ਮੰਡੀ ਬੋਰਡ, ਨਗਰ ਕੌਂਸਲ, ਜ਼ਿਲ੍ਹਾ ਪ੍ਰੋਗਰਾਮ, ਆਰ.ਟੀ.ਏ, ਵਾਟਰ ਸਪਲਾਈ ਅਤੇ ਖ਼ੁਰਾਕ ਸਪਲਾਈ ਵਿਭਾਗ ਆਦਿ ਸ਼ਾਮਲ ਹਨ ਦੇ ਅਧਿਕਾਰੀਆਂ ਨੂੰ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੇ ਹਰ ਤਰ੍ਹਾਂ ਦੇ ਪੁਖਤਾ ਪ੍ਰਬੰਧ ਕਰਨ ਦੀ ਹਦਾਇਤ ਕੀਤੀ। ਉਨਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਆਜ਼ਾਦੀ ਸਮਾਗਮ ਵਿਚ ਆਉਣ ਵਾਲੇ ਲੋਕਾਂ ਲਈ ਟਰੈਫਿਕ ਰੂਟ ਬਣਾਇਆ ਜਾਵੇ ਅਤੇ ਪਾਰਕਿੰਗ ਲਈ ਪਹਿਲਾਂ ਹੀ ਥਾਵਾਂ ਨਿਸ਼ਚਤ ਕੀਤੀਆਂ ਜਾਣ ਤਾਂ ਜੋ ਕਿਸੇ ਤਰਾਂ  ਦੀ ਟ੍ਰੈਫਿਕ ਦੀ ਸਮੱਸਿਆ ਪੇਸ਼ ਨਾ ਆਵੇ । ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹ ਨਾਲ ਨਿਭਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਡਿਊਟੀ ਵਿੱਚ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕੁਤਾਹੀ ਕਰਨ ਵਾਲਿਆ ਖਿਲਾਫ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਬਿਜਲੀ ਬੋਰਡ ਵਿਭਾਗ ਦੇ ਅਧਿਕਾਰੀਆਂ ਨੂੰ ਆਜ਼ਾਦੀ ਦਿਵਸ ਮੌਕੇ ਨਿਰਵਿਘਨ ਸਪਲਾਈ ਮੁਹੱਈਆ ਕਰਵਾਉਣ ਦੀ ਹਦਾਇਤ ਕੀਤੀ। ਇਸ ਮੌਕੇ ਜ਼ਿਲ੍ਹਾ ਭਾਸ਼ਾ ਅਫਸਰ ਭੁਪਿੰਦਰ ਕੁਮਾਰ, ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਡਾ. ਸੁਖਵੀਰ ਸਿੰਘ ਬੱਲ ਸਮੇਤ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਹਾਜ਼ਰ ਸਨ।