ਪਟਿਆਲਾ : ਫਿਲੌਰ ਦੇ ਪਿੰਡ ਮਨਸੂਰਪੁਰ ਦੇ ਗੁਰਦੁਆਰਾ ਸਾਹਿਬ ਵਿੱਚ ਵਾਪਰੀ ਬੇਅਦਬੀ ਦੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ । ਉਨ੍ਹਾਂ ਕਿਹਾ ਕਿ ਗੁਰੂ ਘਰ ਦੇ ਵਿੱਚ ਸ਼ਰਾਬ ਅਤੇ ਤੰਬਾਕੂ ਦਾ ਸੇਵਨ ਕੀਤਾ ਜਾਣਾ ਅਤਿ ਮੰਦਭਾਗੀ ਗੱਲ ਹੈ, ਉਪਰੋਂ ਇਨ੍ਹਾਂ ਵੱਲੋਂ ਗੁਰੂ ਘਰ ਦੀ ਗੋਲਕ ਨੂੰ ਤੋੜ ਕੇ ਚੋਰੀ ਕਰਨਾ ਹੋਰ ਵੀ ਬਜ਼ਰ ਗੁਨਾਹ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਬੇਅਦਬੀ ਕਰਨ ਵਾਲੇ ਨੂੰ ਗ੍ਰਿਫ਼ਤਾਰ ਮੌਕੇ ਤੇ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਵੱਖ-ਵੱਖ ਗੁਰੂ ਘਰਾਂ ਵਿੱਚ ਬੇਅਦਬੀ ਦੇ ਮਾਮਲੇ ਸਾਹਮਣੇ ਆ ਰਹੇ ਹਨ, ਪ੍ਰੰਤੂ ਸਰਕਾਰਾਂ ਵੱਲੋਂ ਇਨ੍ਹਾਂ ਖਿਲਾਫ਼ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਜਾਂਦੀ, ਸਗੋਂ ਪੁਲਿਸ ਵਿਭਾਗ ਵੱਲੋਂ ਉਨ੍ਹਾਂ ਨੂੰ ਮਾਨਸਿਕ ਤੌਰ ਤੇ ਬੀਮਾਰ ਦੱਸ ਕੇ ਛੱਡ ਦਿੱਤਾ ਜਾਂਦਾ ਹੈ, ਜੋ ਕਿ ਹੋਰ ਮੰਦਭਾਗੀ ਗੱਲ ਹੁੰਦੀ ਹੈ । ਉਨ੍ਹਾਂ ਕਿਹਾ ਕਿ ਅਜਿਹੀਆਂ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਅੱਗੇ ਤੋਂ ਕੋਈ ਵੀ ਗੁਰੂ ਦੀ ਬੇਅਦਬੀ ਕਰਨੀ ਤਾਂ ਕਿ ਸੋਚ ਵੀ ਨਾ ਸਕੇ। ਉਨ੍ਹਾਂ ਕਿਹਾ ਕਿ ਇਹ ਗੁਨਾਹ ਮੁਆਫੀਯੋਗ ਨਹੀਂ ਹੈ ਤੇ ਕਿਸੇ ਵੀ ਹਾਲਤ ਵਿੱਚ ਅਜਿਹੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ ਹੈ।