ਫ਼ਤਹਿਗੜ੍ਹ ਸਾਹਿਬ, 10 ਅਕਤੂਬਰ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 01-01-2024 ਦੀ ਯੋਗਤਾ ਦੇ ਆਧਾਰ ਤੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੌਰਾਨ ਵੱਧ ਤੋਂ ਵੱਧ ਨਾਗਰਿਕਾਂ ਦੀਆਂ ਵੋਟਾਂ ਬਣਾਉਣ ਲਈ ਬੂਥ ਪੱਧਰ ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪੋਲਿੰਗ ਬੂਥਾਂ ਤੇ 04-11-2023 (ਸ਼ਨੀਵਾਰ), 05.11.2023 (ਐਤਵਾਰ), 02.12.2023 (ਸ਼ਨੀਵਾਰ) ਅਤੇ ਮਿਤੀ 03.12.2023 (ਐਤਵਾਰ) ਵਾਲੇ ਦਿਨ ਸਾਰੇ ਬੂਥ ਲੈਵਲ ਅਫਸਰ ਸਵੇਰੇ 09:00 ਵਜੇ ਤੋਂ ਲੈ ਕੇ ਸ਼ਾਮ 05:00 ਵਜੇ ਤੱਕ ਪੋਲਿੰਗ ਬੂਥਾਂ ਤੇ ਬੈਠਣਗੇ ਅਤੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਕੀਤੇ ਜਾਣ ਵਾਲੇ ਕੰਮਾਂ ਨੂੰ ਨੇਪਰੇ ਚਾੜਨਗੇ। ਉਨ੍ਹਾਂ ਇਹ ਵੀ ਕਿਹਾ ਕਿ ਬੂਥ ਲੈਵਲ ਅਫਸਰ 18-19 ਸਾਲ ਉਮਰ ਦੇ ਨੌਜਵਾਨਾਂ ਦੀਆਂ ਵੋਟਾਂ ਬਣਾਉਣ ਲਈ ਵੀ ਫਾਰਮ ਲੈਣਗੇ ਤਾਂ ਜੋ ਜ਼ਿਲ੍ਹੇ ਦੇ ਸਾਰੇ ਯੋਗ ਨੌਜਵਾਨਾਂ ਦੀਆਂ ਵੋਟਾਂ ਬਣਾ ਕੇ ਉਨ੍ਹਾਂ ਦੀ ਸ਼ਮੂਲੀਅਤ ਨਾਲ ਲੋਕਤੰਤਰ ਨੂੰ ਹੋਰ ਮਜਬੂਤ ਬਣਾਇਆ ਜਾ ਸਕੇ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੌਰਾਨ 18-19 ਸਾਲ ਦੇ ਵੋਟਰਾਂ ਦੀ ਵੋਟ ਬਣਾਉਣ ਲਈ ਫਾਰਮ ਨੰ: 06, 19 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦੀ ਵੋਟ ਬਣਾਉਣ ਲਈ ਫਾਰਮ ਨੰ: 06-ਏ, ਵੋਟ ਕਟਵਾਉਣ ਜਾਂ ਰਿਹਾਇਸ਼ ਬਦਲਣ ਸਬੰਧੀ ਫਾਰਮ ਨੰ: 07, ਵੋਟਰ ਫੋਟੋ ਸ਼ਨਾਖਤੀ ਕਾਰਡ ਜਾਰੀ ਕਰਨ, ਦਿਵਿਆਂਗ ਵਜੋਂ ਵੋਟ ਬਣਵਾਉਣ ਅਤੇ ਕਿਸੇ ਤਰ੍ਹਾਂ ਦੀ ਸੋਧ ਕਰਵਾਉਣ ਲਈ ਫਾਰਮ ਨੰ: 8 ਭਰਿਆ ਜਾ ਸਕਦਾ ਹੈ।