- ਨਵੇਂ ਬਣ ਰਹੇ ਆਮ ਆਦਮੀ ਕਲੀਨਿਕ ਅਤੇ ਲਾਇਬ੍ਰੇਰੀ ਦਾ ਲਿਆ ਜਾਇਜ਼ਾ
ਧੂਰੀ, 24 ਸਤੰਬਰ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਧੂਰੀ-ਸ਼ੇਰਪੁਰ ਰੋਡ ਤੇ ਸਥਿਤ ਪਿੰਡ ਘਨੌਰੀ ਕਲਾਂ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਅਚਨਚੇਤ ਨਿਰੀਖਣ ਕੀਤਾ। ਉਨ੍ਹਾਂ ਪੰਚਾਇਤੀ ਰਾਜ ਵਿਭਾਗ ਦੇ ਅਧਿਕਾਰੀਆਂ ਅਤੇ ਸਬੰਧਤ ਠੇਕੇਦਾਰਾਂ ਨੂੰ ਸਮੁੱਚੇ ਕਾਰਜਾਂ ਲਈ ਉਚ ਕੁਆਲਟੀ ਦੇ ਸਮਾਨ ਦੀ ਵਰਤੋਂ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਕਤੂਬਰ ਵਿੱਚ ਪੰਜਵੇਂ ਫੇਜ਼ ਤਹਿਤ ਨਵੇਂ ਆਮ ਆਦਮੀ ਕਲੀਨਿਕ ਆਰੰਭ ਕਰਵਾਏ ਜਾਣ ਦੀ ਹਦਾਇਤ ਕੀਤੀ ਗਈ ਹੈ ਤਾਂ ਜੋ ਵੱਧ ਤੋਂ ਵੱਧ ਲੋਕਾਂ ਦੇ ਘਰਾਂ ਨਜ਼ਦੀਕ ਮਿਆਰੀ ਸਿਹਤ ਸਹੂਲਤਾਂ ਦੀ ਪਹੁੰਚ ਯਕੀਨੀ ਬਣ ਸਕੇ। ਉਨ੍ਹਾਂ ਪਿੰਡ ਘਨੌਰੀ ਕਲਾਂ ਵਿਖੇ ਹੀ ਤਿਆਰ ਹੋ ਰਹੀ ਆਧੁਨਿਕ ਸੁਵਿਧਾਵਾਂ ਵਾਲੀ ਲਾਇਬ੍ਰੇਰੀ ਦਾ ਵੀ ਜਾਇਜ਼ਾ ਲਿਆ ਅਤੇ ਨਿਰਧਾਰਿਤ ਸਮੇਂ ਅੰਦਰ ਕੰਮ ਮੁਕੰਮਲ ਕਰਨ ਦੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡ ਪੱਧਰ ਉੱਤੇ ਬੱਚਿਆਂ, ਨੌਜਵਾਨਾਂ ਅਤੇ ਸਭ ਉਮਰ ਵਰਗ ਦੇ ਲੋਕਾਂ ਵਿੱਚ ਪੁਸਤਕ ਸੱਭਿਆਚਾਰ ਪ੍ਰਫੁਲਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਆਧੁਨਿਕ ਸੁਵਿਧਾਵਾਂ ਵਾਲੀਆਂ ਲਾਇਬ੍ਰੇਰੀਆਂ ਸਥਾਪਤ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਧੂਰੀ ਅਮਿਤ ਗੁਪਤਾ ਅਤੇ ਐਕਸੀਅਨ ਪੰਚਾਇਤੀ ਰਾਜ ਰਣਜੀਤ ਸਿੰਘ ਸ਼ੇਰਗਿੱਲ ਵੀ ਹਾਜ਼ਰ ਸਨ।