- ਖਿਡਾਰੀਆਂ ਦੀ ਕੀਤੀ ਹੌਸਲਾ ਅਫਜਾਈ, ਜਿੱਤਣ ਵਾਲੀ ਟੀਮ ਨੂੰ 21 ਹਜ਼ਾਰ ਰੁਪਏ ਅਖਤਿਆਰੀ ਕੋਟੇ ਵਿੱਚੋਂ ਦੇਣ ਦਾ ਕੀਤਾ ਐਲਾਨ
- ਪਿੰਡ ਵਿੱਚ 10 ਲੱਖ ਦੀ ਲਾਗਤ ਨਾਲ ਬਣਾਈ ਜਾਵੇਗੀ ਅਤਿ ਆਧੁਨਿਕ ਲਾਇਬ੍ਰੇਰੀ-ਸਪੀਕਰ ਸੰਧਵਾਂ
ਫਰੀਦਕੋਟ 30 ਸਤੰਬਰ : ਬਾਬਾ ਫੱਕਰ ਦਾਸ ਜੀ ਦੀ ਯਾਦ ਨੂੰ ਸਮਰਪਿਤ ਪਿੰਡ ਢੀਮਾਂਵਾਲੀ ਵਿਖੇ ਕਰਵਾਏ ਗਏ 3 ਦਿਨਾਂ 52ਵੇਂ ਸ਼ਾਨਦਾਰ ਕਬੱਡੀ ਕੱਪ ਦੇ ਆਖਰੀ ਦਿਨ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ਼ ਤੌਰ ਤੇ ਪੁੱਜ ਕੇ ਜਿੱਥੇ ਖਿਡਾਰੀਆਂ ਦੀ ਹੌਸਲਾ ਅਫਜਾਈ ਕੀਤੀ, ਉੱਥੇ ਜੇਤੂਆਂ ਨੂੰ ਆਪਣੇ ਅਖਤਿਆਰੀ ਕੋਟੇ ਵਿੱਚੋਂ 21 ਹਜ਼ਾਰ ਰੁਪਏ ਦੀ ਰਾਸ਼ੀ ਇਨਾਮ ਵਜੋਂ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਬੋਲਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜਿੱਥੇ ਨੋਜਵਾਨਾਂ ਅਤੇ ਬੱਚਿਆਂ ਲਈ ਖੇਡਾਂ ਵਤਨ ਪੰਜਾਬ ਦੀਆਂ ਕਰਵਾ ਕੇ ਉਨ੍ਹਾਂ ਵਿੱਚ ਖੇਡਾਂ ਪ੍ਰਤੀ ਦਿਲਚਸਪੀ ਵਧਾਈ ਜਾ ਰਹੀ ਹੈ, ਉੱਥੇ ਹੀ ਹੁਣ ਉਨ੍ਹਾਂ ਵੱਲੋਂ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਬਿਨਾਂ ਕਿਸੇ ਸਿਫਾਰਸ਼ ਦੇ ਨੌਕਰੀਆਂ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮੰਤਵ ਖੇਡਾਂ ਦੇ ਨਾਲ ਨਾਲ ਚੰਗੀ ਸਿੱਖਿਆ ਵੀ ਮੁਹੱਈਆ ਕਰਵਾਉਣਾ ਵੀ ਹੈ। ਇਸ ਲਈ ਵੀ ਸਰਕਾਰ ਵੱਲੋਂ ਵੱਡੀ ਪੱਧਰ ਤੇ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਪਿੰਡ ਵਿੱਚ 10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਅਤਿ ਆਧੁਨਿਕ ਲਾਇਬ੍ਰੇਰੀ ਬਣਾਉਣ ਦਾ ਵੀ ਐਲਾਨ ਕੀਤਾ ਤਾਂ ਜੋ ਨੋਜਵਾਨ ਖੇਡਾਂ ਦੇ ਨਾਲ ਨਾਲ ਉੱਚ ਸਿੱਖਿਆ ਵੀ ਪ੍ਰਾਪਤ ਕਰ ਸਕਣ। ਸਪੀਕਰ ਸ. ਸੰਧਵਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੀ ਨਜ਼ਰ ਵਿੱਚ ਕੋਈ ਨੋਜਵਾਨ ਨਸ਼ੇ ਕਰਦਾ ਆਉਂਦਾ ਹੈ ਤਾਂ ਉਸਨੂੰ ਪ੍ਰੇਰਣਾ ਦੇ ਕੇ ਖੇਡਾਂ ਪ੍ਰਤੀ ਉਤਸ਼ਹਿਤ ਕੀਤਾ ਜਾਵੇ ਅਤੇ ਉਸ ਨੂੰ ਇਲਾਜ ਕਰਵਾਉਣ ਲਈ ਉਤਸ਼ਹਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨੋਜਵਾਨ ਨਸ਼ਿਆਂ ਤੋਂ ਛੁਟਕਾਰਾ ਪਾਉਣ ਲਈ ਆਪਣਾ ਇਲਾਜ ਕਰਵਾਉਣਾ ਚਾਹੁੰਦਾ ਹੈ, ਪਰ ਉਸ ਦੀ ਆਰਥਿਕ ਸਥਿਤੀ ਠੀਕ ਨਹੀਂ ਹੈ ਤਾਂ, ਉਹ ਖੁਦ ਉਸ ਦਾ ਇਲਾਜ ਮੁਫਤ ਵਿੱਚ ਕਰਵਾਉਣਗੇ।