- ਕੈਂਪ ਕੋਰਟ ਲਗਾਕੇ ਮੌਕੇ 'ਤੇ ਦੋ ਕੇਸਾਂ ਦਾ ਕੀਤਾ ਨਿਪਟਾਰਾ
ਪਟਿਆਲਾ, 14 ਜੂਨ : ਚੀਫ਼ ਜੁਡੀਸ਼ੀਅਲ ਮੈਜਿਸਟਰੇਟ -ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਮਾਨੀ ਅਰੋੜਾ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ ਦਾ ਅਚਾਨਕ ਨਿਰੀਖਣ ਕੀਤਾ ਗਿਆ। ਇਸ ਮੌਕੇ ਤੇ ਉਨ੍ਹਾਂ ਵੱਲੋਂ ਜੇਲ੍ਹ ਵਿਚ ਰਹਿ ਰਹੇ ਕੈਦੀਆਂ ਤੋਂ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਕਿਸੇ ਤਰ੍ਹਾਂ ਦੀ ਸ਼ਿਕਾਇਤ ਹੋਣ ਸਬੰਧੀ ਪੁੱਛਿਆ ਗਿਆ। ਉਨ੍ਹਾਂ ਜੇਲ੍ਹ ਸੁਪਰਡੈਂਟ ਅਤੇ ਹੋਰ ਅਧਿਕਾਰੀਆਂ ਨੂੰ ਕੈਦੀਆਂ ਦੀ ਸਿਹਤ ਅਤੇ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕੀਤੀ। ਇਸ ਮੌਕੇ ਜੇਲ੍ਹ ਸਟਾਫ਼ ਹਾਜ਼ਰ ਸੀ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਪਲੀਅ ਬਾਰਗੇਨਿੰਗ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ ਗਈ। ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨੀ ਅਰੋੜਾ ਨੇ ਦੱਸਿਆ ਕਿ ਸਮੇਂ-ਸਮੇਂ ਤੇ ਜ਼ਿਲ੍ਹਾ ਪਟਿਆਲਾ ਦੀਆਂ ਜੇਲ੍ਹਾਂ ਦਾ ਨਿਰੀਖਣ ਕੀਤਾ ਜਾਂਦਾ ਹੈ ਤਾਂ ਜੋ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਣੂ ਕਰਵਾਇਆ ਜਾ ਸਕੇ ਅਤੇ ਉਨ੍ਹਾਂ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ। ਇਸ ਤੋਂ ਇਲਾਵਾ, ਉਨ੍ਹਾਂ ਵੱਲੋਂ ਜੇਲ੍ਹ ਵਿੱਚ ਇੱਕ ਕੈਂਪ ਕੋਰਟ ਵੀ ਲਗਾਈ ਗਈ। ਇਸ ਕੈਂਪ ਕੋਰਟ ਵਿੱਚ ਦੋ ਕੇਸਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ।