
ਸ੍ਰੀ ਫ਼ਤਹਿਗੜ੍ਹ ਸਾਹਿਬ, 29 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਸ੍ਰੀ ਫਤਿਹਗੜ੍ਹ ਸਾਹਿਬ ਦੇ ਰਾਜਨੀਤਿਕ ਵਿਗਿਆਨ ਵਿਭਾਗ ਵੱਲੋਂ 'ਲੋਕਤੰਤਰ ਵਿੱਚ ਨੌਜਵਾਨਾਂ ਦੀ ਭੂਮਿਕਾ' ਵਿਸ਼ੇ 'ਤੇ ਭਾਸ਼ਣ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਲੋਕਤੰਤਰੀ ਸਿਧਾਂਤਾਂ ਬਾਰੇ ਅਤੇ ਨੌਜਵਾਨਾਂ ਦੀ ਭੂਮਿਕਾ 'ਤੇ ਵਿਚਾਰ ਪ੍ਰਗਟ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੁਕਾਬਲੇ ਵਿੱਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਨੌਜਵਾਨਾਂ ਦੀ ਭੂਮਿਕਾ, ਮੀਡੀਆ ਅਤੇ ਤਕਨਾਲੋਜੀ ਦਾ ਪ੍ਰਭਾਵ, ਜਨਤਾ ਦੇ ਹਿੱਤਾਂ, ਜਵਾਬਦੇਹੀ, ਸਮਾਨਤਾ ਨੂੰ ਉਤਸ਼ਾਹਿਤ ਕਰਨ, ਅਤੇ ਗਲੋਬਲਾਈਜੇਸ਼ਨ ਦੇ ਪ੍ਰਭਾਵ ਵਰਗੇ ਗੰਭੀਰ ਵਿਸ਼ਿਆਂ 'ਤੇ ਆਪਣੇ ਵਿਚਾਰ ਸਾਂਝੇ ਕੀਤੇ। ਵਿਭਾਗ ਇੰਚਾਰਜ ਰਮਨਦੀਪ ਕੌਰ ਨੇ ਵਿਦਿਆਰਥੀਆਂ ਨਾਲ ਸੰਵਾਦ ਕੀਤਾ ਅਤੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਨੌਜਵਾਨ ਪੀੜ੍ਹੀ ਲੋਕਤੰਤਰਕ ਢਾਂਚੇ ਨੂੰ ਮਜ਼ਬੂਤ ਬਣਾਉਣ ਵਿੱਚ ਕਿਵੇਂ ਸਹਾਇਕ ਸਾਬਤ ਹੋ ਸਕਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਕਿਵੇਂ ਉਹ ਸਮਾਜ ਵਿੱਚ ਸਰਗਰਮ ਅਤੇ ਸਕਾਰਾਤਮਕ ਯੋਗਦਾਨ ਪਾ ਸਕਦੇ ਹਨ । ਡੀਂਨ ਅਕਾਦਮਿਕ ਮਾਮਲੇ ਡਾ. ਸੁਖਵਿੰਦਰ ਸਿੰਘ ਬਿਲਿੰਗ ਨੇ ਵਿਦਿਆਰਥੀਆਂ ਦੇ ਵਿਚਾਰਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੀਆਂ ਕੋਸ਼ਿਸ਼ਾਂ ਨੂੰ ਸਰਾਹਿਆ। ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ. ਪ੍ਰਿਤ ਪਾਲ ਸਿੰਘ ਨੇ ਭਾਗੀਦਾਰਾਂ ਅਤੇ ਆਯੋਜਕਾਂ ਨੂੰ ਇਸ ਪ੍ਰੇਰਣਾਤਮਕ ਸਮਾਰੋਹ ਨੂੰ ਸਫਲਤਾਪੂਰਵਕ ਆਯੋਜਿਤ ਕਰਨ ਲਈ ਮੁਬਾਰਕਬਾਦ ਦਿੱਤੀ। ਉਨ੍ਹਾਂ ਜ਼ੋਰ ਦਿੱਤਾ ਕਿ ਇਸ ਤਰ੍ਹਾਂ ਦੇ ਮੰਚ ਭਵਿੱਖ ਦੇ ਆਗੂਆਂ ਦੀ ਪੈਦਾਵਾਰ ਵਿੱਚ ਸਹਾਇਕ ਹੁੰਦਿਆਂ ਹਨ ਅਤੇ ਨੌਜਵਾਨਾਂ ਵਿੱਚ ਲੋਕਤੰਤਰਕ ਸਿਧਾਂਤਾਂ ਨੂੰ ਮਜ਼ਬੂਤ ਬਣਾਉਣ ਵਿੱਚ ਯੋਗਦਾਨ ਪਾਉਂਦੇ ਹਨ। ਵਿਭਾਗ ਨੇ ਸਾਰੇ ਭਾਗੀਦਾਰਾਂ, ਅਧਿਆਪਕਾਂ ਦਾ ਇਸ ਸਮਾਰੋਹ ਨੂੰ ਸਫਲ ਬਣਾਉਣ ਲਈ ਧੰਨਵਾਦ ਪ੍ਰਗਟ ਕੀਤਾ।