ਸੰਗਰੂਰ, 27 ਜਨਵਰੀ : ਪੁਲਿਸ ਲਾਈਨ ਸਟੇਡੀਅਮ ਵਿਖੇ ਦੇਸ਼ ਦੇ 74ਵੇਂ ਗਣਤੰਤਰ ਦਿਵਸ ਮੌਕੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀ ਬ੍ਰਮ ਸ਼ੰਕਰ ਸ਼ਰਮਾ (ਜਿੰਪਾ) ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਨ੍ਹਾਂ ਦੇਸ਼ ਦੀਆਂ ਹਥਿਆਰਬੰਦ ਫੌਜਾਂ ਦੇ ਉਨਾਂ ਬਹਾਦਰ ਸੂਰਬੀਰਾਂ ਨੂੰ ਵਧਾਈ ਦਿੱਤੀ ਜੋ ਦੇਸ਼ ਦੀ ਅਖੰਡਤਾ ਅਤੇ ਏਕਤਾ ਦੀ ਰਾਖੀ ਕਰ ਰਹੇ ਹਨ।ਇਸ ਮੌਕੇ ਕੈਬਨਿਟ ਮੰਤਰੀ ਨੇ ਸੰਗਰੂਰ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਬਿਜਲੀ, ਖੇਤੀਬਾੜੀ, ਸਿੱਖਿਆ, ਲਾਅ ਐਂਡ ਆਰਡਰ, ਨਾਗਰਿਕ ਸੇਵਾਵਾਂ, ਬੁਨਿਆਦੀ ਢਾਂਚੇ, ਸ਼ਹਿਰੀ ਵਿਕਾਸ, ਪਿੰਡਾਂ ਦੇ ਸਰਵਪੱਖੀ ਵਿਕਾਸ, ਪੰਚਾਇਤੀ ਜ਼ਮੀਨ 'ਤੋਂ ਨਾਜਾਇਜ਼ ਕਬਜੇ ਛੁਡਾਉਣ, ਸਿਹਤ, ਨਿਵੇਸ਼ ਪੱਖੀ ਮਾਹੌਲ ਸਿਰਜਣ ਅਤੇ ਉਦਯੋਗ ਦੇ ਖੇਤਰ ਵਿੱਚ ਨਾਮਣਾ ਖੱਟ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਹਿਲੇ ਦਸ ਮਹੀਨਿਆਂ ਵਿੱਚ ਹੀ ਲੋਕ ਹਿਤਾਂ ਲਈ ਇਤਿਹਾਸਕ ਫੈਸਲੇ ਲੈਂਦੇ ਹੋਏ ਸਫਲਤਾ ਨਾਲ ਲਾਗੂ ਕੀਤੇ ਹਨ ਜਿਨ੍ਹਾਂ ਵਿੱਚ 25 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, ਭ੍ਰਿਸ਼ਟਾਚਾਰ ਦੇ ਮੁਕੰਮਲ ਖਾਤਮੇ ਲਈ ਜ਼ੀਰੋ ਟੋਲਰੈਂਸ ਨੀਤੀ, ਸੂਬੇ ਦੇ ਲੋਕਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ, ਘਰਾਂ ਨੇੜੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਆਮ ਆਦਮੀ ਕਲੀਨਿਕ ਆਦਿ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇੱਕ ਵਿਧਾਇਕ ਇੱਕ ਪੈਨਸ਼ਨ ਸਕੀਮ ਸਫਲਤਾ ਨਾਲ ਲਾਗੂ ਕਰਕੇ ਸਰਕਾਰ ਨੇ ਸਰਕਾਰੀ ਪੈਸੇ ਨੂੰ ਬਚਾਇਆ ਹੈ ਅਤੇ ਇਹ ਪੈਸਾ ਲੋਕ ਹਿੱਤ ਦੇ ਕੰਮਾਂ ਲਈ ਵਰਤਿਆ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਕੱਲ੍ਹ 27 ਜਨਵਰੀ ਤੋਂ ਕੁੱਲ 500 ਆਮ ਆਦਮੀ ਕਲੀਨਿਕ ਪੰਜਾਬ ਵਾਸੀਆਂ ਨੂੰ ਸਮਰਪਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਖੇਡ ਵਿਭਾਗ ਨੇ ਬਲਾਕ ਤੋਂ ਸੂਬਾ ਪੱਧਰ ਤੱਕ ‘ਖੇਡਾਂ ਵਤਨ ਪੰਜਾਬ ਦੀਆਂ-2022’ ਕਰਵਾਈਆਂ ਜਿਸ ਵਿਚ 3 ਲੱਖ ਦੇ ਕਰੀਬ ਖਿਡਾਰੀਆਂ ਨੇ ਹਿੱਸਾ ਲਿਆ ਅਤੇ 9961 ਜੇਤੂ ਖਿਡਾਰੀਆਂ ਨੂੰ 6.85 ਕਰੋੜ ਰੁਪਏ ਦੀ ਇਨਾਮ ਰਾਸ਼ੀ ਵੰਡੀ ਗਈ।ਉਨ੍ਹਾਂ ਕਿਹਾ ਕਿ ਖਾਨਗੀ ਤਕਸੀਮ ਕਰਨ ਦੀ ਪ੍ਰਕਿਰਿਆ ਨੂੰ ਅਸਰਦਾਰ ਅਤੇ ਪ੍ਰਭਾਵੀ ਬਣਾਉਣ ਲਈ ਪੰਜਾਬ ਸਰਕਾਰ ਨੇ ਇਕ ਵੈੰਬਸਾਈਟ ਸ਼ੁਰੂ ਕੀਤੀ ਹੈ ਜਿਸ ਨਾਲ ਨਿਸ਼ਾਨਦੇਹੀ ਕਰਵਾਉਣੀ ਸੁਖਾਲੀ ਹੋਵੇਗੀ ਅਤੇ ਜ਼ਮੀਨ ਦੀ ਖਰੀਦ ਫਰੋਖਤ ਵਿਚ ਆਸਾਨੀ ਹੋਵੇਗੀ। ਕੈਬਨਿਟ ਮੰਤਰੀ ਨੇ ਆਪਣੇ ਸੰਦੇਸ਼ ‘ਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਲ 2022-23 ਦੌਰਾਨ 123 ਸਨਅਤੀ ਇਕਾਈਆਂ ਨੂੰ 644 ਕਰੋੜ ਰੁਪਏ ਤੱਕ ਦੀ ਬਿਜਲੀ ਡਿਊਟੀ, ਸਟੈਂਪ ਡਿਊਟੀ, ਸੀ.ਐਲ.ਯੂ.-ਈ.ਡੀ.ਸੀ. ਦਰਾਂ ਤੋਂ ਛੋਟ ਦਿੱਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਮਾਲ ਵਿਭਾਗ ਦੇ ਕੰਮ ਨੂੰ ਹੋਰ ਸੁਚਾਰੂ ਕਰਨ ਦੇ ਮਕਸਦ ਨਾਲ 1090 ਨਵੇਂ ਪਟਵਾਰੀਆਂ ਦੀ ਭਰਤੀ ਮੁਕੰਮਲ ਕੀਤੀ ਗਈ ਹੈ ਅਤੇ ਮੰਤਰੀ ਮੰਡਲ ਵੱਲੋਂ ਪਟਵਾਰੀਆਂ ਦੀਆਂ 710 ਹੋਰ ਨਵੀਆਂ ਅਸਾਮੀਆਂ ਭਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਸੂਬਾ ਸਰਕਾਰ ਦੇ ਇੱਕ ਹੋਰ ਦੂਰ-ਅੰਦੇਸ਼ੀ ਕਦਮ ਬਾਰੇ ਦੱਸਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਸਕੂਲੀ ਸਿੱਖਿਆ ਨੂੰ ਅੰਤਰਰਾਸ਼ਟਰੀ ਪੱਧਰ ਦਾ ਬਣਾਉਣ ਲਈ ਸਰਕਾਰ ਨੇ 100 ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਦੀ ਪ੍ਰਫੁੱਲਤਾ ਲਈ ਸੂਬੇ ਭਰ ਵਿੱਚ 21 ਫਰਵਰੀ 2023 ਤੱਕ ਸਾਰੇ ਬੋਰਡ ਪੰਜਾਬੀ ਭਾਸ਼ਾ ਵਿੱਚ ਲਿਖਣੇ ਜ਼ਰੂਰੀ ਬਣਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।ਸ੍ਰੀ ਜਿੰਪਾ ਨੇ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਆਜ਼ਾਦੀ ਤੋਂ ਬਾਅਦ 26 ਜਨਵਰੀ 1950 ਭਾਰਤੀ ਸੰਵਿਧਾਨ ਲਾਗੂ ਹੋ ਜਾਣ ਨਾਲ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆਂ ਵਿਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੋਇਆ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਦਕਰ ਦੇ ਯੋਗਦਾਨ ਨੂੰ ਵੀ ਅੱਖੋਂ-ਪਰੋਖੇ ਨਹੀਂ ਕੀਤਾ ਜਾ ਸਕਦਾ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ੍ਰੀ ਜਿੰਪਾ ਨੇ ਪੁਲਿਸ ਲਾਈਨ ਵਿਖੇ ਐਮ.ਐਲ.ਏ ਸੰਗਰੂਰ ਨਰਿੰਦਰ ਕੌਰ ਭਰਾਜ, ਐਮ.ਐਲ.ਏ ਲਹਿਰਾ ਬਰਿੰਦਰ ਕੁਮਾਰ ਗੋਇਲ ਸਮੇਤ ਸ਼ਹੀਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸਟੇਡੀਅਮ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਉਨ੍ਹਾਂ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤਹਿਤ ਵੱਖ-ਵੱਖ ਟੁਕੜੀਆਂ ਤੋਂ ਸਲਾਮੀ ਲਈ। ਪੰਜਾਬ ਸਰਕਾਰ ਦੇ ਮਹੱਤਵਪੂਰਨ ਪ੍ਰੋਜੈਕਟਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਖਿੱਚ ਦਾ ਕੇਂਦਰ ਬਣੀਆਂ। ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਆਜ਼ਾਦੀ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਨ ਦੀ ਰਸਮ ਅਦਾ ਕੀਤੀ। ਇਸ ਉਪਰੰਤ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ’ਤੇ ਆਧਾਰਿਤ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ ਜਿਸ ਦਾ ਦਰਸ਼ਕਾਂ ਨੇ ਖੂਬ ਆਨੰਦ ਮਾਣਿਆ। ਸਕੂਲੀ ਵਿਦਿਆਰਥਣਾਂ ਵੱਲੋਂ ਪੇਸ਼ ਲੋਕ ਨਾਚ ਗਿੱਧਾ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ। ਇਸ ਉਪਰੰਤ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਦਿਵਿਆਂਗ ਵਿਅਕਤੀਆਂ ਨੂੰ ਟਰਾਈ ਸਾਈਕਲ ਵੰਡੇ। ਇਸ ਮੌਕੇ ਮੁੱਖ ਮਹਿਮਾਨ ਦੀ ਤਰਫ਼ੋ ਜ਼ਿਲਾ ਸੰਗਰੂਰ ਦੇ ਵੱਖ ਵੱਖ ਖੇਤਰਾਂ ਵਿਚ ਸ਼ਲਾਘਾਯੋਗ ਪ੍ਰਾਪਤੀਆਂ ਦਰਜ ਕਰਨ ਵਾਲੀਆਂ ਸ਼ਖਸੀਅਤਾਂ ਨੂੰ ਜ਼ਿਲਾ ਪੱਧਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਕੈਬਨਿਟ ਮੰਤਰੀ ਵੱਲੋਂ ਸਕੂਲਾਂ ਦੇ ਵਿਦਿਆਰਥੀਆਂ ਦੀ ਪੇਸ਼ਕਾਰੀ ਤੋਂ ਪ੍ਰਭਾਵਿਤ ਹੁੰਦਿਆਂ ਮਿਤੀ 27 ਜਨਵਰੀ ਨੂੰ ਉਨਾਂ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਜਿਨਾਂ ਵਲੋਂ ਅੱਜ ਦੇ ਸਮਾਗਮ ਵਿੱਚ ਹਿੱਸਾ ਲਿਆ ਗਿਆ ਸੀ। ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਅਤੇ ਐਸ ਐਸ ਪੀ ਸ੍ਰੀ ਸੁਰੇਂਦਰ ਲਾਂਬਾ ਵੱਲੋਂ ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਸ਼ਰਮਾ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੀ ਬ੍ਰਮ ਸ਼ੰਕਰ ਸ਼ਰਮਾ ਦੇ ਧਰਮਪਤਨੀ ਵਿਭਾ ਸ਼ਰਮਾ, ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ, ਵਿਧਾਇਕ ਹਲਕਾ ਲਹਿਰਾ ਬਰਿੰਦਰ ਕੁਮਾਰ ਗੋਇਲ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਆਈ.ਜੀ. ਪਟਿਆਲਾ ਰੇਂਜ ਮੁਖਵਿੰਦਰ ਸਿੰਘ ਛੀਨਾ, ਐੱਸ.ਐੱਸ.ਪੀ. ਸੁਰੇਂਦਰ ਲਾਂਬਾ, ਮੋਰੀਸ਼ਸ ਦੀ ਹਾਈ ਕਮਿਸ਼ਨਰ ਮੈਰੀ ਕਲੇਅਰ ਜੇ. ਮੌਂਟੀ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਗੁਰਮੇਲ ਸਿੰਘ ਘਰਾਚੋਂ, ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਅਸ਼ੋਕ ਕੁਮਾਰ ਸਿੰਗਲਾ, ਸਹਾਇਕ ਐਡਵੋਕੇਟ ਜਨਰਲ ਰਵਿੰਦਰ ਸਿੰਘ, ਐਡਵੋਕੇਟ ਦਲਜੀਤ ਸਿੰਘ, ਸਰਬਜੀਤ ਸਿੰਘ, ਬਾਬਾ ਭੁਪਿੰਦਰ ਸਿੰਘ ਪਟਿਆਲਾ, ਸੁਨੀਲ ਚੱਢਾ, ਏ.ਡੀ.ਸੀ. (ਜ) ਅਨਮੋਲ ਸਿੰਘ ਧਾਲੀਵਾਲ, ਏ.ਡੀ.ਸੀ. (ਵਿਕਾਸ) ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਨਿਤੇਸ਼ ਜੈਨ, ਐੱਸ.ਡੀ.ਐੱਮ. ਨਵਰੀਤ ਕੌਰ ਸੇਖੋਂ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਜੁਡੀਸ਼ੀਅਲ, ਪ੍ਰਸ਼ਾਸਨਿਕ ਤੇ ਪੁਲਿਸ ਵਿਭਾਗ ਦੇ ਅਧਿਕਾਰੀ ਤੇ ਵੱਡੀ ਗਿਣਤੀ ‘ਚ ਪਤਵੰਤੇ, ਸਕੂਲਾਂ ਦੇ ਅਧਿਆਪਕ ਅਤੇ ਵਿਦਿਆਰਥੀ ਵੀ ਹਾਜ਼ਰ ਸਨ।