- ਕੈਬਿਨਟ ਮੰਤਰੀ ਦੇ ਯਤਨਾਂ ਸਦਕਾ ਤਰਜੀਹੀ ਅਧਾਰ 'ਤੇ ਹੋਵੇਗਾ ਸੜਕ ਦਾ ਨਿਰਮਾਣ ਕਾਰਜ: ਰਾਮ ਤੀਰਥ ਮੰਨਾ
ਬਰਨਾਲਾ, 11 ਜੁਲਾਈ : ਬਰਨਾਲਾ ਸ਼ਹਿਰ ਵਾਸੀਆਂ ਦੀ ਲੰਮਚਿਰੀ ਮੰਗ ਪੂਰੀ ਕਰਦਿਆਂ ਨਗਰ ਸੁਧਾਰ ਟਰੱਸਟ ਅਧੀਨ ਆਉਂਦੀ 25 ਏਕੜ ਵਾਲੀ ਸੜਕ ਲਈ ਵਿਸ਼ੇਸ਼ ਗ੍ਰਾਂਟ ਜਲਦ ਜਾਰੀ ਹੋਵੇਗੀ, ਜਿਸ ਨਾਲ ਸੜਕ ਦਾ ਨਿਰਮਾਣ ਕਾਰਜ ਛੇਤੀ ਸ਼ੁਰੂ ਕਰਵਾਇਆ ਜਾਵੇਗਾ। ਇਹ ਜਾਣਕਾਰੀ ਅੱਜ ਇਥੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਨਗਰ ਸੁਧਾਰ ਟਰੱਸਟ ਅਧੀਨ ਆਉਂਦੀ ਇਸ ਸੜਕ ਦੀ ਹਾਲਤ ਕਈ ਸਾਲਾਂ ਤੋਂ ਬੇਹੱਦ ਖਰਾਬ ਹੈ। ਪਿਛਲੀਆਂ ਸਰਕਾਰਾਂ ਨੇ ਭਾਵੇਂ ਇਸ ਪ੍ਰੋਜੈਕਟ ਵਿੱਚ ਕੋਈ ਰੁਚੀ ਨਹੀਂ ਦਿਖਾਈ ਪਰ ਜਦੋਂ ਤੋਂ ਸਰਕਾਰ ਬਣੀ ਹੈ, ਇਹ ਮਸਲਾ ਉਨ੍ਹਾਂ ਦੇ ਧਿਆਨ ਵਿੱਚ ਹੈ ਤੇ ਇਸ ਸੜਕ ਦੇ ਨਿਰਮਾਣ ਕਰਨ ਵਾਸਤੇ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹੁਣ ਇਹ ਸੜਕ ਬਣਨ ਦਾ ਰਾਹ ਪੱਧਰਾ ਹੋ ਗਿਆ ਹੈ ਤੇ ਇਸ ਸੜਕ ਵਾਸਤੇ ਆਉਂਦੇ ਦਿਨੀਂ ਵਿਸ਼ੇਸ਼ ਗ੍ਰਾਂਟ ਜਾਰੀ ਹੋ ਜਾਵੇਗੀ ਤੇ ਉਸ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਰਾਮ ਤੀਰਥ ਮੰਨਾ ਨੇ ਆਖਿਆ ਕਿ ਉਹ ਮੁੱਖ ਮੰਤਰੀ ਸ. ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਦੇ ਧੰਨਵਾਦੀ ਹਨ, ਉਹ ਜੋ ਕਹਿੰਦੇ ਹਨ, ਕਰਕੇ ਦਿਖਾਉਂਦੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਨਗਰ ਸੁਧਾਰ ਟਰੱਸਟ ਅਧੀਨ ਆਉਂਦੀ ਇਸ ਸੜਕ ਤੇ ਹੋਰ ਲੋਕ ਸਹੂਲਤਾਂ ਵੱਲ ਜਾਂ ਨਗਰ ਸੁਧਾਰ ਟਰੱਸਟ ਦੀ ਕਮਾਈ ਲੋਕ ਹਿਤ ਵਿੱਚ ਵਰਤਣ ਵੱਲ ਕਿਸੇ ਨੇ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਹੁਣ ਸੂਬੇ ਦੀ ਵਾਗਡੋਰ ਇਮਾਨਦਾਰ ਸਰਕਾਰ ਦੇ ਹੱਥਾਂ ਵਿੱਚ ਹੈ ਜਿਸ ਬਦੌਲਤ ਲੋਕ ਹਿਤ ਦੇ ਕਾਰਜ ਪਹਿਲ ਦੇ ਆਧਾਰ 'ਤੇ ਕਰਵਾਏ ਜਾ ਰਹੇ ਹਨ ਤੇ ਲੋਕਾਂ ਦਾ ਪੈਸਾ ਲੋਕਾਂ ਦੀਆਂ ਸਹੂਲਤਾਂ ਵਾਸਤੇ ਹੀ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਂਦੇ ਸਮੇਂ ਵੀ ਨਗਰ ਸੁਧਾਰ ਟਰੱਸਟ ਅਧੀਨ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਕਰਾਉਣ ਅਤੇ ਇਸ ਨੂੰ ਵਿੱਤੀ ਘਾਟੇ ਵਿਚੋਂ ਕੱਢਣ ਲਈ ਸਿਰਤੋੜ ਯਤਨ ਕੀਤੇ ਜਾਣਗੇ।