- ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ਹੀਦਾਂ ਦੇ ਪਰਿਵਾਰਾਂ ਨੂੰ ਕਦੇ ਵੀ ਕੋਈ ਮੁ਼ਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ
ਸਮਾਣਾ, 21 ਸਤੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਾਲ ਅਨੰਤਨਾਗ ਦੇ ਸ਼ਹੀਦ ਪ੍ਰਦੀਪ ਸਿੰਘ ਦੇ ਪਿੰਡ ਬੱਲਮਗੜ੍ਹ ਵਿਖੇ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਪੁੱਜੇ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪੀੜਤ ਪਰਿਵਾਰ ਨੂੰ ਦਿਲਾਸਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਜਦੋਂ ਕੋਈ ਵੀ ਜਵਾਨ ਸ਼ਹੀਦ ਹੁੰਦਾ ਹੈ ਤਾਂ ਇਸਦਾ ਇਕੱਲਾ ਪਰਿਵਾਰ ਨੂੰ ਹੀ ਘਾਟਾ ਨਹੀਂ ਪੈਂਦਾ ਸਗੋਂ ਸੂਬੇ ਤੇ ਦੇਸ਼ ਨੂੰ ਵੀ ਵੱਡਾ ਘਾਟਾ ਪੈਂਦਾ ਹੈ। ਜੌੜਾਮਾਜਰਾ ਨੇ ਕਿਹਾ ਕਿ ਸ਼ਹੀਦ ਪ੍ਰਦੀਪ ਸਿੰਘ ਉਨ੍ਹਾਂ ਦੇ ਹਲਕੇ ਦਾ ਹੀ ਨਹੀਂ ਪੰਜਾਬ ਅਤੇ ਦੇਸ਼ ਦਾ ਮਾਣ ਹੈ। ਉਨ੍ਹਾਂ ਨੇ ਸ਼ਹੀਦ ਦੀ ਪਤਨੀ ਸੀਮਾ ਰਾਣੀ, ਪਿਤਾ ਦਰਸ਼ਨ ਸਿੰਘ ਤੇ ਭਰਾ ਕੁਲਦੀਪ ਸਿੰਘ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਨ੍ਹਾਂ ਪਰਿਵਾਰਾਂ ਨੂੰ ਕਦੇ ਵੀ ਕੋਈ ਮੁ਼ਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ, ਮੁੱਖ ਮੰਤਰੀ ਦੇ ਸਪੈਸ਼ਲ ਪ੍ਰਿੰਸੀਪਲ ਸਕੱਤਰ ਕੁਮਾਰ ਅਮਿਤ, ਡਵੀਜਨਲ ਕਮਿਸ਼ਨਰ ਅਰੁਣ ਸ਼ੇਖੜੀ, ਏ.ਡੀ.ਜੀ.ਪੀ. ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਵਰੁਣ ਸ਼ਰਮਾ, ਐਸ.ਡੀ.ਐਮ ਚਰਨਜੀਤ ਸਿੰਘ ਤੇ ਹੋਰ ਪਤਵੰਤੇ ਵੀ ਮੌਜੂਦ ਸਨ।