ਸਵੱਛਤਾ ਹੀ ਸੇਵਾ ਮਿਸ਼ਨ ਹੇਠ 02 ਅਕਤੂਬਰ ਤੱਕ ਚਲਾਈ ਜਾਵੇਗੀ ਵਿਸ਼ੇਸ਼ ਸਫਾਈ ਮੁਹਿੰਮ : ਪਰਨੀਤ ਸ਼ੇਰਗਿੱਲ

  • ਜ਼ਿਲ੍ਹੇ ਦੇ ਪ੍ਰਮੁੱਖ  ਸਥਾਨਾਂ ਦੀ ਸਾਫ ਸਫਾਈ ਕਰਵਾ ਕੇ ਟੂਰਿਜ਼ਮ ਨੂੰ ਕੀਤਾ ਜਾਵੇਗਾ ਪ੍ਰਮੋਟ
  • ਸਫਾਈ ਮੁਹਿੰਮ ਵਿੱਚ ਨੌਜਵਾਨਾਂ ਤੇ ਸਕੂਲੀ ਬੱਚਿਆਂ ਦੀ ਸ਼ਮੂਲੀਅਤ ਕਰਵਾਈ ਜਾਵੇਗੀ ਯਕੀਨੀ
  • ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਵੱਛਤਾ ਹੀ ਸੇਵਾ ਮਿਸ਼ਨ ਦੀ ਕੀਤੀ ਸ਼ੁਰੂਆਤ

ਫ਼ਤਹਿਗੜ੍ਹ ਸਾਹਿਬ, 15 ਸਤੰਬਰ : ਮਨੁੱਖੀ ਜੀਵਨ ਵਿੱਚ ਸਫਾਈ ਦਾ ਬਹੁਤ ਵੱਡਾ ਮਹੱਤਵ ਹੈ ਅਤੇ ਇਸੇ ਨੂੰ ਮੁੱਖ ਰੱਖਦੇ ਹੋਏ 02 ਅਕਤੂਬਰ ਤੱਕ ਸਵੱਛਤਾ ਹੀ ਸੇਵਾ ਨਾਂਅ ਹੇਠ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ਦੀ ਸਾਫ ਸਫਾਈ ਕਰਵਾ ਕੇ ਜ਼ਿਲ੍ਹੇ ਨੂੰ ਸਾਫ ਸੁਥਰਾ ਤੇ ਖੂਬਸੂਰਤ ਬਣਾਇਆ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਵੱਛਤਾ ਹੀ ਸੇਵਾ ਮਿਸ਼ਨ ਦੀ ਸ਼ੁਰੂਆਤ ਕਰਨ ਮੌਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਵਿੱਚ ਨੌਜਵਾਨਾਂ ਤੇ ਸਕੂਲੀ ਬੱਚਿਆਂ ਨੂੰ ਸਾਫ ਸਫਾਈ ਲਈ ਜਾਗਰੂਕ ਕਰਕੇ ਉਨ੍ਹਾਂ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ ਤਾਂ ਜੋ ਉਹ ਆਪਣੇ ਮਾਪਿਆਂ, ਦੋਸਤਾਂ ਮਿਤਰਾਂ ਤੇ ਰਿਸ਼ਤੇਦਾਰਾਂ ਨੁੰ ਸਾਫ ਸਫਾਈ ਦਾ ਮਹੱਤਵ ਸਮਝਾ ਕੇ ਸਵੱਛਤਾ ਹੀ ਸੇਵਾ ਮਿਸ਼ਨ ਵਿੱਚ ਯੋਗਦਾਨ ਪਾ ਸਕਣ।  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਵੱਛਤਾ ਮੁਹਿੰਮ ਤਹਿਤ ਜ਼ਿਲ੍ਹੇ ਦੇ ਇਤਿਹਾਸਕ ਤੇ ਵਿਰਾਸਤੀ ਸਥਾਨਾਂ, ਬੱਸ ਸਟੈੱਡ, ਰੇਲਵੇ ਸਟੇਸ਼ਨ ਤੇ ਨੈਸ਼ਨਲ ਹਾਈਵੇਅ ਆਦਿ ਜਗ੍ਹਾਂਵਾਂ ਦੀ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਤਾਂ ਜੋ ਜ਼ਿਲ੍ਹੇ ਨੂੰ ਟੂਰਿਸਟ ਹੱਬ ਵਜੋਂ ਵਿਕਸਤ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਦੇ ਸ਼ਹਿਰੀ ਤੇ ਦਿਹਾਤੀ ਖੇਤਰ ਵਿੱਚ ਜਿਥੇ ਵੀ ਲੋਕ ਕੂੜਾ ਸੁੱਟਦੇ ਹਨ ਉਨ੍ਹਾਂ ਥਾਵਾਂ ਤੋਂ ਕੂੜਾ ਕਰਕਟ ਦੀ ਸਾਫ ਸਫਾਈ ਕਰਵਾ ਕੇ ਲੋਕਾਂ ਨੁੰ ਸਵੱਛਤਾ ਬਾਰੇ ਜਾਗਰੂਕ ਕੀਤਾ ਜਾਵੇਗਾ। ਸ਼ੇਰਗਿੱਲ ਨੇ ਇਹ ਦੱਸਿਆ ਕਿ 22 ਸਤੰਬਰ ਨੁੰ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਤੇ ਨਗਰ ਪੰਚਾਇਤ ਵਿੱਚ ਤਾਇਨਾਤ ਸਫਾਈ ਸੇਵਕਾਂ ਦੀ ਭਲਾਈ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਵਿਸ਼ੇਸ਼ ਕੈਂਪ ਲਗਾਏ ਜਾਣਗੇ ਤਾਂ ਜੋ ਸਫਾਈ ਸੇਵਕ ਉਨ੍ਹਾਂ ਸਕੀਮਾਂ ਤੋਂ ਲਾਭ ਲੈ ਸਕਣ। ਉਨ੍ਹਾਂ ਇਹ ਵੀ ਦੱਸਿਆ ਕਿ ਸਕੂਲੀ ਬੱਚਿਆਂ ਨੂੰ ਗਿੱਲਾ ਤੇ ਸੁੱਕਾ ਕੂੜਾ ਵੱਖ-ਵੱਖ ਕਰਨ ਵਾਲੇ ਸਥਾਨਾਂ ਦਾ ਦੌਰਾ ਵੀ ਕਰਵਾਇਆ ਜਾਵੇਗਾ ਤਾ ਜੋ ਉਹ ਆਪਣੇ ਘਰਾਂ ਵਿੱਚ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਕਰਨ ਬਾਰੇ ਜਾਗਰੂਕ ਹੋ ਸਕਣ।  ਡਿਪਟੀ ਕਮਿਸ਼ਨਰ ਨੇ ਸਮੂਹ ਕਾਰਜ ਸਾਧਕ ਅਫਸਰਾਂ ਨੂੰ ਕਿਹਾ ਕਿ ਸਵੱਛਤਾ ਹੀ ਸੇਵਾ ਮੁਹਿੰਮ ਵਿੱਚ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਲੋਕਾਂ ਦੇ ਚੁਣੇ ਨੁਮਾਇੰਦਿਆਂ ਦੀ ਸ਼ਮੂਲੀਅਤ ਕਰਵਾ ਕੇ ਉਨ੍ਹਾਂ ਦਾ ਸਹਿਯੋਗ ਲਿਆ ਜਾਵੇ ਅਤੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਸਵੱਛਤਾ ਮੁਹਿੰਮ ਨੂੰ ਸਫਲ ਬਣਾਉਣ ਲਈ ਆਪਣੇ ਫਰਜ਼ਾਂ ਦੀ ਪੂਰਤੀ ਕੀਤੀ ਜਾਵੇ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸਾਫ ਸਫਾਈ ਰੱਖਣ ਲਈ ਚਲਾਈ ਜਾ ਰਹੀ ਸਵੱਛਤਾ ਹੀ ਸੇਵਾ ਮੁਹਿੰਮ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਇਆ ਜਾਵੇ ਤਾਂ ਜੋ ਸਵੱਛਤਾ ਅਪਣਾ ਕੇ ਬਿਮਾਰੀਆਂ ਦਾ ਖਾਤਮਾ ਕੀਤਾ ਜਾ ਸਕੇ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸਾ ਸਿੰਗਲ, ਨਗਰ ਕੌਂਸਲ ਸਰਹਿੰਦ ਦੇ ਕਾਰਜ ਸਾਧਕ ਅਫਸਰ ਸ਼੍ਰੀ ਸੰਗੀਤ ਕੁਮਾਰ, ਨਗਰ ਕੌਂਸਲ ਅਮਲੋਹ ਦੇ ਕਾਰਜ ਸਾਧਕ ਅਫਸਰ ਸ਼੍ਰੀ ਬਲਜਿੰਦਰ ਸਿੰਘ, ਬਸੀ ਪਠਾਣਾ ਦੇ ਕਾਰਜ ਸਾਧਕ ਅਫਸਰ ਸ਼੍ਰੀ ਮਨਵੀਰ ਸਿੰਘ, ਮੰਡੀ ਗੋਬਿੰਦਗੜ੍ਹ ਦੇ ਕਾਰਜ ਸਾਧਕ ਕੇ.ਐਸ. ਬਰਾੜ, ਨਗਰ ਪੰਚਾਇਤ ਖਮਾਣੋਂ ਦੇ ਕਾਰਜ ਸਾਧਕ ਅਫਸਰ ਸ਼੍ਰੀ ਵਿਜੈ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।