ਬਹਿਬਲ ਕਲਾਂ, 10 ਫਰਵਰੀ : ਇਨਸਾਫ਼ ਮੋਰਚੇ ਵਲੋਂ ਬਹਿਬਲ ਕਲਾਂ ਵਿਖੇ ਨੈਸ਼ਨਲ ਹਾਈਵੇਅ ਦਾ ਜਾਮ ਖੋਲ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਮੈਂ ਸੰਗਤ ਦਾ ਧੰਨਵਾਦ ਕਰਦਾਂ ਹਾਂ ਕਿ ਮੇਰੀ ਅਪੀਲ ਤੇ ਬਹਿਬਲ ਕਲਾਂ ਵਿਖੇ ਨੈਸ਼ਨਲ ਹਾਈਵੇਅ ਦਾ ਜਾਮ ਖੋਲ ਦਿੱਤਾ। ਬਹਿਬਲ ਅਤੇ ਕੋਟਕਪੂਰਾ ਮਾਮਲਿਆਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਵਚਨਬੱਧ ਹਾਂ। ਦੂਜੇ ਪਾਸੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਬਹਿਬਲ ਕਲਾਂ ਇਨਸਾਫ਼ ਮੋਰਚੇ ਵਿੱਚ ਸੁਖਰਾਜ ਸਿੰਘ ਨੂੰ ਮਿਲਣ ਪੁੱਜੇ ਸਨ, ਜਿਨ੍ਹਾਂ ਵਲੋਂ ਪਿਛਲੇ ਕਈ ਦਿਨਾਂ ਤੋਂ ਨੈਸ਼ਨਲ ਹਾਈਵੇਅ ਜਾਮ ਕੀਤਾ ਹੋਇਆ ਸੀ। ਇੱਥੇ ਉਨ੍ਹਾਂ ਸੁਖਰਾਜ ਸਿੰਘ ਤੇ ਹੋਰਨਾਂ ਨਾਲ ਮੀਟਿੰਗ ਕੀਤੀ। ਪ੍ਰਾਪਤ ਜਾਣਕਰੀ ਅਨੁਸਾਰ ਇਸ ਮੀਟਿੰਗ ਵਿੱਚ ਨੇੜਲੇ 15 ਪਿੰਡਾਂ ਦੇ ਸਰਪੰਚ ਵੀ ਹਾਜ਼ਰ ਸਨ। ਮੀਟਿੰਗ ਤੋਂ ਬਾਅਦ ਨੈਸ਼ਨਲ ਹਾਈਵੇਅ ਨੰਬਰ 54 ਨੂੰ ਖੋਲ੍ਹ ਦਿੱਤਾ ਗਿਆ ਹੈ। ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਅਪੀਲ ਤੋਂ ਸਿੱਖ ਜਥੇਬੰਦੀਆਂ ਨੇ ਨੈਸ਼ਨਲ ਹਾਈਵੇਅ (NH 54) ਦੀ ਇੱਕ ਲੇਨ ਖਾਲੀ ਕਰ ਦਿੱਤੀ ਹੈ ਤਾਂ ਜੋ ਰਾਹਗੀਰਾਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਕਿਹਾ ਕਿ ਸਰਕਾਰ ਬੇਅਦਬੀ ਕਰਨ ਵਾਲਿਆਂ ਅਤੇ ਗੋਲੀਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਵਚਨਬੱਧ ਹੈ, ਦੋਸ਼ੀਆਂ ਨੂੰ ਸਖਤ ਸਜ਼ਾ ਦਿੱਤੀ ਜਾਵੇਗੀ।