- ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਦੇਖਭਾਲ ਵਿੱਚ ਸਮਾਜ ਸੇਵੀ ਸੰਸਥਾਵਾਂ ਦਾ ਅਹਿਮ ਯੋਗਦਾਨ
ਫਤਹਿਗੜ੍ਹ ਸਾਹਿਬ, 26 ਜੁਲਾਈ 2024 : ਸੀ.ਜੇ.ਐੱਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਦੀਪਤੀ ਗੋਇਲ ਨੇ ਅੰਡਰ ਟਰੇਨਿੰਗ ਨਿਆਂ ਅਧਿਕਾਰੀ ਮਿਸ ਸੰਦੀਪ ਕੌਰ ਦੇ ਨਾਲ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਫਤਹਿਪੁਰ ਅਰਾਈਆਂ ਵਿਖੇ ਸਥਿਤ ਸਪੈਸ਼ਲ ਬੱਚਿਆਂ ਲਈ ਸਮਾਜ ਸੇਵੀ ਸੰਸਥਾ ਵੱਲ੍ਹੋਂ ਚਲਾਏ ਜਾ ਰਹੇ ਕੇਅਰ ਸੈਂਟਰ ਦਾ ਵਿਸ਼ੇਸ਼ ਤੌਰ ਤੇ ਦੌਰਾ ਕੀਤਾ ਗਿਆ ਅਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਪ੍ਰਬੰਧਕਾਂ ਤੋਂ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਪ੍ਰਬੰਧਕਾਂ ਨੂੰ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਸਪੈਸ਼ਲ ਕੇਅਰ ਕਰਨਾ ਸਭਨਾ ਦੀ ਸਮੂਹਿਕ ਜ਼ਿੰਮੇਵਾਰੀ ਹੈ। ਸਕੱਤਰ ਨੇ ਪ੍ਰਬੰਧਕਾਂ ਨੂੰ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲ੍ਹੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਸਿਹਤ ਦੀ ਵਿਸ਼ੇਸ਼ ਜਾਂਚ ਵਾਸਤੇ ਸਿਹਤ ਵਿਭਾਗ ਵੱਲ੍ਹੋਂ ਲੋੜੀਂਦੀ ਸਹਾਇਤਾ ਦਿਵਾਈ ਜਾਵੇਗੀ। ਉਨ੍ਹਾਂ ਇਹ ਵੀ ਯਕੀਨ ਦਿਵਾਇਆ ਕਿ ਪ੍ਰਬੰਧਕ ਕਿਸੇ ਸਮੇਂ ਵੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫਤਰ ਵਿਖੇ ਸੰਪਰਕ ਕਰਕੇ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਲੈ ਸਕਦੇ ਹਨ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆਂ ਦੇ ਜਨਮ ਤੋਂ ਪਹਿਲਾਂ ਹੀ ਗਰਭਵਤੀ ਮਾਂਵਾ ਦੀ ਸਿਹਤ ਦਾ ਵਿਸ਼ੇਸ਼ ਖਿਆਲ ਰੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਸੰਤੁਲਿਤ ਖੁਰਾਕ ਦੇਣ ਦੇ ਨਾਲ-ਨਾਲ ਘਰ ਵਿੱਚ ਖੁਸ਼ਗਵਾਰ ਮਾਹੌਲ ਦੇਣਾ ਵੀ ਜ਼ਰੂਰੀ ਹੈ। ਅਜਿਹਾ ਕਰਨ ਨਾਲ ਹੀ ਸਮਾਜ ਵਿੱਚ ਤੰਦਰੁਸਤ ਬੱਚੇ ਪੈਦਾ ਹੋਣਗੇ। ਉਨ੍ਹਾਂ ਇਹ ਵੀ ਕਿਹਾ ਕਿ ਬੱਚੇ ਦੇ ਜਨਮ ਤੋਂ ਲੈ ਕੇ ਜਦੋਂ ਤੱਕ ਬੱਚਾ ਆਪਣੇ ਪੈਰਾਂ ਸਿਰ ਖੜ੍ਹਾ ਨਾ ਹੋ ਜਾਵੇ ਮਾਂ ਅਤੇ ਬੱਚੇ ਦੋਨਾਂ ਦੀ ਹੀ ਮਾਨਸਿਕ ਅਤੇ ਸਰੀਰਕ ਸਿਹਤ ਦਾ ਖਿਆਲ ਰੱਖਣਾ ਸਮੁੱਚੇ ਪਰਿਵਾਰ ਦੀ ਜ਼ਿੰਮੇਵਾਰੀ ਹੈ। ਇਸ ਮੌਕੇ ਰਿਮਟ ਯੂਨੀਵਰਸਿਟੀ ਅਤੇ ਦੇਸ਼ ਭਗਤ ਯੂਨੀਵਰਸਿਟੀ ਦੇ ਇੰਟਰਨਸ਼ਿਪ ਵਾਲੇ ਬੱਚੇ ਵੀ ਮੌਜੂਦ ਸਨ। ਸ਼੍ਰੀਮਤੀ ਦੀਪਤੀ ਗੋਇਲ ਨੇ ਸਮਾਜ ਸੇਵੀ ਸੰਸਥਾ ਨੂੰ ਯਕੀਨ ਦਿਵਾਇਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲ੍ਹੋਂ ਬੱਚਿਆਂ ਦੀ ਦੇਖਭਾਲ ਲਈ ਹਰ ਲੋੜੀਂਦੀ ਸਹਾਇਤਾ ਸਬੰਧਿਤ ਵਿਭਾਗਾਂ ਤੋਂ ਦਿਵਾਈ ਜਾਵੇਗੀ। ਉਨ੍ਹਾਂ ਆਖਿਆ ਕਿ ਜਿਹੜੀਆਂ ਸਮਾਜਸੇਵੀ ਸੰਸਥਾਵਾਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਦੇਖਭਾਲ ਲਈ ਵਿਸ਼ੇਸ਼ ਯੋਗਦਾਨ ਪਾ ਰਹੀਆਂ ਹਨ, ਉਨ੍ਹਾਂ ਦੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਸਮਾਜ ਦੇ ਹਰ ਵਰਗ ਨੂੰ ਇਨ੍ਹਾਂ ਸਪੈਸ਼ਲ ਬੱਚਿਆਂ ਦੀ ਸਹਾਇਤਾ ਲਈ ਅੱਗੇ ਆਉਣਾ ਚਾਹੀਦਾ ਹੈ, ਕਿਉਂਕਿ ਇਨ੍ਹਾਂ ਬੱਚਿਆਂ ਨੂੰ ਵੀ ਸਮਾਜ ਵਿੱਚ ਸਨਮਾਨਯੋਗ ਸਥਾਨ ਦਿਵਾਉਣ ਲਈ ਸਾਡਾ ਸਾਰਿਆਂ ਦਾ ਨੈਤਿਕ ਫਰਜ਼ ਬਣਦਾ ਹੈ।