ਪਰਾਲੀ ਪ੍ਰਬੰਧਨ ਮੁਹਿੰਮ ਜਾਰੀ, ਛੁੱਟੀ ਵਾਲੇ ਦਿਨ ਵੀ ਪਿੰਡਾਂ ਵਿੱਚ ਅਧਿਕਾਰੀ

  • ਕਿਸਾਨਾਂ ਅਤੇ ਪਿੰਡ ਪੱਧਰੀ ਟੀਮਾਂ ਨਾਲ ਮੀਟਿੰਗਾਂ ਕਰਕੇ ਕੀਤਾ ਜਾਗਰੂਕ

ਬਰਨਾਲਾ, 20 ਅਕਤੂਬਰ 2024 : ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਪਿੰਡਾਂ ਵਿਚ ਪਰਾਲੀ ਪ੍ਰਬੰਧਨ ਮੁਹਿੰਮ ਵਿਆਪਕ ਪੱਧਰ 'ਤੇ ਜਾਰੀ ਹੈ। ਇਸ ਮੁਹਿੰਮ ਤਹਿਤ ਜਿੱਥੇ ਡਿਪਟੀ ਕਮਿਸ਼ਨਰ ਵਲੋਂ ਖੁਦ ਰੋਜ਼ਾਨਾ ਪੱਧਰ 'ਤੇ ਪਿੰਡ ਪੱਧਰੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਓਥੇ ਮੁਹਿੰਮ 'ਚ ਤਾਇਨਾਤ ਅਧਿਕਾਰੀਆਂ ਵਲੋਂ ਪਿੰਡਾਂ ਦੇ ਦੌਰੇ ਕਰਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਤਹਿਤ ਸ਼ਨੀਵਾਰ ਅਤੇ ਐਤਵਾਰ ਛੁੱਟੀ ਵਾਲੇ ਦਿਨਾਂ ਵਿੱਚ ਵੀ ਅਧਿਕਾਰੀਆਂ ਵਲੋਂ ਪਿੰਡਾਂ ਵਿਚ ਜਾ ਕੇ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਇਸ ਤਹਿਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਸਤਵੰਤ ਸਿੰਘ ਵਲੋਂ ਕੋਠੇ ਗੋਬਿੰਦਪੁਰਾ ਧਨੌਲਾ ਵਿਖੇ ਅੱਜ ਮੀਟਿੰਗਾਂ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਉੱਦਮੀ ਕਿਸਾਨਾਂ ਨੂੰ ਖੇਤੀ ਮਸ਼ੀਨਾਂ ਸਬਸਿਡੀ ‘ਤੇ ਮੁਹੱਈਆ ਕਰਵਾਈਆਂ ਗਈਆਂ ਹਨ ਤਾਂ ਜੋ ਵੱਧ ਤੋਂ ਵੱਧ ਰਕਬੇ ‘ਤੇ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਦਿਆਂ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਉਣਾ ਸਮੇਂ ਦੀ ਅਹਿਮ ਲੋੜ ਹੈ ਜਿਸ ਵਿੱਚ ਕਿਸਾਨ ਵੀਰਾਂ ਦੇ ਸਰਗਰਮ ਯੋਗਦਾਨ ਦੀ ਜ਼ਰੂਰਤ ਹੈ। ਇਸ ਤੋਂ ਇਲਾਵਾ ਮਾਲ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਖੇਤੀਬਾੜੀ ਵਿਭਾਗ, ਸਹਿਕਾਰਤਾ ਵਿਭਾਗ ਦੇ ਮੁਲਾਜ਼ਮ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨ ਤੋਂ ਬਚਣ ਲਈ ਪਰਾਲੀ ਪ੍ਰਬੰਧਨ ਦੇ ਤਰੀਕਿਆਂ ਬਾਰੇ ਜਾਣਕਾਰੀ ਦੇਣ ਵਿੱਚ ਜੁਟੇ ਹੋਏ ਹਨ। ਇਸ ਤਹਿਤ ਐੱਸ ਡੀ ਐਮ ਮਹਿਲ ਕਲਾਂ ਹਰਕੰਵਲਜੀਤ ਸਿੰਘ ਦੀ ਅਗਵਾਈ ਹੇਠ ਮਹਿਲ ਕਲਾਂ ਵਿੱਚ, ਐੱਸ ਡੀ ਐਮ ਤਪਾ ਰਿਸ਼ਭ ਬਾਂਸਲ ਦੀ ਅਗਵਾਈ ਹੇਠ ਤਪਾ ਅਤੇ ਹੋਰ ਅਧਕਾਰੀਆਂ ਵਲੋਂ ਅਨਾਜ ਮੰਡੀ ਹੰਡਿਆਇਆ, ਧੌਲਾ ਆਦਿ ਵਿਖੇ ਮੀਟਿੰਗਾਂ ਕੀਤੀਆਂ ਗਈਆਂ ਤੇ ਪਰਾਲੀ ਦੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਗਿਆ।