- ਘਰ ਘਰ ਜਾ ਕੇ ਪਰਾਲੀ ਨਾ ਸਾੜਨ ਦਾ ਹੋਕਾ ਦੇਣਗੀਆਂ ਟੀਮਾਂ
- ਕਿਸਾਨਾਂ ਨੂੰ ਸਬਸਿਡੀ ਵਾਲੀ ਮਸ਼ੀਨਰੀ ਦੀ ਢੁਕਵੀਂ ਵੰਡ ਯਕੀਨੀ ਬਣਾਉਣ ਦੇ ਨਿਰਦੇਸ਼
- ਕਿਹਾ, ਪਰਾਲੀ ਪ੍ਰਬੰਧਨ ਮੁਹਿੰਮ ਵਿਚ ਤਾਇਨਾਤ ਟੀਮ ਮੈਂਬਰ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ
ਬਰਨਾਲਾ, 22 ਅਕਤੂਬਰ 2024 : ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੀ ਰੌਸ਼ਨੀ ਵਿੱਚ ਜ਼ਿਲ੍ਹੇ ਵਿਚ ਪਰਾਲੀ ਪ੍ਰਬੰਧਨ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਮੁਹਿੰਮ ਜ਼ੋਰਾਂ 'ਤੇ ਹੈ। ਅੱਜ ਡਿਪਟੀ ਕਮਿਸ਼ਨਰ ਵਲੋਂ ਕਲੱਸਟਰ ਅਫ਼ਸਰਾਂ, ਸਹਾਇਕ ਕਲੱਸਟਰ ਅਫ਼ਸਰਾਂ, ਵੈਟਰਨਰੀ ਇੰਸਪੈਕਟਰਾਂ, ਪਿੰਡਾਂ ਦੇ ਨੋਡਲ ਅਫ਼ਸਰਾਂ, ਪਟਵਾਰੀਆਂ, ਸਹਿਕਾਰੀ ਸਭਾਵਾਂ ਦੇ ਸਕੱਤਰਾਂ ਨਾਲ ਇੱਥੇ ਜ਼ਿਲ੍ਹਾ ਪ੍ਰੰਬਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਲੜੀਵਾਰ ਮੀਟਿੰਗਾਂ ਕੀਤੀਆਂ। ਉਨ੍ਹਾਂ ਕਾਨੂੰਗੋ ਹਲਕਾ ਬਰਨਾਲਾ, ਹੰਡਿਆਇਆ, ਸੰਘੇੜਾ, ਧਨੌਲਾ, ਕਾਲੇਕੇ, ਰੂੜੇਕੇ ਕਲਾਂ, ਤਪਾ ਦੀਆਂ ਟੀਮਾਂ ਨਾਲ ਇਹ ਮੀਟਿੰਗਾਂ ਕੀਤੀਆਂ। ਇਸ ਮੌਕੇ ਉਨ੍ਹਾਂ ਨਿਰਦੇਸ਼ ਦਿੱਤੇ ਕਿ ਪਿੰਡਵਾਰ ਸਬਸਿਡੀ ਵਾਲੀ ਮਸ਼ੀਨਰੀ ਦੀ ਮੈਪਿੰਗ ਕੀਤੀ ਜਾਵੇ ਅਤੇ ਕਿਹੜਾ ਕਿਸਾਨ ਕਿਹੜੇ ਨਾਲ ਮਸ਼ੀਨਰੀ ਸਾਂਝੀ ਕਰ ਰਿਹਾ ਹੈ, ਉਸ ਦੀਆਂ ਸੂਚੀਆਂ ਤਿਆਰ ਕਰਕੇ ਪਿੰਡ ਵਿੱਚ ਚਸਪਾਂ ਕੀਤੀਆਂ ਜਾਣ। ਇਸ ਤੋਂ ਇਲਾਵਾ ਉਨ੍ਹਾਂ ਪਿੰਡਾਂ ਵਿਚ ਕੰਟਰੋਲ ਰੂਮ ਸਥਾਪਿਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਿੰਡ ਪੱਧਰੀ ਟੀਮਾਂ ਵਲੋਂ ਘਰ ਘਰ ਜਾ ਕੇ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਬੰਧਤ ਟੀਮਾਂ ਵਲੋਂ ਕੋਈ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਲਈ ਹਰ ਇਕ ਮੈਂਬਰ ਆਪਣੀ ਡਿਊਟੀ ਜ਼ਿੰਮੇਵਾਰੀ ਨਾਲ ਨਿਭਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਲਤੀਫ਼ ਅਹਿਮਦ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਦੀ ਸਮੱਸਿਆ ਨੂੰ ਦੇਖਦੇ ਹੋਏ ਪਿਛਲੀ ਵਾਰ ਨਾਲੋਂ ਵੱਧ ਮਸ਼ੀਨਰੀ ਸਹਿਕਾਰੀ ਸਭਾਵਾਂ ਅਤੇ ਕਿਸਾਨਾਂ ਨੂੰ ਮੁਹਈਆ ਕਰਵਾਈ ਗਈ ਹੈ ਤਾਂ ਜੋ ਜ਼ਿਲ੍ਹੇ ਵਿੱਚ ਮਸ਼ੀਨਰੀ ਦੀ ਘਾਟ ਨਾ ਆਵੇ। ਉਨ੍ਹਾਂ ਕਿਹਾ ਕਿ ਹਰ ਟੀਮ ਮੈਂਬਰ ਇਸ ਮੁਹਿੰਮ ਵਿਚ ਸਹਿਯੋਗ ਦੇਵੇ ਤਾਂ ਜੋ ਅਸੀਂ ਵਾਤਾਵਰਨ ਪਲੀਤ ਹੋਣ ਤੋਂ ਬਚਾ ਸਕੀਏ। ਇਸ ਮੌਕੇ ਵੱਖ ਵੱਖ ਵੱਖ ਵੱਖ ਪੁਲੀਸ ਅਧਿਕਾਰੀ, ਸਹਿਕਾਰਤਾ ਵਿਭਾਗ ਦੇ ਅਧਿਕਾਰੀ, ਖੇਤੀਬਾੜੀ ਅਧਿਕਾਰੀ ਤੇ ਹੋਰ ਵਿਭਾਗਾਂ ਤੋਂ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।