ਫਰੀਦਕੋਟ, 30 ਜਨਵਰੀ : ਵਿਧਾਨ ਸਭਾ ਪੰਜਾਬ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਫਰੀਦਕੋਟ ਦੇ ਜਿਲ੍ਹਾ ਸਿਵਲ ਹਸਪਤਾਲ ਦਾ ਅਚਾਨਕ ਦੌਰਾ ਕਰਕੇ ਉਥੇ ਮਰੀਜਾਂ ਨੂੰ ਮਿਲ ਰਹੀਆਂ ਇਲਾਜ ਸਹੁਲਤਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਚੰਦਰ ਸ਼ੇਖਰ ਅਤੇ ਡਾ. ਵਿਸ਼ਵਦੀਪ ਗੋਇਲ ਵੀ ਹਾਜ਼ਰ ਸਨ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਸ ਮੌਕੇ ਹਸਪਤਾਲ ਦੇ ਵਾਰਡਾਂ ਦਾ ਦੌਰਾ ਕਰਕੇ ਇੱਥੇ ਭਰਤੀ ਮਰੀਜਾਂ ਦਾ ਹਾਲ ਚਾਲ ਜਾਣਿਆ ਅਤੇ ਉਨ੍ਹਾਂ ਨੂੰ ਮਿਲ ਰਹੀਆਂ ਇਲਾਜ ਸਹੁਲਤਾਂ ਦਾ ਜਾਇਜਾ ਲਿਆ। ਇਸ ਦੌਰਾਨ ਉਨ੍ਹਾਂ ਵਿਸੇਸ਼ ਤੌਰ ਤੇ ਹਸਪਤਾਲ ਵਿਚ ਸਫਾਈ ਵਿਵਸਥਾ ਵਿਚ ਹੋਰ ਸੁਧਾਰ ਕਰਨ ਲਈ ਕਿਹਾ। ਸੰਧਵਾਂ ਨੇ ਆਖਿਆ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਰਾਜ ਵਿਚ ਸਿਹਤ ਸਹੁਲਤਾਂ ਤੇ ਵਿਸੇਸ਼ ਤੱਵਜੋ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜਿੱਥੇ ਹਸਪਤਾਲਾਂ ਵਿਚ ਮਰੀਜਾਂ ਨੂੰ ਮਿਆਰੀ ਇਲਾਜ ਦੀ ਸਹੁਲਤ ਯਕੀਨੀ ਬਣਾਈ ਜਾ ਰਹੀ ਹੈ ਉਥੇ ਹੀ ਇਸ ਗਣਤੰਤਰ ਦਿਵਸ ਮੌਕੇ ਜਿ਼ਲ੍ਹੇ ਵਿਚ ਹੋਰ ਆਮ ਆਦਮੀ ਕਲੀਨਿਕ ਵੀ ਖੋਲ੍ਹੇ ਗਏ ਹਨ। ਇਸ ਮੌਕੇ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਵਿਭਾਗ ਦੇ ਵੱਖ ਵੱਖ ਪ੍ਰੋਗਰਾਮਾਂ ਨੂੰ ਤਨਦੇਹੀ ਨਾਲ ਲਾਗੂ ਕੀਤਾ ਜਾਵੇ। ਉਨਾਂ ਕਿਹਾ ਕਿ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਪੂਰੀ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਵਿੱਖ ਅੰਦਰ ਹੋਰ ਚੰਗੀਆਂ ਸਿਹਤ ਸੁਵਿਧਾਵਾਂ ਦੇਣ ਲਈ ਸਟਾਫ, ਲੋਂੜੀਦੀਆਂ ਦਵਾਈਆਂ ਆਦਿ ਦੀ ਮਰੀਜ਼ਾਂ ਨੂੰ ਕੋਈ ਘਾਟ ਨਹੀ ਰਹਿਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਭਵਿੱਖ ਅੰਦਰ ਵੀ ਇਸੇ ਤਰ੍ਹਾਂ ਸਿਵਲ ਹਸਪਤਾਲ ਦੀ ਚੈਕਿੰਗ ਜਾਰੀ ਰਹੇਗੀ। ਇਸ ਮੌਕੇ ਡਾਕਟਰਾਂ ਦੀ ਟੀਮ, ਪੈਰਾ ਮੈਡੀਕਲ ਸਟਾਫ਼ ਤੋਂ ਇਲਾਵਾ ਮਨਪ੍ਰੀਤ ਸਿੰਘ ਧਾਲੀਵਾਲ ਵੀ ਹਾਜ਼ਰ ਸਨ।