ਸੰਗਰੂਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਰਾਜ ਦੇ ਨਿਵਾਸੀਆਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸੇ ਉਦੇਸ਼ ਦੀ ਪੂਰਤੀ ਹਿੱਤ ਸਰਕਾਰੀ ਹਸਪਤਾਲਾਂ ਤੇ ਸਿਹਤ ਕੇਂਦਰਾਂ ਵਿਖੇ ਮਰੀਜ਼ਾਂ ਦੀ ਲੋੜ ਮੁਤਾਬਕ ਅਤਿ ਆਧੁਨਿਕ ਸਿਹਤ ਮਸ਼ੀਨਰੀ ਦੀ ਉਪਲਬਧਤਾ ਅਤੇ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਲੋੜਵੰਦਾਂ ਨੂੰ ਸਭ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਇਹ ਪ੍ਰਗਟਾਵਾ ਵਿਧਾਇਕਾ ਸੰਗਰੂਰ ਨਰਿੰਦਰ ਕੌਰ ਭਰਾਜ ਨੇ ਅੱਜ ਸਿਵਲ ਹਸਪਤਾਲ ਸੰਗਰੂਰ ਵਿਖੇ ਡਿਜ਼ੀਟਲ ਐਕਸ-ਰੇਅ ਮਸ਼ੀਨ ਦਾ ਉਦਘਾਟਨ ਕਰਨ ਸਮੇਂ ਕੀਤਾ। ਭਰਾਜ ਨੇ ਕਿਹਾ ਕਿ ਸਿਵਲ ਹਸਪਤਾਲ ਵਿਖੇ ਇਲਾਜ ਲਈ ਦੂਰੋਂ ਨੇੜਿਓਂ ਆਉਣ ਵਾਲੇ ਮਰੀਜ਼ਾਂ ਦੇ ਸਮੇਂ ਤੇ ਧਨ ਦੀ ਬੱਚਤ ਕਰਨ ਲਈ ਇਹ ਐਕਸ-ਰੇਅ ਮਸ਼ੀਨ ਲਾਹੇਵੰਦ ਸਾਬਤ ਹੋਵੇਗੀ ਕਿਉਂ ਕਿ ਸਰਕਾਰੀ ਤੌਰ 'ਤੇ ਐਕਸਰੇ ਲਈ ਬਹੁਤ ਹੀ ਵਾਜਬ ਦਰਾਂ ਰੱਖੀਆਂ ਜਾਂਦੀਆਂ ਹਨ। ਵਿਧਾਇਕਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਇੱਕ ਐਕਸਰੇ ਮਸ਼ੀਨ ਹਸਪਤਾਲ ਵਿਖੇ ਉਪਲਬਧ ਹੈ ਪਰ ਇਥੇ ਮਰੀਜ਼ਾਂ ਦੀ ਆਮਦ ਵਧੇਰੇ ਹੋਣ ਕਾਰਨ ਕਰੀਬ 12 ਲੱਖ ਰੁਪਏ ਦੀ ਲਾਗਤ ਵਾਲੀ ਇਹ ਡਿਜ਼ੀਟਲ ਐਕਸ-ਰੇਅ ਮਸ਼ੀਨ ਅੱਜ ਤੋਂ ਆਰੰਭ ਕਰਵਾ ਦਿੱਤੀ ਗਈ ਹੈ ਜਿਸ ਰਾਹੀਂ ਇੱਕੋ ਸਮੇਂ ਦੋ ਮਰੀਜ਼ਾਂ ਦਾ ਐਕਸ-ਰੇਅ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਸੰਗਰੂਰ ਅਧੀਨ ਆਉਂਦੇ ਸਰਕਾਰੀ ਸਿਹਤ ਸੰਸਥਾਨਾਂ ਦਾ ਉਹ ਸਮੇਂ ਸਮੇਂ 'ਤੇ ਨਿਰੀਖਣ ਕਰਦੇ ਰਹਿੰਦੇ ਹਨ ਤਾਂ ਜੋ ਨਿਰੰਤਰ ਸੁਧਾਰ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਇਲਾਜ ਸੁਵਿਧਾਵਾਂ ਹਾਸਲ ਕਰਨ ਆਉਂਦੇ ਲੋਕਾਂ ਤੋਂ ਵੀ ਉਹ ਲਗਾਤਾਰ ਫੀਡਬੈਕ ਲੈਂਦੇ ਰਹਿੰਦੇ ਹਨ ਤਾਂ ਜੋ ਕਮੀ ਸਾਹਮਣੇ ਆਉਣ ਦੀ ਸੂਰਤ ਵਿੱਚ ਲੋੜੀਂਦਾ ਸੁਧਾਰ ਕਰਵਾਇਆ ਜਾ ਸਕੇ। ਇਸ ਦੌਰਾਨ ਵਿਧਾਇਕਾ ਵਲੋਂ ਹਸਪਤਾਲ ਵਿਖੇ ਜੱਚਾ ਬੱਚਾ ਵਾਰਡ ਦਾ ਵੀ ਦੌਰਾ ਕੀਤਾ ਗਿਆ। ਇਸ ਮੌਕੇ ਐੱਸ.ਡੀ.ਐੱਮ ਨਵਰੀਤ ਕੌਰ ਸੇਖੋਂ, ਸਿਵਲ ਸਰਜਨ ਡਾ. ਪਰਮਿੰਦਰ ਕੌਰ, ਸੀਨੀਅਰ ਮੈਡੀਕਲ ਅਫ਼ਸਰ ਡਾ. ਕਿਰਪਾਲ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।