ਜਲਾਲਾਬਾਦ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨਾਂ ਦੇ ਝੋਨੇ ਦੀ ਫ਼ਸਲ ਦਾ ਦਾਣਾ ਦਾਣਾ ਖਰੀਦਣ ਲਈ ਵਚਨਬੱਧ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਜਲਾਲਾਬਾਦ ਅਤੇ ਫਾਜ਼ਿਲਕਾ ਦੀ ਦਾਣਾ ਮੰਡੀ ਦਾ ਦੌਰਾ ਕਰਨ ਉਪਰੰਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੜੀ ਵਾਰ ਸੂਬੇ ਦੇ ਸਮੂਹ ਖਰੀਦ ਕੇਂਦਰਾਂ ਦਾ ਜਾਇਜਾ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ 20 ਜਿਲ੍ਹਿਆਂ ਦੀਆਂ ਮੰਡੀਆਂ ਵਿਚ ਖ਼ੁਦ ਜਾ ਕੇ ਜਾਇਜਾ ਲਿਆ ਹੈ ਤੇ ਹੁਣ ਜ਼ਿਲ੍ਹਾ ਫਾਜ਼ਿਲਕਾ ਵਿਖੇ ਪਹੁੰਚ ਕੀਤੀ ਗਈ। ਉਨ੍ਹਾਂ ਕਿਹਾ ਕਿ ਜਾਇਜਾ ਲੈਣ ਉਪਰੰਤ ਪਾਇਆ ਗਿਆ ਕਿ ਕਿਸਾਨ ਵੀਰ ਪੰਜਾਬ ਸਰਕਾਰ ਦੇ ਖਰੀਦ ਪ੍ਰਬੰਧਾਂ ਤੋਂ ਸੋ ਫੀਸਦੀ ਸੰਤੁਸ਼ਟ ਹਨ। ਇਸ ਮੌਕੇ ਉਨ੍ਹਾਂ ਨਾਲ ਫ਼ਾਜ਼ਿਲਕਾ ਵਿਧਾਇਕ ਸ੍ਰੀ ਨਰਿੰਦਰਪਾਲ ਸਿੰਘ ਸਵਨਾ, ਸੋਬੀਆ ਕੰਬੋਜ, ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ, ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਸਰੀਨ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ ਕਾਰਨ ਸੂਬੇ ਵਿੱਚ ਝੋਨੇ ਦੀ ਖ਼ਰੀਦ ਦਾ ਕੰਮ ਬਹੁਤ ਵਧੀਆ ਤਰੀਕੇ ਨਾਲ ਚੱਲ ਰਿਹਾ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਮੰਡੀਆਂ ਵਿੱਚ ਫ਼ਸਲ ਲੈ ਕੇ ਪਹੁੰਚੇ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਸੂਬਾ ਸਰਕਾਰ ਵੱਲੋਂ ਝੋਨੇ ਦੀ ਫ਼ਸਲ ਲਈ ਕੀਤੇ ਲੋੜੀਂਦੇ ਪ੍ਰਬੰਧਾਂ ਤੇ ਕਿਸਾਨਾਂ ਵੱਲੋਂ ਤਸੱਲੀ ਪ੍ਰਗਟ ਕੀਤੀ ਗਈ। ਉਨ੍ਹਾਂ ਕਿਹਾ ਕਿ ਬੀਤੀ ਸ਼ਾਮ ਤੱਕ ਜ਼ਿਲ੍ਹਾ ਫਾਜਿਲਕਾ ਦੀਆਂ ਮੰਡੀਆਂ ਵਿਚ 155885 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਸੀ ਜਿਸ ਵਿਚੋਂ 155594 ਮੀਟ੍ਰਿਕ ਟਨ ਝੋਨੇ ਦੀ ਖਰੀਦ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਫਸਲ ਦੀ ਖਰੀਦ ਦੇ ਨਾਲ-ਨਾਲ ਲਿਫਟਿੰਗ ਦੀ ਪ੍ਰਕਿਰਿਆ ਵੀ ਜੋਰਾ-ਸ਼ੋਰਾਂ ਨਾਲ ਜਾਰੀ ਹੈ। ਉਨ੍ਹਾ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ 215.34 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਸ਼੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਝੋਨੇ ਦੀ ਚੰਗੀ ਤਰ੍ਹਾਂ ਪੱਕੀ ਫ਼ਸਲ ਦੀ ਹੀ ਵਾਢੀ ਕੀਤੀ ਜਾਵੇ ਤਾਂ ਜੋ ਇਸ ’ਚ ਨਮੀਂ ਦੀ ਮਾਤਰਾ ਜ਼ਿਆਦਾ ਨਾ ਹੋਵੇ ਤੇ ਖ਼ਰੀਦ ਏਜੰਸੀਆਂ ਵੱਲੋਂ ਇਸਨੂੰ ਬਿਨਾਂ ਕਿਸੇ ਦੇਰੀ ਤੋਂ ਖ਼ਰੀਦਿਆ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਲਈ ਵੀ ਕਈ ਸਾਰਥਕ ਉਪਰਾਲੇ ਕੀਤੇ ਗਏ ਹਨ ਇਸ ਲਈ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ ਕੀਤਾ ਜਾਵੇ ਤੇ ਵਾਤਾਵਰਣ ਦੇ ਰਾਖੇ ਬਣਿਆ ਜਾਵੇ। ਇਸ ਮੌਕੇ ਐਸ.ਡੀ.ਐਮ.ਜਲਾਲਾਬਾਦ ਸ੍ਰੀ ਰਵਿੰਦਰ ਅਰੋੜਾ, ਐੱਸਡੀਐੱਮ ਫ਼ਾਜ਼ਿਲਕਾ ਸ੍ਰੀ ਨਿਕਾਸ ਖੀਚੜ, ਆਪ ਆਗੂ ਅਰੁਨ ਵਧਵਾ, ਮਨਜੋਤ ਖੇੜਾ, ਡੀ.ਐਫ.ਐਸ.ਸੀ. ਸ੍ਰੀ ਹਿਮਾਂਸ਼ੂ ਕੁਕੜ. ਜਿਲਾ ਮੰਡੀ ਅਫਸਰ ਦਵਿੰਦਰ ਸਿੰਘ, ਸਕੱਤਰ ਮਾਰਕੀਟ ਕਮੇਟੀ ਬਲਜਿੰਦਰ ਸਿੰਘ, ਜਸਵਿੰਦਰ ਸਿੰਘ ਚਹਿਲ, ਡੀਪੀਆਰਓ ਗੁਰਦੀਪ ਸਿੰਘ, ਕਰਨ ਗਿਲਹੋਤਰਾ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।