- ਕਿਹਾ, ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ
- ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਯੋਗਾ ਦਿਵਸ ਦੇ ਪ੍ਰਬੰਧਾਂ ਸਬੰਧੀ ਦਿੱਤੇ ਦਿਸਾਂ-ਨਿਰਦੇਸ਼
ਫ਼ਾਜ਼ਿਲਕਾ, 19 ਜੂਨ ; ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 21 ਜੂਨ 2023 ਨੂੰ ਨੌਵਾਂ ਅੰਤਰਰਾਸ਼ਟਰੀ ਯੋਗਾ ਦਿਵਸ' ਮਨਾਇਆ ਜਾਣਾ ਹੈ ਤੇ ਫਾਜ਼ਿਲਕਾ ਵਿਖੇ ਇਹ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗਾ ਦਿਵਸ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਸਵੇਰੇ 5:30 ਤੋਂ ਸਵੇਰੇ 7:00 ਵਜੇ ਤੱਕ ਮਨਾਇਆ ਜਾਵੇਗਾ। ਇਹ ਪ੍ਰਗਟਾਵਾ ਐੱਸ.ਡੀ.ਐੱਮ. ਫਾਜ਼ਿਲਕਾ ਸ੍ਰੀ. ਨਿਕਾਸ ਖੀਂਚੜ ਨੇ ਯੋਗਾ ਦਿਵਸ ਦੇ ਪ੍ਰਬੰਧਾਂ ਬਾਰੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਯੋਗ ਸੰਸਥਾਵਾਂ ਦੇ ਮੁਖੀਆਂ ਨਾਲ ਹੋਈ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਨੇ ਹਾਜ਼ਰ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਯੋਗ ਦਿਵਸ ਦੇ ਪ੍ਰਬੰਧਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਅਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮਾਗਮ ਵਾਲੀ ਥਾਂ ਅਤੇ ਆਲੇ-ਦੁਆਲੇ ਦੀ ਸਫ਼ਾਈ ਯਕੀਨੀ ਬਣਾਉਣ ਅਤੇ ਪਾਣੀ ਦਾ ਛਿੜਕਾਅ ਕਰਨ। ਉਨ੍ਹਾਂ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਸਮਾਗਮ ਵਿੱਚ ਪਹੁੰਚਣ ਵਾਲੇ ਲੋਕਾਂ ਲਈ ਪਾਣੀ ਆਦਿ ਦਾ ਪ੍ਰਬੰਧ ਕਰਨ। ਇਸ ਤੋਂ ਇਲਾਵਾ ਸਿਹਤ ਵਿਭਾਗ ਨੂੰ ਸਮਾਗਮ ਵਾਲੀ ਥਾਂ ਮੈਡੀਕਲ ਟੀਮ ਤਾਇਨਾਤ ਕਰਨ ਲਈ ਕਿਹਾ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਨਾਲ ਨਾਲ ਯੋਗ ਦੇ ਫਾਇਦਿਆਂ ਬਾਰੇ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਵਿਸ਼ਵ ਨੂੰ ਸਿਹਤਮੰਦ ਜੀਵਨ ਜਿਊਣ ਦਾ ਸੰਦੇਸ਼ ਦੇਣ ਲਈ ਹਰ ਸਾਲ ਇਸ ਦਿਨ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਅੰਤਰਰਾਸ਼ਟਰੀ ਯੋਗ ਦਿਵਸ ‘ਹਰ ਘਰ ਆਂਗਣ ਯੋਗ‘ ਥੀਮ ਤਹਿਤ ਮਨਾਇਆ ਜਾ ਰਿਹਾ ਹੈ। ਇਸ ਮੌਕੇ ਐੱਸ.ਪੀ. ਮੋਹਨ ਲਾਲ, ਤਹਿਸੀਲਦਾਰ ਸੁਖਦੇਵ ਕੁਮਾਰ, ਸੁਪਰਡੰਟ ਪ੍ਰਦੀਪ ਗੱਖੜ ਅਤੇ ਸਿਹਤ ਵਿਭਾਗ ਤੋਂ ਅਨਿਲ ਧਾਮੂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।