ਨਕਟੇ ਨੂੰ ਬੀਂਬੜ ਨਾਲ ਜੋੜਦੀ ਸੜਕ 30 ਅਪ੍ਰੈਲ ਤੱਕ ਹੋਵੇਗੀ ਮੁਕੰਮਲ : ਨਰਿੰਦਰ ਕੌਰ ਭਰਾਜ

  • 45 ਲੱਖ ਨਾਲ ਬਣੇਗੀ ਝਨੇੜੀ ਤੋਂ ਸੰਘਰੇੜੀ ਸੜਕ, ਵਿਧਾਇਕ ਨੇ ਪ੍ਰਗਤੀ ਦਾ ਲਿਆ ਜਾਇਜ਼ਾ

ਭਵਾਨੀਗੜ੍ਹ, 20 ਮਾਰਚ 2025 : ਵਿਧਾਨ ਸਭਾ ਹਲਕਾ ਸੰਗਰੂਰ ਦੇ ਹਰ ਸ਼ਹਿਰੀ ਤੇ ਦਿਹਾਤੀ ਖੇਤਰ ਵਿੱਚ ਬੁਨਿਆਦੀ ਸੁਵਿਧਾਵਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਕਾਰਜਸ਼ੀਲ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਭਵਾਨੀਗੜ੍ਹ ਸਬ ਡਵੀਜ਼ਨ ਦੇ ਪਿੰਡਾਂ ਵਿੱਚ ਬਣਨ ਵਾਲੀਆਂ ਸੜਕਾਂ ਦੇ ਨਿਰਮਾਣ ਕਾਰਜਾਂ ਵਿੱਚ ਤੇਜੀ ਲਿਆਉਣ ਦੀ ਹਦਾਇਤ ਕਰਦਿਆਂ ਦੁਹਰਾਇਆ ਗਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਲਕੇ ਦਾ ਬਹੁਪੱਖੀ ਵਿਕਾਸ ਕਰਵਾਉਣ ਲਈ ਉਹ ਪੂਰੀ ਤਰ੍ਹਾਂ ਵਚਨਬੱਧ ਹਨ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਨਕਟੇ, ਫੰਮਣਵਾਲ, ਮਾਝੀ, ਬੀਂਬੜ ਤੇ ਬੀਂਬੜੀ ਨੂੰ ਜ਼ੋੜਦੀ ਸੜਕ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਅਤ ਕਰਦਿਆਂ ਦੱਸਿਆ ਕਿ ਇਸ ਪ੍ਰੋਜੈਕਟ ਉਤੇ ਲਗਭਗ 62 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਲੋਕਾਂ ਦੀ ਸੁਵਿਧਾ ਲਈ ਇਹ ਕਾਰਜ 30 ਅਪ੍ਰੈਲ ਤੱਕ ਮੁਕੰਮਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਲਗਭਗ 2.5 ਕਿਲੋਮੀਟਰ ਲੰਬਾਈ ਵਾਲੀ ਇਸ ਸੜਕ ਦੇ ਅਧੂਰੇ ਹੋਣ ਕਾਰਨ ਲੋਕਾਂ ਨੂੰ ਇੱਕ ਪਾਸੇ ਤੋਂ ਦੂਜੇ ਪਾਸੇ ਜਾਣ ਲਈ ਕਾਫ਼ੀ ਘੁੰਮ ਕੇ ਜਾਣਾ ਪੈਂਦਾ ਹੈ ਜਿਸ ਕਾਰਨ ਸਮਾਂ ਨਸ਼ਟ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸੜਕ ਉਤੇ ਮੁਢਲੇ ਤੌਰ ਤੇ ਪੱਥਰ ਪਾਇਆ ਜਾ ਚੁੱਕਾ ਹੈ ਅਤੇ ਨਿਰਮਾਣ ਵੀ ਨਿਰਧਾਰਤ ਸਮੇਂ ਸੀਮਾ ਅੰਦਰ ਪੂਰਾ ਕਰਨ ਦੀ ਹਦਾਇਤ ਕੀਤੀ ਗਈ ਹੈ। ਇਸ ਉਪਰੰਤ ਪਿੰਡ ਝਨੇੜੀ ਵਿਖੇ ਪੁੱਜੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਤਕਰੀਬਨ ਪੌਣੇ ਦੋ ਕਿਲੋਮੀਟਰ ਲੰਬਾਈ ਵਾਲੀ ਸੜਕ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਕਿਹਾ ਕਿ ਇਹ ਮਸਲਾ ਪਿਛਲੇ ਲੰਬੇ ਸਮੇਂ ਤੋਂ ਰੁਕਿਆ ਹੋਇਆ ਸੀ ਅਤੇ ਝਨੇੜੀ ਤੋਂ ਸੰਘਰੇੜੀ ਤੱਕ ਸੜਕ ਨਿਰਮਾਣ ਦਾ ਕੰਮ ਛੇਤੀ ਹੀ ਪੂਰਾ ਹੋ ਜਾਵੇਗੀ ਜਿਸ *ਤੇ ਲਗਭਗ 45 ਲੱਖ ਰੁਪਏ ਦੀ ਲਾਗਤ ਆਵੇਗੀ।