- ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰੇਕ ਲੋੜਵੰਦ ਨੂੰ ਦਿੱਤਾ ਜਾਵੇਗਾ ਮੁਆਵਜ਼ਾ
- ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਦੇਣ ਦੇ ਕੰਮ ਵਿੱਚ ਹੋਰ ਤੇਜੀ ਲਿਆਉਣ ਲਈ ਐਸ.ਡੀ.ਐਮ. ਹਰਪ੍ਰੀਤ ਸਿੰਘ ਅਟਵਾਲ ਨੇ ਪਟਵਾਰੀਆਂ ਤੇ ਕਾਨੂੰਗੋਆਂ ਨਾਲ ਕੀਤੀ ਮੀਟਿੰਗ
ਫ਼ਤਹਿਗੜ੍ਹ ਸਾਹਿਬ, 28 ਅਗਸਤ : ਸਬ ਡਵੀਜ਼ਨ ਫ਼ਤਹਿਗੜ੍ਹ ਸਾਹਿਬ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਹੁਣ ਤੱਕ 10 ਲੱਖ ਰੁਪਏ ਮੁਆਵਜ਼ਾ ਵੰਡਿਆ ਜਾ ਚੁੱਕਾ ਹੈ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰੇਕ ਲੋੜਵੰਦ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀ ਹਰਪ੍ਰੀਤ ਸਿੰਘ ਅਟਵਾਲ ਨੇ ਪਟਵਾਰੀਆਂ ਤੇ ਕਾਨੂੰਗੋਆਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਹੜ੍ਹਾਂ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਤੇ ਹੋਰ ਨੁਕਸਾਨ ਦਾ ਮੁਆਵਜ਼ਾ ਦੇਣ ਸਬੰਧੀ ਪੂਰੀ ਸੰਜੀਦਗੀ ਨਾਲ ਕੰਮ ਕੀਤਾ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਸਬ ਡਵੀਜ਼ਨ ਫ਼ਤਹਿਗੜ੍ਹ ਸਾਹਿਬ ਦੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਣ ਲਈ ਸਬੰਧਤ ਅਧਿਕਾਰੀਆਂ ਨੂੰ ਸਮੇਂ-ਸਮੇਂ ਤੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਕੋਈ ਵੀ ਹੜ੍ਹ ਪੀੜ੍ਹਤ ਮੁਆਵਜ਼ਾ ਲੈਣ ਤੋਂ ਵਾਂਝਾ ਨਾ ਰਹੇ। ਸ਼੍ਰੀ ਅਟਵਾਲ ਨੇ ਦੱਸਿਆ ਕਿ ਸਬ ਡਵੀਜ਼ਨ ਵਿੱਚ ਹੜ੍ਹ ਪੀੜ੍ਹਤਾਂ ਨੂੰ ਮੁਆਵਜ਼ਾ ਦੇਣ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ ਅਤੇ ਹੁਣ ਸਿਰਫ ਉਹ ਵਿਅਕਤੀ ਹੀ ਮੁਆਵਜ਼ਾ ਦੇਣ ਤੋਂ ਰਹਿੰਦੇ ਹਨ ਜਿਨ੍ਹਾਂ ਦੇ ਬੈਂਕ ਖਾਤਾ ਨੰਬਰ ਜਾਂ ਹੋਰ ਜਾਣਕਾਰੀ ਨਹੀਂ ਮਿਲੀ ਹੈ। ਉਨ੍ਹਾਂ ਸਮੂਹ ਪਟਵਾਰੀਆਂ ਤੇ ਕਾਨੂੰਗੋਆਂ ਨੂੰ ਹਦਾਇਤ ਕੀਤੀ ਕਿ ਹੜ੍ਹ ਪੀੜ੍ਹਤਾਂ ਦੇ ਬੈਂਕ ਖਾਤਿਆਂ ਵਿੱਚ ਮੁਆਵਜ਼ਾ ਰਾਸ਼ੀ ਜਮ੍ਹਾਂ ਕਰਵਾਉਣ ਲਈ ਲੋੜੀਂਦੀ ਜਾਣਕਾਰੀ ਤੁਰੰਤ ਮੁਕੰਮਲ ਕੀਤੀ ਜਾਵੇ ਤਾਂ ਜੋ ਹੜ੍ਹ ਪੀੜ੍ਹਤਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ। ਐਸ.ਡੀ.ਐਮ. ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਵੱਲੋਂ ਮੁਆਵਜ਼ਾ ਵੰਡਣ ਦੀ ਪ੍ਰਕ੍ਰਿਆ ਤੇ ਨਿਰੰਤਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਇਸ ਕੰਮ ਵਿੱਚ ਹੋਰ ਤੇਜੀ ਲਿਆਉਣ ਲਈ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਜਿਸ ਦਾ ਨੁਕਸਾਨ ਹੋਇਆ ਹੈ ਨੂੰ ਮੁਆਵਜ਼ਾ ਨਹੀਂ ਮਿਲਿਆ ਤਾਂ ਉਹ ਸਬੰਧਤ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਵੇ ਤਾਂ ਜੋ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਜਾ ਸਕੇ।