- ਵੋਟ ਬਣਵਾਉਣ, ਕਟਵਾਉਣ ਜਾਂ ਸੋਧ ਲਈ ਲੋੜੀਂਦਾ ਫਾਰਮ ਭਰ ਕੇ ਜਮ੍ਹਾਂ ਕਰਵਾਉਣ ਵੋਟਰ-ਪਰਮਵੀਰ ਸਿੰਘ
ਮਾਨਸਾ, 23 ਅਕਤੂਬਰ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਯੋਗਤਾ ਮਿਤੀ 01 ਜਨਵਰੀ 2023 ਦੇ ਆਧਾਰ ’ਤੇ ਫੋਟੋ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ 27 ਅਕਤੂਬਰ ਤੋਂ 09 ਦਸੰਬਰ, 2023 ਦੌਰਾਨ ਕੀਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਚੋਣ ਹਲਕਿਆਂ ਵਿਚ ਨਿਯੁਕਤ ਕੀਤੇ ਗਏ ਬੂਥ ਲੈਵਲ ਅਫ਼ਸਰਾਂ ਵੱਲੋਂ 04 ਨਵੰਬਰ ਦਿਨ ਸ਼ਨੀਵਾਰ, 05 ਨਵੰਬਰ ਦਿਨ ਐਤਵਾਰ, 02 ਦਸੰਬਰ ਦਿਨ ਸ਼ਨੀਵਾਰ ਅਤੇ 03 ਦਸੰਬਰ ਦਿਨ ਐਤਵਾਰ ਨੂੰ ਆਪਦੇ ਆਪਣੇ ਨਿਰਧਾਰਤ ਪੋਲਿੰਗ ਸਟੇਸ਼ਨਾਂ ’ਤੇ ਸਪੈਸ਼ਲ ਕੈਂਪ ਲਗਾਏ ਜਾਣੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਈ ਵੀ ਯੋਗ ਵਿਅਕਤੀ ਜਿਸ ਦੀ ਉਮਰ 01 ਜਨਵਰੀ, 2024 ਨੂੰ 18 ਸਾਲ ਪੂਰੀ ਹੋ ਜਾਂਦੀ ਹੈ ਅਤੇ ਉਸ ਦਾ ਨਾਮ ਭਾਰਤ ਦੇਸ਼ ਦੇ ਕਿਸੇ ਵੀ ਚੋਣ ਹਲਕੇ ਦੀ ਵੋਟਰ ਸੂਚੀ ਵਿਚ ਸ਼ਾਮਲ ਨਹੀਂ ਹੈ ਤਾਂ ਉਹ ਆਪਣਾ ਨਾਮ ਵੋਟਰ ਸੂਚੀ ਵਿਚ ਸ਼ਾਮਲ ਕਰਵਾਉਣ ਲਈ ਫਾਰਮ ਨੰਬਰ 6 ਭਰ ਕੇ ਬਤੌਰ ਵੋਟਰ ਰਜਿਸਟਰ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਨਵੀਂਆਂ ਹਦਾਇਤਾਂ ਅਨੁਸਾਰ ਹੁਣ ਸਾਲ 2024 ਵਿੱਚ ਪੈਂਦੀਆਂ ਕੁੱਲ ਚਾਰ ਤਿਮਾਹੀਆ ਯੋਗਤਾ ਮਿਤੀ 01 ਜਨਵਰੀ 2024 , 01 ਅਪ੍ਰੈਲ 2024, 01 ਜੁਲਾਈ 2024, ਅਤੇ 01 ਅਕਤੂਬਰ 2024 ਅਨੁਸਾਰ ਕਿਸੇ ਵੀ ਯੋਗਤਾ ਮਿਤੀ ਨੂੰ ਬਿਨੈਕਾਰ ਦੀ ਉਮਰ 18 ਸਾਲ ਪੂਰੀ ਹੋ ਜਾਂਦੀ ਹੈ ( ਭਾਵ ਜਿਸਦੀ ਉਮਰ ਮਿਤੀ 01 ਜਨਵਰੀ 2024 ਨੂੰ 18 ਸਾਲ ਦੀ ਪੂਰੀ ਨਹੀਂ ਹੁੰਦੀ , ਪਰੰਤੂ ਉਸਦੀ ਉਮਰ ਸਾਲ ਦੀ ਅਗਲੀ ਤਿੰਨ ਯੋਗਤਾ ਮਿਤੀ ਅਨੁਸਾਰ 18 ਸਾਲ ਪੂਰੀ ਹੋ ਜਾਂਦੀ ਹੈ ) ਤਾਂ ਅਜਿਹੇ ਬਿਨੈਕਾਰ ਆਪਣੀ ਵੋਟ ਬਣਵਾਉਣ ਲਈ ਐਡਵਾਂਸ ਵਿੱਚ ਫ਼ਾਰਮ ਨੰਬਰ 6 ਭਰਕੇ ਦੇ ਸਕਣਗੇ । ਮਿਤੀ 01.01.2024 ਦੇ ਆਧਾਰ ’ਤੇ 18 ਸਾਲ ਪੂਰੀ ਕਰਨ ਵਾਲੇ ਬਿਨੈ ਪੱਤਰਾਂ ਦਾ ਨਿਪਟਾਰਾ ਵਿਧਾਨ ਸਭਾ ਚੋਣ ਹਲਕੇ ਦੇ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਵੱਲੋਂ ਨਾਲ ਦੀ ਨਾਲ ਕਰ ਦਿੱਤਾ ਜਾਵੇਗਾ ਅਤੇ ਸਾਲ ਦੀਆ ਅਗਲੀਆਂ ਤਿੰਨ ਤਿਮਾਹੀਆ ਦੋਰਾਨ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਬਿਨੈ ਪੱਤਰਾਂ ਦਾ ਨਿਪਟਾਰਾ ਯੋਗਤਾ ਮਿਤੀ ਦੇ ਪਹਿਲੇ ਮਹੀਨੇ ਦੋਰਾਨ ਕੀਤਾ ਜਾਵੇਗਾ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਦੀ ਮੋਤ ਹੋ ਗਈ ਹੈ ਤਾਂ ਉਸਦੀ ਵੋਟ ਕਟਵਾਉਣ ਲਈ ਫਾਰਮ ਨੰਬਰ 7, ਵੋਟਰ ਸੂਚੀ ਜਾਂ ਵੋਟਰ ਸ਼ਨਾਖਤੀ ਕਾਰਡ ਵਿੱਚ ਦਰਜ ਵੇਰਵਿਆਂ ਦੀ ਦਰੂਸਤੀ ਅਤੇ ਇੱਕ ਪੋਲਿੰਗ ਏਰੀਏ ਤੋਂ ਦੂਜੇ ਪੋਲਿੰਗ ਏਰੀਏ ਵਿੱਚ ਸਿਫ਼ਟ ਕਰਕੇ ਨਵੇਂ ਪੋਲਿਗ ਏਰੀਏ ਵਿੱਚ ਆਪਣਾ ਨਾਮ ਰਜਿਸਟਰ ਕਰਵਾਉਣ ਅਤੇ ਆਪਣਾ ਡੁਪਲੀਕੇਟ ਵੋਟਰ ਸ਼ਨਾਖਤੀ ਕਾਰਡ ਬਣਵਾਉਣ ਲਈ ਫਾਰਮ ਨੰ: 8 ਭਰਕੇ ਸਬੰਧਤ ਪੋਲਿੰਗ ਸਟੇਸ਼ਨ ਦੇ ਬੂਥ ਲੇਵਲ ਅਫਸਰ, ਸਬੰਧਤ ਚੋਣਕਾਰ/ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਜਾਂ ਜਿਲ੍ਹਾ ਚੋਣ ਦਫਤਰ ਵਿੱਚ ਜਮ੍ਹਾਂ ਕਰਵਾਏ ਜਾ ਸਕਦੇ ਹਨ। ਇਸ ਤੋਂ ਇਲਾਵਾ ਇਹ ਸਾਰੇ ਫਾਰਮ ਆਨਲਾਈਨ ਵਿਧੀ ਰਾਹੀਂ ਭਾਰਤ ਚੋਣ ਕਮਿਸ਼ਨ ਦੇ ਪੋਰਟਲ ’ਤੇ https://voters.eci.gov.in/ ਜਾਂ VOTER HELPLINE Mobile App . ’ਤੇ ਲੋੜੀਂਦੇ ਦਸਤਾਵੇਜ਼ ਜਿਵੇਂ ਕਿ ਬਿਨੈਕਾਰ ਦੀ ਫੋਟੋ, ਉਮਰ ਅਤੇ ਪਤੇ ਦਾ ਸਬੂਤ ਅਪਲੋਡ ਕਰਕੇ ਆਪਣਾ ਦਾਅਵਾ ਜਾਂ ਇਤਰਾਜ਼ ਦੇ ਸਕਦੇ ਹਨ। ਉਨ੍ਰਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਮੌਜੂਦਾ ਵੋਟਰ ਸੂਚੀਆਂ ਨੂੰ ਸ਼ੁੱਧ ਅਤੇ ਤਰੁੱਟੀ ਰਹਿਤ ਕਰਨ ਦੇ ਮੰਤਵ ਨੂੰ ਪੂਰਾ ਕਰਨ ਲਈ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦਾ ਕੰਮ ਵੀ ਵਿਸ਼ੇਸ਼ ਤੌਰ ’ਤੇ ਜਾਰੀ ਹੈ। ਚੋਣ ਹਲਕੇ ਦੇ ਬੂਥ ਲੈਵਲ ਅਫ਼ਸਰਾਂ ਵੱਲੋਂ ਵੋਟਰਾਂ ਪਾਸੋਂ ਫਾਰਮ ਨੰਬਰ 6-ਬੀ ਭਰ ਕੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਵੋਟਰ ਵੱਲੋਂ ਸਵੈਇੱਛਾ ਅਨੁਸਾਰ ਹੀ ਆਪਣੇ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਵੱਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਦਾ ਫਾਇਦਾ ਉਠਾਉਣ ਅਤੇ ਵੋਟਰ ਸੂਚੀਆਂ ਵਿਚ ਆਪਣਾ ਨਾਮ ਸ਼ਾਮਲ ਕਰਵਾਉਣ, ਕਟਵਾਉਣ ਜਾਂ ਕਿਸੇ ਤਰ੍ਹਾਂ ਦੀ ਸੋਧ ਕਰਵਾਉਣ ਲਈ ਸਬੰਧਤ ਫਾਰਮ ਭਰ ਕੇ ਜ਼ਰੂਰ ਜਮ੍ਹਾਂ ਕਰਵਾਉਣ ਤਾਂ ਜੋ ਭਾਰਤ ਚੋਣ ਕਮਿਸ਼ਨ ਵੱਲੋਂ ਮਿਥੇ ਗਏ ਟੀਚੇ ਕਿ ਕੋਈ ਵੀ ਨਾਗਰਿਕ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ ਨੂੰ ਪੂਰਾ ਕੀਤਾ ਜਾ ਸਕੇ।