ਮਾਨਸਾ, 23 ਫਰਵਰੀ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਅੱਜ ਨਗਰ ਕੌਂਸਲ ਮਾਨਸਾ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਉਹ ਮਾਨਸਾ ਵਿੱਚ ਫਾਇਰ ਬ੍ਰਿਗੇਡ ਵਿਭਾਗ ਵਿੱਚ ਡਰਾਈਵਰ ਵਜੋਂ ਤਾਇਨਾਤ ਸਨ। ਉਨ੍ਹਾਂ ਨੇ ਬੀਤੇ ਦਿਨੀਂ ਮਾਨਸਾ ਦੇ ਕਾਰਜ ਸਾਧਕ ਅਫ਼ਸਰ ਨੂੰ ਸੇਵਾ ਮੁਕਤੀ ਲਈ ਪੱਤਰ ਲਿਖਿਆ ਸੀ, ਜੋ ਨਗਰ ਕੌਂਸਲ ਵੱਲੋਂ ਬੀਤੇ ਕੱਲ੍ਹ ਮਨਜ਼ੂਰ ਕਰ ਲਿਆ ਗਿਆ। ਮਾਨਸਾ ਨਗਰ ਕੌਂਸਲ ਦੇ ਮੌਜੂਦਾ ਕਾਰਜਸਾਧਕ ਅਫ਼ਸਰ ਵਿਪਨ ਕੁਮਾਰ ਅਗਰਵਾਲ ਨੇ ਦੱਸਿਆ ਕਿ ਮਾਨਸਾ ਨਗਰ ਕੌਂਸਲ ਦੀ ਮੀਟਿੰਗ ਦੌਰਾਨ ਫਾਇਰ ਬ੍ਰਿਗੇਡ ਵਿਭਾਗ ਵਿੱਚ ਬਤੌਰ ਡਰਾਈਵਰ ਤਾਇਨਾਤ ਬਲਕੌਰ ਸਿੰਘ ਨੇ ਸੇਵਾ ਮੁਕਤੀ ਲਈ ਮੰਗ ਪੱਤਰ ਦਿੱਤਾ ਸੀ। ਕੌਂਸਲ ਨੇ ਇਸ ਨੂੰ ਸਵੀਕਾਰ ਕਰ ਲਿਆ ਹੈ। ਦੱਸ ਦਈਏ ਕਿ ਫਾਇਰ ਬ੍ਰਿਗੇਡ ਵਿੱਚ ਭਰਤੀ ਹੋਣ ਤੋਂ ਪਹਿਲਾਂ ਬਲਕੌਰ ਸਿੰਘ ਸਿੱਧੂ ਫੌਜ ਵਿੱਚ ਵੀ ਆਪਣੀਆਂ ਸੇਵਾਂਵਾਂ ਨਿਭਾ ਚੁੱਕੇ ਹਨ। ਜਿਕਰਯੋਗ ਹੈ ਕਿ ਗਾਇਕ ਸਿੱਧੂ ਮੂਸੇਵਾਲਾ ਦਾ ਪਿਛਲੇ ਸਾਲ 29 ਮਈ ਨੂੰ ਗੈਂਗਸਟਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।