- ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਨੇ ਖਿਡਾਰੀਆਂ ਅੰਦਰ ਨਵਾਂ ਜੋਸ਼ ਭਰਿਆ: ਡਿਪਟੀ ਕਮਿਸ਼ਨਰ
- ਖੇਡਾਂ ਵਤਨ ਪੰਜਾਬ ਦੀਆਂ ਦੇ ਰਾਜ ਪੱਧਰੀ ਫੈਨਸਿੰਗ ਮੁਕਾਬਲੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ਼ ਵਿਖੇ ਹੋਏ ਸ਼ੁਰੂ
- 17 ਤੋਂ 22 ਅਕਤੂਬਰ ਤੱਕ ਚੱਲਣ ਵਾਲੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਪੰਜਾਬ ਦੇ 1000 ਖਿਡਾਰੀ ਲੈ ਰਹੇ ਹਨ ਹਿੱਸਾ
- ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਤੇ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਨੇ ਰਾਜ ਪੱਧਰੀ ਖੇਡਾਂ ਦਾ ਕੀਤਾ ਉਦਘਾਟਨ
ਫ਼ਤਹਿਗੜ੍ਹ ਸਾਹਿਬ, 17 ਅਕਤੂਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਬਣਾਉਣ ਲਈ ਵੇਖੇ ਸੁਪਨੇ ਤਹਿਤ ਕਰਵਾਈਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਨੇ ਮੁੱਖ ਮੰਤਰੀ ਦੇ ਸੁਪਨੇ ਨੂੰ ਸਾਕਾਰ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਇਨ੍ਹਾਂ ਖੇਡਾਂ ਵਿੱਚ ਖਿਡਾਰੀਆਂ ਵੱਲੋਂ ਵਿਖਾਇਆ ਜਾ ਰਿਹਾ ਜੋਸ਼ ਬੇਮਿਸਾਲ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ਼ ਦੇ ਇਨਡੋਰ ਸਟੇਡੀਅਮ ਵਿਖੇ ਖੇਡਾਂ ਵਤਨ ਪੰਜਾਬ ਦੀਆਂ,ਸੀਜ਼ਨ 2 ਤਹਿਤ ਕਰਵਾਏ ਜਾ ਰਹੇ ਫੈਨਸਿੰਗ ਖੇਡਾਂ ਦੇ ਰਾਜ ਪੱਧਰੀ ਮੁਕਾਬਲਿਆਂ ਦਾ ਉਦਘਾਟਨ ਕਰਨ ਮੌਕੇ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਸਮਾਂ ਰੋਸ਼ਨ ਕਰਕੇ ਖੇਡਾਂ ਸ਼ੁਰੂ ਕਰਵਾਈਆਂ। ਵਿਧਾਇਕ ਨੇ ਕਿਹਾ ਕਿ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਬਣਾਈ ਗਈ ਨੀਤੀ ਅਨੁਸਾਰ ਇਹ ਪਹਿਲੀ ਵਾਰ ਹੋਇਆ ਹੈ ਕਿ ਏਸ਼ੀਅਨ ਖੇਡਾਂ ਵਿੱਚ ਪੰਜਾਬ ਦੇ ਵੱਡੀ ਗਿਣਤੀ ਖਿਡਾਰੀਆਂ ਨੇ ਮੈਡਲ ਹਾਸਲ ਕਰਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਇੱਕ ਅਜਿਹਾ ਸਾਧਨ ਹਨ ਜਿਨ੍ਹਾਂ ਨਾਲ ਜੁੜ ਕੇ ਨੌਜਵਾਨ ਸਮਾਜਿਕ ਕੁਰੀਤੀਆਂ ਤੋਂ ਦੂਰ ਰਹਿ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਬੇਰੋਜ਼ਗਾਰੀ ਖਤਮ ਕਰਨ ਲਈ ਜੋ ਉਪਰਾਲੇ ਕੀਤੇ ਹਨ ਉਹ ਕਿਸੇ ਸਰਕਾਰ ਨੇ ਨਹੀਂ ਕੀਤੇ ਅਤੇ ਹੁਣ ਤੱਕ 37000 ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਕ ਇੱਕ ਨਵਾਂ ਇਤਿਹਾਸ ਸਿਰਜਿਆ ਗਿਆ ਹੈ। ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਨਾਲ ਨੌਜਵਾਨਾਂ ਅੰਦਰ ਇੱਕ ਨਵਾਂ ਜੋਸ਼ ਭਰਿਆ ਗਿਆ ਹੈ ਅਤੇ ਇਨ੍ਹਾਂ ਖੇਡਾਂ ਵਿੱਚ ਖਿਡਾਰੀ ਜਿਸ ਉਤਸ਼ਾਹ ਨਾਲ ਭਾਗ ਲੈ ਰਹੇ ਹਨ ਉਸ ਤੋਂ ਸਪਸ਼ਟ ਹੈ ਕਿ ਆਉਣ ਵਾਲੇ ਸਮੇਂ ਅੰਦਰ ਪੰਜਾਬ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਜ ਪੱਧਰੀ ਫੈਨਸਿੰਗ ਮੁਕਾਬਲਿਆਂ ਤਹਿਤ17,18 ਤੇ 19 ਅਕਤੂਬਰ ਨੂੰ ਲੜਕੀਆਂ ਦੇ 14 ਸਾਲ ਉਮਰ ਵਰਗ, 17 ਸਾਲ ਉਮਰ ਵਰਗ, 21 ਸਾਲ ਉਮਰ ਵਰਗ, 21-30 ਸਾਲ ਉਮਰ ਵਰਗ ਤੇ 31-40 ਸਾਲ ਉਮਰ ਵਰਗ ਦੇ ਮੁਕਾਬਲੇ ਕਰਵਾਏ ਜਾਣਗੇ ਅਤੇ ਇਸੇ ਤਰ੍ਹਾਂ 20,21 ਤੇ 22 ਅਕਤੂਬਰ ਨੁੰ ਲੜਕਿਆਂ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਰਾਜ ਪੱਧਰੀ ਖੇਡਾਂ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੇ 1000 ਤੋਂ ਵੱਧ ਖਿਡਾਰੀ ਹਿੱਸਾ ਲੈ ਰਹੇ ਹਨ। ਉਨ੍ਹਾਂ ਹੋਰ ਦੱਸਿਆ ਕਿ ਰਾਜ ਪੱਧਰੀ ਫੈਨਸਿੰਗ ਮੁਕਬਲਿਆਂ ਦੇ ਜੇਤੂਆਂ ਨੂੰ 10,000/-ਰੁਪਏ, ਦੂਜੇ ਨੰਬਰ ਤੇ ਰਹਿਣ ਵਾਲੇ ਖਿਡਾਰੀਆਂ ਨੂੰ 7000 ਹਜ਼ਾਰ ਰੁਪਏ ਤੇ ਤੀਜੇ ਨੰਬਰ ਤੇ ਰਹਿਣ ਵਾਲੇ ਖਿਡਾਰੀਆਂ ਨੂੰ 5000/- ਰੁਪਏ ਦਾ ਨਗਦ ਇਨਾਮ ਦਿੱਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਸ਼੍ਰੀ ਕੁਲਦੀਪ ਚੁੱਘ ਨੇ ਖਿਡਾਰੀਆਂ ਨੂੰ ਅਨੁਸ਼ਾਸ਼ਨ ਵਿੱਚ ਰਹਿ ਕੇ ਆਪਣੀ ਖੇਡ ਪ੍ਰਤਿਭਾ ਦੇ ਜੋਹਰ ਵਿਖਾਉਣ ਦੀ ਅਪੀਲ ਕੀਤੀ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਖੇਡਾਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਭਾਗ ਲੈਣ। ਇਸ ਮੌਕੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਵਿਧਾਇਕ ਲਖਵੀਰ ਸਿੰਘ ਰਾਏ ਨੇ ਰਾਜ ਪੱਧਰੀ ਖੇਡਾਂ ਸ਼ੁਰੂ ਕਰਨ ਦਾ ਰਸਮੀ ਐਲਾਨ ਕੀਤਾ ਤੇ ਖਿਡਾਰੀਆਂ ਨੂੰ ਖੇਡ ਪ੍ਰਤਿਭਾ ਦਾ ਸ਼ਾਨਦਾਰ ਢੰਗ ਨਾਲ ਪ੍ਰਦਰਸ਼ਨ ਕਰਨ ਦੀ ਸਹੁੰ ਵੀ ਚੁਕਾਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ, ਅੰਡਰ ਟਰੇਨਿੰਗ ਪੀ.ਸੀ.ਐਸ. ਅਧਿਕਾਰੀ ਸ਼੍ਰੀਮਤੀ ਮਨਦੀਪ ਕੌਰ,ਖੇਡਾਂ ਵਤਨ ਪੰਜਾਬ ਦੀਆਂ ਦੇ ਨੋਡਲ ਅਫਸਰ ਸ਼੍ਰੀ ਰਾਹੁਲਦੀਪ ਸਿੰਘ, ਮੋਹਾਲੀ ਦੇ ਜ਼ਿਲ੍ਹਾ ਖੇਡ ਅਫਸਰ ਸ਼੍ਰੀਮਤੀ ਗੁਰਦੀਪ ਕੌਰ, ਮੈਡਮ ਰੂਪਪ੍ਰੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਖਿਡਾਰੀ, ਖੇਡ ਪ੍ਰੇਮੀ ਤੇ ਖੇਡ ਵਿਭਾਗ ਦੇ ਕੋਚ ਵੀ ਮੌਜੂਦ ਸਨ।