- ਏ.ਡੀ.ਆਰ. ਸੈਂਟਰ ਪਟਿਆਲਾ ਦਾ ਕੀਤਾ ਨਿਰੀਖਣ, ਪੈਨਲ ਐਡਵੋਕੇਟਸ ਅਤੇ ਰਿਟੇਨਰ ਐਡਵੋਕੇਟਸ ਨਾਲ ਮੀਟਿੰਗ
ਪਟਿਆਲਾ, 8 ਜੂਨ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਮਨਜਿੰਦਰ ਸਿੰਘ ਵੱਲੋਂ ਐਸ.ਓ.ਐਸ ਚਿਲਡਰਨਜ਼ ਵਿਲੇਜ਼, ਰਾਜਪੁਰਾ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ ਮਾਨੀ ਅਰੋੜਾ ਅਤੇ ਐਸ ਡੀ ਜੇ ਐਮ, ਰਾਜਪੁਰਾ ਹਿਰਦੇਜੀਤ ਸਿੰਘ ਵੀ ਹਾਜ਼ਰ ਸਨ। ਇਸ ਦੌਰਾਨ ਮੈਂਬਰ ਸਕੱਤਰ ਮਨਜਿੰਦਰ ਸਿੰਘ ਵੱਲੋਂ ਚਿਲਡਰਨ ਹੋਮਜ਼ ਵਿੱਚ ਰਹਿੰਦੇ ਬੱਚਿਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਗਿਆ। ਪ੍ਰਬੰਧਕਾਂ ਨੂੰ ਬੱਚਿਆਂ ਦੀ ਸਿਹਤ ਅਤੇ ਸਿੱਖਿਆ ਵੱਲ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕੀਤੀ ਅਤੇ ਇਸ ਦੇ ਨਾਲ ਹੀ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਜਾਣਕਾਰੀ ਪ੍ਰਾਪਤ ਕੀਤੀ ਗਈ। ਉਨ੍ਹਾਂ ਨੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਬੱਚਿਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਵਿਚ ਕਿਸੇ ਪ੍ਰਕਾਰ ਦੀ ਢਿੱਲ ਨਾ ਕੀਤੀ ਜਾਵੇ। ਇਸ ਮੌਕੇ ਉੱਥੇ ਦਾ ਸਾਰਾ ਸਟਾਫ਼ ਹਾਜ਼ਰ ਸੀ। ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਮਾਨੀ ਅਰੋੜਾ ਨੇ ਦੱਸਿਆ ਕਿ ਸਮੇਂ-ਸਮੇਂ ਤੇ ਬੱਚਿਆਂ ਦੇ ਅਜਿਹੇ ਦੇਖਭਾਲ ਸੈਂਟਰਾਂ ਦਾ ਨਿਰੀਖਣ ਕੀਤਾ ਜਾਂਦਾ ਹੈ ਤਾਂ ਜੋ ਅਨਾਥ ਤੇ ਬੇਸਹਾਰਾ ਬੱਚਿਆਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਤੇ ਅਜਿਹੇ ਉਪਰਾਲਿਆਂ ਚ ਕੋਈ ਕਮੀ ਜਾਂ ਬੇਨਿਯਮੀ ਨਾ ਹੋਵੇ। ਇਸ ਤੋਂ ਇਲਾਵਾ ਸ੍ਰੀ ਮਨਜਿੰਦਰ ਸਿੰਘ, ਮੈਂਬਰ ਸਕੱਤਰ, ਪੰਜਾਬ ਰਾਜ, ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਵੱਲੋਂ ਏ.ਡੀ.ਆਰ ਸੈਂਟਰ, ਜ਼ਿਲ੍ਹਾ ਕਚਹਿਰੀਆਂ ਪਟਿਆਲਾ ਦਾ ਦੌਰਾ ਵੀ ਕੀਤਾ ਗਿਆ । ਇਸ ਦੌਰਾਨ ਉਨ੍ਹਾਂ ਨੇ ਏ ਡੀ ਆਰ ਸੈਂਟਰ ਦਾ ਨਿਰੀਖਣ ਕੀਤਾ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੇ ਪੈਨਲ ਐਡਵੋਕੇਟਸ ਅਤੇ ਰਿਟੇਨਰ ਐਡਵੋਕੇਟਸ ਨਾਲ ਇਕ ਮੀਟਿੰਗ ਵੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਉਹਨਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ।