ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਗਿਆ ਵਿਸ਼ੇਸ਼ ਸਮਾਗਮ

ਸ੍ਰੀ ਫ਼ਤਹਿਗੜ੍ਹ ਸਾਹਿਬ, 12 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫਤਿਹਗੜ੍ਹ ਸਾਹਿਬ ਦੇ ਗੁਰਦੁਆਰਾ ਸਾਹਿਬ ਹਾਲ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਕੀਰਤਨ ਅਤੇ ਗੁਰਮਤ ਵਿਚਾਰ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਾਈਸ ਚਾਂਸਲਰ ਪ੍ਰੋਫੈਸਰ ਪ੍ਰਿਤਪਾਲ ਸਿੰਘ ਨੇ ਆਖਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਅਤੇ ਬਾਣੀ ਵਿੱਚੋਂ ਮਨੁੱਖਤਾ ਲਈ ਵਡਮੁੱਲੀ ਸੇਧ ਪ੍ਰਾਪਤ ਹੁੰਦੀ ਹੈ। ਗੁਰੂ ਸਾਹਿਬ ਨੇ ਸ਼ਸਤਰ ਅਤੇ ਸ਼ਾਸਤਰ ਦਾ ਲਾਮਿਸਾਲ ਸੰਜੋਗ ਕਰਦਿਆਂ ਖਾਲਸਾ ਪੰਥ ਨੂੰ ਸਰਬ ਗੁਣ ਸੰਪੰਨ ਬਣਾਇਆ ਹੈ। ਉਹਨਾਂ ਆਖਿਆ ਕਿ ਗੁਰੂ ਸਾਹਿਬ ਦੀ ਸ਼ਖਸੀਅਤ ਬਾਣੀ ਅਤੇ ਇਤਿਹਾਸ ਦੇ ਵੱਖ ਵੱਖ ਪਹਿਲੋਂ ਉੱਤੇ ਵੱਡੇ ਪੱਧਰ ਤੇ ਖੋਜ ਅਤੇ ਪ੍ਰਕਾਸ਼ਨ ਦੀ ਜਰੂਰਤ ਹੈ। ਡੀਨ ਅਕਾਦਮਿਕ ਮਾਮਲੇ ਪ੍ਰੋਫੈਸਰ ਸੁਖਵਿੰਦਰ ਸਿੰਘ ਬਿਲਿੰਗ ਨੇ ਦੱਸਿਆ ਕਿ ਯੂਨੀਵਰਸਿਟੀ ਹਰ ਸਾਲ ਦਸਮ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਚੜਦੀ ਕਲਾ ਨਾਲ ਮਨਾਉਂਦਿਆਂ ਆਪਣੇ ਸਟਾਫ ਤੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀ ਸਿੱਖਿਆ ਨਾਲ ਜੋੜਨ ਦਾ ਉਪਰਾਲਾ ਕਰਦੀ ਹੈ। ਇਸ ਮੌਕੇ ਸੰਗੀਤ ਵਿਭਾਗ ਦੇ ਮੁਖੀ ਹਰਪ੍ਰੀਤ ਸਿੰਘ ਅਤੇ ਉਹਨਾਂ ਦੇ ਸਟਾਫ ਤੇ ਵਿਦਿਆਰਥੀਆਂ ਨੇ ਦਸਮ ਬਾਣੀ ਦੇ ਇਲਾਹੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੇ ਮੁੱਖ ਵਕਤਾ ਡਾ ਜਸਪਾਲ ਕੌਰ ਕਾਂਗ, ਪ੍ਰੋਫੈਸਰ ਸ੍ਰੀ ਗੁਰੂ ਗ੍ਰੰਥ ਸਾਹਿਬ ਧਰਮ ਅਧਿਅਨ ਵਿਭਾਗ ਨੇ ਆਖਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮਨੁੱਖਤਾ ਨੂੰ ਜਾਤ ਪਾਤ ਲਿੰਗ ਭੇਦ ਅਤੇ ਖੇਤਰੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਬਰਾਬਰਤਾ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਹੈ। ਸਮਾਗਮ ਦੇ ਅਖੀਰ ਵਿੱਚ ਡਾ ਸਿਕੰਦਰ ਸਿੰਘ, ਡੀਨ ਵਿਦਿਆਰਥੀ ਭਲਾਈ ਨੇ ਪਹੁੰਚੀ ਮਹਿਮਾਨ ਅਤੇ ਵਿਦਵਾਨ ਸੰਗਤ ਦਾ ਧੰਨਵਾਦ ਕੀਤਾ। ਸਟੇਜ ਸੰਚਾਲਨ ਦੀ ਜਿੰਮੇਵਾਰੀ ਡਾ ਹਰਦੇਵ ਸਿੰਘ ਮੁਖੀ ਸ੍ਰੀ ਗੁਰੂ ਗ੍ਰੰਥ ਸਾਹਿਬ ਧਰਮਦਿਆਂ ਨੂੰ ਵਿਭਾਗ ਨੇ ਨਿਭਾਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰੋਫੈਸਰ ਨਵਦੀਪ ਕੌਰ, ਡੀਨ ਰਿਸਰਚ, ਪ੍ਰੋਫੈਸਰ ਤੇਜਬੀਰ ਸਿੰਘ, ਰਜਿਸਟਰਾਰ, ਜਗਜੀਤ ਸਿੰਘ ਤੇ ਬਲਵਿੰਦਰ ਕੌਰ, ਡਿਪਟੀ ਰਜਿਸਟਰਾਰ, ਵੱਖ ਵੱਖ ਵਿਭਾਗਾਂ ਦੇ ਮੁਖੀ ਤੇ ਸਟਾਫ ਮੈਂਬਰ ਵਿਦਿਆਰਥੀਆਂ ਸਹਿਤ ਸ਼ਾਮਿਲ ਹੋਏ।