- ਮੁਹਿੰਮ ਦੌਰਾਨ 54 ਹਜ਼ਾਰ ਬੱਚਿਆਂ ਨੂੰ ਘਰ-ਘਰ ਜਾ ਕੇ ਦਿੱਤੇ ਜਾਣਗੇ ਓ.ਆਰ.ਐਸ. ਦੇ ਪੈਕਟ ਤੇ ਜਿੰਕ ਦੀਆਂ ਗੋਲੀਆਂ
- ਆਸ਼ਾ ਵਰਕਰਾਂ ਤੇ ਏ.ਐਨ.ਐਮਜ਼ ਰਾਹੀਂ ਤਿਆਰ ਕੀਤੇ ਜਾਣਗੇ ਓ.ਆਰ.ਐਸ. ਤੇ ਜਿੰਕ ਕਾਰਨਰ
- ਆਮ ਲੋਕਾਂ ਨੂੰ ਸਾਫ ਸਫਾਈ ਰੱਖਣ ਤੇ ਸਾਫ ਸੁਥਰਾ ਪਾਣੀ ਪੀਣ ਲਈ ਕੀਤਾ ਜਾਵੇਗਾ ਜਾਗਰੂਕ
- ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ "ਸਟਾਪ ਡਾਇਰੀਆ ਮੁਹਿੰਮ" ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਮੀਟਿੰਗ
ਫ਼ਤਹਿਗੜ੍ਹ ਸਾਹਿਬ, 28 ਜੂਨ 2024 : ਬਰਸਾਤਾਂ ਦੇ ਮੌਸਮ ਦੌਰਾਨ 0-5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਹੈਜੇ ਦੀ ਬਿਮਾਰੀ ਤੋਂ ਬਚਾਉਣ ਵਾਸਤੇ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ " ਸਟਾਪ ਡਾਇਰੀਆ " ਮੁਹਿੰਮ ਚਲਾਈ ਜਾ ਰਹੀ ਹੈ, ਇਸ ਮੁਹਿੰਮ ਦੌਰਾਨ ਲਗਭਗ 54,000 ਬੱਚਿਆਂ ਨੂੰ ਘਰ-ਘਰ ਜਾ ਕੇ 2 ਓ.ਆਰ.ਐਸ. ਦੇ ਪੈਕਟ ਵੰਡੇ ਜਾਣਗੇ ਤੇ 2 ਮਹੀਨੇ ਤੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਜਿੰਕ ਦੀਆਂ 14-14 ਗੋਲੀਆਂ ਦਿੱਤੀਆਂ ਜਾਣਗੀਆਂ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ " ਸਟਾਪ ਡਾਇਰੀਆ " ਮੁਹਿੰਮ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮੰਤਵ 0-5 ਸਾਲ ਤੱਕ ਦੇ ਬੱਚਿਆਂ ਦੀ ਡਾਇਰੀਆ ਕਾਰਨ ਹੋਣ ਵਾਲੀ ਮੌਤ ਦੀ ਦਰ ਨੂੰ ਘਟਾਉਣਾ ਹੈ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਕੂਲਾਂ ਵਿੱਚ ਬੱਚਿਆਂ ਨੂੰ ਇਸ ਮੁਹਿੰਮ ਸਬੰਧੀ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ ਜਾਵੇ ਅਤੇ ਬੱਚਿਆਂ ਨੂੰ ਪੀਣ ਵਾਲੇ ਸਾਫ ਸੁਥਰੇ ਪਾਣੀ ਦੀ ਮਹੱਤਤਾ ਅਤੇ ਸਾਫ ਸਫਾਈ ਰੱਖਣ ਸਬੰਧੀ ਜਾਣੂ ਕਰਵਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਸਕੂਲਾਂ ਵਿੱਚ ਪੀਣ ਵਾਲੇ ਪਾਣੀ ਦੀ ਟੈਸਟਿੰਗ ਕਰਵਾਈ ਜਾਵੇ ਅਤੇ ਸਕੂਲਾਂ ਦੇ ਪਖਾਨਿਆਂ ਦੇ ਆਲੇ ਦੁਆਲੇ ਸਾਫ ਸਫਾਈ ਰੱਖਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਹੋਰ ਕਿਹਾ ਕਿ ਜਲ ਸਪਲਾਈ ਸਕੀਮਾਂ ਤੇ ਸੀਵਰੇਜ ਦੇ ਗੈਰ ਕਾਨੁੰਨੀ ਕੁਨੈਕਸ਼ਨਾਂ ਦੀ ਵੀ ਚੈਕਿੰਗ ਕੀਤੀ ਜਾਵੇ ਅਤੇ ਜੇਕਰ ਅਜਿਹਾ ਪਾਇਆ ਜਾਂਦਾ ਹੈ ਤਾਂ ਉਨ੍ਹਾਂ ਕੁਨੈਕਸ਼ਨਾਂ ਨੂੰ ਤੁਰੰਤ ਬੰਦ ਕਰਵਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਆਂਗਨਵਾੜੀ ਵਰਕਰਾਂ ਰਾਹੀਂ ਲੋਕਾਂ ਨੂੰ ਡਾਇਰੀਆ ਦੀ ਰੋਕਥਾਮ ਸਬੰਧੀ ਜਾਣੂ ਕਰਵਾਇਆ ਜਾਵੇ ਅਤੇ ਆਂਗਨਵਾੜੀਆਂ ਵਿੱਚ ਆਉਣ ਵਾਲੇ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਜੇਕਰ ਕੋਈ ਬਿਮਾਰ ਜਾਂ ਕੁਪੋਸ਼ਿਤ ਬੱਚਾ ਆਉਦਾ ਹੈ ਤਾਂ ਉਸ ਦਾ ਵੀ ਵਿਸ਼ੇਸ਼ ਤੌਰ ਤੇ ਧਿਆਨ ਰੱਖਿਆ ਜਾਵੇ। ਉਨ੍ਹਾਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਿਕਾ ਕਿ ਆਂਗਨਵਾੜੀ ਸੈਂਟਰਾਂ, ਸਕੂਲਾਂ, ਹੈਲਥ ਕੇਅਰ ਫੈਸਲਿਟੀ, ਕਮਿਊਨਿਟੀ ਸੈਂਟਰਾਂ ਅਤੇ ਹੋਰ ਸਥਾਨਾਂ ਤੇ ਪੀਣ ਵਾਲੇ ਪਾਣੀ ਦੀ ਟੈਸਟਿੰਗ ਯਕੀਨੀ ਬਣਾਈ ਜਾਵੇ। ਸ਼੍ਰੀਮਤੀ ਸ਼ੇਰਗਿੱਲ ਨੇ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰੀ ਖੇਤਰ ਵਿੱਚ ਸਾਫ ਸਫਾੲ., ਪਾਣੀ ਲਈ ਸਾਫ ਸੁਥਰਾ ਪਾਣੀ ਸਬੰਧੀ ਸਥਾਨਕ ਲੋਕਾਂ, ਸੰਗਠਨਾਂ ਅਤੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵਿਸ਼ੇਸ਼ ਤੌਰ ਤੇ ਜਾਗਰੂਕ ਕੀਤਾ ਜਾਵੇ। ਉਨ੍ਹਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਮੁਹਿੰਮ ਵਿੱਚ ਸਿਹਤ ਵਿਭਾਗ ਦਾ ਪੂਰਨ ਸਹਿਯੋਗ ਕੀਤਾ ਜਾਵੇ ਅਤੇ ਪਿੰਡਾਂ ਵਿੱਚ ਸਰਪੰਚਾਂ ਤੇ ਪੰਚਾਂ ਨੂੰ ਸਾਫ ਸਫਾਈ ਰੱਖਣ ਤੇ ਸਾਫ ਸੁਥਰੇ ਪਾਣੀ ਵਾਲੇ ਪਾਣੀ ਲਈ ਪ੍ਰੇਰਿਤ ਕੀਤਾ ਜਾਵੇ। ਮੀਟਿੰਗ ਵਿੱਚ ਐਸ.ਡੀ.ਐਮ. ਬਸੀ ਪਠਾਣਾ ਸ਼੍ਰੀ ਸੰਜੀਵ ਕੁਮਾਰ, ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ, ਜ਼ਿਲ੍ਹਾ ਟੀਕਾਕਰਨ ਅਫਸਰ ਡਾ: ਰਾਜੇਸ਼ ਕੁਮਾਰ, ਪ੍ਰੋਗਰਾਮ ਮੈਨੇਜਰ ਸ਼੍ਰੀਮਤੀ ਕਸ਼ਿਤਜ ਸੀਮਾ ਤੋਂ ਇਲਾਵਾ ਸਮੂਹ ਐਸ.ਐਮ.ਓਜ਼ ਤੇ ਹੋਰਨਾ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।