- ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ
ਫ਼ਰੀਦਕੋਟ, 11 ਜੁਲਾਈ : ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਪਾਣੀ ਦੀ ਨਿਰਵਿਘਨ ਨਿਕਾਸੀ ਦੇ ਮੱਦੇਨਜ਼ਰ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਤੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਜ਼ਿਲ੍ਹੇ ਵਿੱਚ ਡਰੇਨਾਂ ਦੀ ਚੱਲ ਰਹੀ ਸਫਾਈ ਦੇ ਕੰਮ ਦਾ ਜਾਇਜਾ ਲਿਆ। ਇਸ ਮੌਕੇ ਸਪੀਕਰ ਸੰਧਵਾਂ ਨੇ ਕਿਹਾ ਕਿ ਜ਼ਿਲੇ ਵਿਚ ਡਰੇਨਾਂ ਦੀ ਸਫਾਈ ਦਾ ਕੰਮ ਲਗਭਗ ਮੁਕੰਮਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਹੜ੍ਹਾਂ ਪ੍ਰਤੀ ਪੂਰੀ ਤਰ੍ਹਾਂ ਚੌਕਸ ਹਨ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫਵਾਹਾਂ ਤੋਂ ਸੁਚੇਤ ਰਹਿਣ ਤੇ ਪ੍ਰਸ਼ਾਸਨ ਦੀ ਮਦਦ ਕਰਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆਂ ਕਿ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ।ਹੜ੍ਹਾਂ ਦੇ ਹਾਲਾਤਾਂ ਨੂੰ ਕਾਬੂ ਹੇਠ ਰੱਖਣ ਲਈ ਜੋ ਵੀ ਸਮੱਗਰੀ ਦੀ ਜਰੂਰਤ ਹੈ ਉਹ ਉਪਲਬਧ ਹੈ।ਅਧਿਕਾਰੀਆਂ ਨੂੰ ਲੋਕਾਂ ਦੇ ਨਾਲ ਲਗਾਤਾਰ ਰਾਬਤੇ ਵਿੱਚ ਰਹਿਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਮੁੜ ਦੁਹਰਾਇਆ ਕਿ ਜਿਲ੍ਹੇ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਮੁੱਖ ਰੱਖਦਿਆਂ ਜਿਲ੍ਹੇ ਵਿੱਚ 24 ਘੰਟੇ ਹੜ੍ਹ ਕੰਟਰੋਲ ਰੂਮ ਚਾਲੂ ਹੈ, ਜਿਸ ਦਾ ਨੰਬਰ 01639-250338 ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮੋਬਾਇਲ ਨੰਬਰਾਂ 96464-80016 ਅਤੇ 90413-55996 ਤੇ ਕਿਸੇ ਵੀ ਸਮੇਂ ਪਾਣੀ ਦੇ ਪੱਧਰ ਦੇ ਵਾਧੇ ਦੀ ਫੋਟੋ ਅਤੇ ਸ਼ਿਕਾਇਤ ਵੱਟਸਅੱਪ ਕੀਤੀ ਜਾ ਸਕਦੀ ਹੈ।