ਫਤਹਿਗੜ੍ਹ ਸਾਹਿਬ, 6 ਜੁਲਾਈ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਗਈ ਹਲਕਾ ਇੰਚਾਰਜਾਂ ਦੀ ਮੀਟਿੰਗ ਦੌਰਾਨ ਪੂਰੇ ਪੰਜਾਬ ਭਰ ਵਿੱਚ ਹਲਕਾ ਇੰਚਾਰਜਾਂ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜਨਤਾ ਨਾਲ ਕੀਤੇ ਵਾਅਦੇ ਯਾਦ ਕਰਵਾਉਣ ਅਤੇ ਲਾਗੂ ਕਰਵਾਉਣ ਲਈ ਪਿੰਡ-ਪਿੰਡ ਸ਼ਹਿਰ-ਸ਼ਹਿਰ ਘਰ-ਘਰ ਪਹੁੰਚ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ, ਤਾਂ ਜੋ ਆਮ ਆਦਮੀ ਪਾਰਟੀ ਦਾ ਦੋਗਲਾ ਚਿਹਰਾ ਨੰਗਾ ਕੀਤਾ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਤੇ ਪਾਰਟੀ ਦੇ ਜਰਨਲ ਸਕੱਤਰ ਜਗਦੀਪ ਸਿੰਘ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਜਥੇਦਾਰ ਚੀਮਾ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਵੱਡੇ ਵੱਡੇ ਵਾਅਦੇ ਕੀਤੇ ਗਏ ਸਨ ਪਰ ਹੁਣ ਇਸ ਸਰਕਾਰ ਦੇ ਸ਼ਾਸਨਕਾਲ ਦਾ ਐਨਾ ਸਮਾਂ ਗੁਜ਼ਰ ਜਾਣ ਦੇ ਬਾਵਜੂਦ ਵੀ ਕੇਵਲ ਪੰਜਾਬ ਦੀ ਜਨਤਾ ਨੂੰ ਗੁਮਰਾਹ ਕਰਨ ਵਿੱਚ ਹੀ ਲੰਘਾਇਆ ਜਾ ਰਿਹਾ ਹੈ, ਕਿਉਂਕਿ ਇਹ ਸਰਕਾਰ ਕਹਿਣੀ ਅਤੇ ਕਰਨੀ ਵਿਚ ਜ਼ਮੀਨ ਅਸਮਾਨ ਦਾ ਫਰਕ ਰੱਖਦੀ ਹੈ। ਜਥੇਦਾਰ ਚੀਮਾ ਨੇ ਕਿਹਾ ਕਿ ਆਪ ਸਰਕਾਰ ਨੇ ਸਮਾਜ ਦੇ ਹਰ ਵਰਗ ਨਾਲ ਧੋਖਾ ਕੀਤਾ ਹੈ, ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਦਾ ਇਹ ਮੁੱਢਲਾ ਫਰਜ਼ ਬਣਦਾ ਹੈ ਕਿ ਲੋਕਾਂ ਤੱਕ ਪਹੁੰਚ ਕੀਤੀ ਜਾਵੇ ਅਤੇ ਪੰਜਾਬ ਦੀ ਜਨਤਾ ਦੇ ਹੱਕਾਂ ਵਾਸਤੇ ਲੜਨ ਅਤੇ ਇਸ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸਾਰੇ ਵਾਅਦੇ ਪੂਰੇ ਕਰਨ ਵਾਸਤੇ ਮਜਬੂਰ ਕਰਨ ਲਈ ਸੰਘਰਸ਼ ਵਿੱਢਿਆ ਜਾਵੇਗਾ। ਜਥੇਦਾਰ ਚੀਮਾ ਨੇ ਕਿਹਾ ਕਿ ਅੱਜ ਪਾਰਟੀ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਹਲਕਾ ਇੰਚਾਰਜਾਂ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਵਿਚ ਸਮੁੱਚੇ ਹਲਕਾ ਇੰਚਾਰਜਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਤੋਂ ਵੱਖ ਵੱਖ ਮੁੱਦਿਆਂ ਤੇ ਵਿਚਾਰ ਵੀ ਲਏ ਗਏ ਅਤੇ ਪਾਰਟੀ ਪ੍ਰਧਾਨ ਵੱਲੋਂ ਤਜਵੀਜ਼ਸ਼ੁਦਾ ਸਾਂਝੇ ਸਿਵਲ ਕੋਡ (ਯੂ ਸੀ ਸੀ) ’ਤੇ ਵਿਚਾਰ ਵਟਾਂਦਰੇ ਲਈ ਅਤੇ ਕੇਸ ਤਿਆਰ ਕਰਕੇ ਕਾਨੂੰਨ ਕਮਿਸ਼ਨ ਨੂੰ ਸੌਂਪਣ ਵਾਸਤੇ ਸਬ ਕਮੇਟੀ ਦਾ ਗਠਨ ਕੀਤਾ, ਜਿਸ ਸਬੰਧੀ ਚਾਰ ਮੈਂਬਰੀ ਸਬ ਕਮੇਟੀ ਵਿਚ ਚਾਰ ਮੈਂਬਰੀ ਕਮੇਟੀ ਦਾ ਗਠਨ ਕਰਕੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਸਿਕੰਦਰ ਸਿੰਘ ਮਲੂਕਾ ਅਤੇ ਡਾ. ਦਲਜੀਤ ਸਿੰਘ ਚੀਮਾ ਨੂੰ ਸ਼ਾਮਲ ਕੀਤਾ ਗਿਆ ਹੈ ਤੇ ਇਹ ਚਾਰ ਮੈਂਬਰੀ ਕਮੇਟੀ ਸੰਵਿਧਾਨਕ ਮਾਹਿਰਾਂ, ਬੁੱਧੀਜੀਵੀਆਂ ਤੇ ਸਿੱਖ ਕੌਮ ਦੇ ਆਗੂਆਂ ਨਾਲ ਸਲਾਹ ਮਸ਼ਵਰਾ ਕਰੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਰਿਆ ਨੇ ਵੀ ਆਪਣੇ ਸੁਝਾਅ ਪਾਰਟੀ ਪ੍ਰਧਾਨ ਨੂੰ ਦਿੱਤੇ।