ਲਾਸਾਨੀ ਸ਼ਹਾਦਤ ਨੂੰ ਸਮਰਪਿਤ 25 ਦਸੰਬਰ ਤੋਂ 27 ਦਸੰਬਰ ਤੱਕ ਸ਼ਹੀਦੀ ਸਭਾ ਆਯੋਜਿਤ ਕੀਤੀ ਜਾਵੇਗੀ।

ਫਤਹਿਗੜ੍ਹ ਸਾਹਿਬ, 08 ਨਵੰਬਰ 2024 : ਦਸਮਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 25 ਦਸੰਬਰ ਤੋਂ 27 ਦਸੰਬਰ ਤੱਕ ਸ਼ਹੀਦੀ ਸਭਾ ਆਯੋਜਿਤ ਕੀਤੀ ਜਾਵੇਗੀ। ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਸੰਗਤਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ  ਡਾਕਟਰ ਸੋਨਾ ਥਿੰਦ ਨੇ ਸ਼ਹੀਦੀ ਸਭਾ ਦੇ ਅਗੇਤੇ ਪ੍ਰਬੰਧਾਂ ਸਬੰਧੀ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ  ਕਰਦਿਆਂ ਕੀਤਾ । ਉਨ੍ਹਾਂ ਕਿਹਾ ਕਿ ਅਸੀਂ ਸਾਰੇ ਭਾਗਸ਼ਾਲੀ ਹਾਂ ਜੋ ਸਾਨੂੰ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੌਰਾਨ ਡਿਊਟੀ ਨਿਭਾਉਣ ਦਾ ਮੌਕਾ ਮਿਲ ਰਿਹਾ ਹੈ। ਇਸ ਨੂੰ ਸੇਵਾ ਸਮਝ ਕੇ ਪੂਰੀ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਈ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਰਧਾਲੂਆਂ ਲਈ ਆਰਜੀ ਪਖਾਨਿਆਂ ਅਤੇ ਬਜੁਰਗਾਂ, ਔਰਤਾਂ, ਬੱਚਿਆਂ ਅਤੇ ਦਿਵਿਆਂਗਜ਼ਨਾਂ ਲਈ ਮਿੰਨੀ ਬੱਸਾਂ ਤੋਂ ਇਲਾਵਾ ਈ. ਰਿਕਸ਼ਾ ਵੀ ਚਲਾਏ ਜਾਣਗੇ। ਇਸ ਤੋਂ ਇਲਾਵਾ ਵੱਖ-ਵੱਖ ਸਥਾਨਾਂ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਅਨੁਸਾਰ ਆਰਜੀ ਪਾਰਕਿੰਗ ਸਥਾਪਤ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲੋੜੀਂਦੀਆਂ ਐਂਬੂਲੈਸ, ਡਿਸਪੈਂਸਰੀਆਂ ਅਤੇ ਮੈਡੀਕਲ ਟੀਮਾਂ ਦਾ ਗਠਨ ਕੀਤਾ ਜਾਵੇਗਾ ਤਾਂ ਜੋ ਸੰਗਤਾਂ ਨੂੰ ਸਿਹਤ ਪੱਖੋਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਹ ਵੀ ਦੱਸਿਆ ਕਿ ਸ਼ਹੀਦੀ ਸਭਾ ਦੌਰਾਨ 6 ਪੁੱਛਗਿੱਛ ਕੇਂਦਰ ਵੀ ਸਥਾਪਤ ਕੀਤੇ ਜਾਣਗੇ ਇਨ੍ਹਾਂ ਕੇਂਦਰਾਂ ਤੇ 24 ਘੰਟੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਜਾਣਗੀਆਂ। ਡਾ. ਸੋਨਾ ਥਿੰਦ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੁੰ ਕਿਹਾ ਕਿ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਨੂੰ ਆਉਣ ਵਾਲੀਆਂ ਸਾਰੀਆਂ ਸੜਕਾਂ ਦੀ ਮੁਰੰਮਤ ਦਾ ਕੰਮ 7 ਦਸੰਬਰ ਤੱਕ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਆਉਣ ਵਾਲੀ ਸੰਗਤ ਨੂੰ ਆਵਾਜਾਈ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਾਰਜ ਸਾਧਕ ਅਫਸਰ ਨਗਰ ਕੌਂਸਲ ਸਰਹਿੰਦ ਨੂੰ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਇਲਾਕੇ ਦੇ ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਲੋੜ ਅਨੁਸਾਰ ਮੱਛਰ ਮਾਰਨ ਵਾਲੀ ਦਵਾਈ ਦਾ ਸਪਰੇਅ ਵੀ ਕਰਵਾਇਆ ਜਾਵੇ ਤਾਂ ਜੋ ਸ਼ਰਧਾਲੂਆਂ ਨੂੰ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸ਼ਹੀਦੀ ਸਭਾ ਤੋਂ ਪਹਿਲਾਂ-ਪਹਿਲਾਂ ਸਾਰੀਆਂ ਡਰੇਨਾਂ ਦੀ ਸਾਫ ਸਫਾਈ ਦਾ ਕੰਮ ਮੁਕੰਮਲ ਕੀਤਾ ਜਾਵੇ। ਡਾ. ਸੋਨਾ ਥਿੰਦ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹੀਦੀ ਸਭਾ ਦੇ ਪ੍ਰਬੰਧਾਂ ਦੇ ਮੱਦੇ ਨਜ਼ਰ ਦਸੰਬਰ ਮਹੀਨੇ ਦੌਰਾਨ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਛੁੱਟੀ ਨਹੀਂ ਲਵੇਗਾ ਅਤੇ ਨਾ ਹੀ ਆਪਣਾ ਸਥਾਨ ਛੱਡੇਗਾ। ਕਿਸੇ ਵੀ ਐਮਰਜੈਂਸੀ ਦੀ ਹਾਲਤ ਵਿੱਚ ਛੁੱਟੀ ਡਿਪਟੀ ਕਮਿਸ਼ਨਰ ਤੋਂ ਪ੍ਰਵਾਨ ਕਰਵਾਉਣੀ ਲਾਜ਼ਮੀ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਹੀਦੀ ਸਭਾ ਦੌਰਾਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਕਾਸ ਪ੍ਰਦਰਸ਼ਨੀ ਲਗਾਈ ਜਾਵੇਗੀ ਅਤੇ ਆਮ ਖਾਸ ਬਾਗ ਵਿਖੇ ਇਤਿਹਾਸਕ ਨਾਟਕ ਪੇਸ਼ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਤੋਂ ਹੀ ਕੀਰਤਨ ਦਾ ਪ੍ਰਸਾਰਨ ਹੋਵੇਗਾ। ਜਦੋਂ ਕਿ ਲੰਗਰਾਂ ਵਿੱਚ ਉਚੀ ਆਵਾਜ਼ 'ਚ ਸਪੀਕਰ ਚਲਾਉਣ 'ਤੇ ਮਨਾਹੀ ਹੋਵੇਗੀ। ਉਨ੍ਹਾਂ ਹੋਰ ਦੱਸਿਆ ਕਿ ਸ਼ਹੀਦੀ ਸਭਾ ਦੇ ਅੰਤਿਮ ਦਿਨ ਨਗਰ ਕੀਰਤਨ ਵਾਲੇ ਦਿਨ 27 ਦਸੰਬਰ ਨੂੰ ਸਥਾਨਕ ਛੁੱਟੀ ਹੋਵੇਗੀ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹੀਦੀ ਸਭਾ ਦੀ ਮਹੱਤਤਾ ਨੂੰ ਵੇਖਦੇ ਹੋਏ ਦਸੰਬਰ ਮਹੀਨੇ ਵਿੱਚ ਕੋਈ ਵੀ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਛੁੱਟੀ ਨਹੀਂ ਲਵੇਗਾ ਅਤੇ ਜੇਕਰ ਕੋਈ ਐੇਮਰਜੰਸੀ ਹੋਵੇਗੀ ਤਾਂ ਡਿਪਟੀ ਕਮਿਸ਼ਨਰ ਤੋਂ ਪ੍ਰਵਾਨ ਕਰਕੇ ਹੀ ਸਟੇਸ਼ਨ ਛੱਡਿਆ ਜਾ ਸਕਦਾ ਹੈ।