- ਮੁਹਿੰਮ ਅਧੀਨ ਪਿੰਡਾਂ ਵਿਚਲੇ ਸਕੂਲਾਂ, ਆਂਗਨਵਾੜੀ ਸੈਂਟਰਾਂ, ਸਿਹਤ ਸੰਸਥਾਵਾਂ ਤੇ ਹੋਰ ਜਨਤਕ ਸਥਾਨਾਂ ਦੀ ਕਰਵਾਈ ਜਾਵੇਗੀ ਸਾਫ ਸਫਾਈ
ਫ਼ਤਹਿਗੜ੍ਹ ਸਾਹਿਬ, 22 ਸਤੰਬਰ : ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਰਾਹੀਂ ਚਲਾਇਆ ਜਾਣ ਵਾਲੇ "ਸਵੱਛਤਾ ਹੀ ਸੇਵਾ" ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸਵੱਛਤਾ ਹੀ ਸੇਵਾ ਮੁਹਿੰਮ 02 ਅਕਤੂਬਰ ਤੱਕ ਚਲਾਈ ਜਾਵੇਗੀ, ਜਿਸ ਅਧੀਨ ਪਿੰਡਾਂ ਵਿੱਚ ਵੰਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇਸ ਮੁਹਿੰਮ ਅਧੀਨ ਜ਼ਿਲ੍ਹੇ ਦੇ ਸਾਰੇ ਪਿੰਡਾ ਵਿੱਚ ਰੋਜ਼ਾਨਾ ਸਕੂਲ, ਆਂਗਨਵਾੜੀ ਸੈਂਟਰ, ਧਰਮਸ਼ਾਲਾ ਆਦਿ ਸਾਂਝੀਆਂ ਥਾਂਵਾ ਅਤੇ ਪਿੰਡਾਂ ਦੇ ਆਲੇ ਦੁਆਲੇ ਪੰਚਾਇਤਾਂ ਅਤੇ ਮਗਨਰੇਗਾ ਵਰਕਰਾਂ ਦੇ ਸਹਿਯੋਗ ਨਾਲ ਸਾਫ ਸਫਾਈ ਕੀਤੀ ਜਾਵੇਗੀ। ਇਸ ਤੋ ਇਲਾਵਾ ਖੁਲ੍ਹੇ ਵਿੱਚ ਪਖਾਨੇ ਜਾਣ ਤੋਂ ਮੁਕਤ ਹੋਏ ਓ.ਡੀ.ਐਫ. ਪਲੱਸ ਪਿੰਡਾਂ ਦੇ ਸਰਪੰਚਾਂ ਨੂੰ ਅਤੇ ਪਿੰਡ ਵਾਸੀਆ ਨੂੰ ਸੁੱਕਾ ਕੂੜਾ, ਗਿੱਲਾ ਕੂੜਾ ਪ੍ਰਬੰਧਨ, ਤਰਲ ਕੂੜਾ ਪ੍ਰਬੰਧਨ ਅਤੇ ਸਿੰਗਲ ਯੂਜ਼ ਪਲਾਸਟਿਕ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਪਿੰਡਾਂ ਦੀ ਦਿੱਖ ਨੂੰ ਹੋਰ ਖੂਬਸੂਰਤ ਬਣਾ ਕੇ ਗੰਦਗੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ। ਜ਼ਿਲ੍ਹੇ ਦੇ ਦਿਹਾਤੀ ਖੇਤਰ ਵਿੱਚ ਜਿਥੇ ਵੀ ਲੋਕ ਕੂੜਾ ਸੁੱਟਦੇ ਹਨ ਉਨ੍ਹਾਂ ਥਾਵਾਂ ਤੋਂ ਕੂੜਾ ਕਰਕਟ ਦੀ ਸਾਫ ਸਫਾਈ ਕਰਵਾ ਕੇ ਲੋਕਾਂ ਨੁੰ ਸਵੱਛਤਾ ਬਾਰੇ ਜਾਗਰੂਕ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਸ਼੍ਰੀ ਇਸ਼ਾਨ ਕੌਸ਼ਲ ਨੂੰ ਹਦਾਇਤ ਕੀਤੀ ਕਿ ਸਵੱਛਤਾ ਹੀ ਸੇਵਾ ਮੁਹਿੰਮ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਅਤੇ ਸਮਾਜ ਸੇਵੀ ਸੰਸਥਾਵਾਂ ਦਾ ਸਹਿਯੋਗ ਵੀ ਲਿਆ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨਾਲ ਇਸ ਮੁਹਿੰਮ ਨੂੰ ਸਫਲਤਾ ਪੂਰਬਕ ਨੇਪਰੇ ਚੜਾਇਆ ਜਾ ਸਕੇ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸਵੱਛਤਾ ਹੀ ਸੇਵਾ ਮੁਹਿੰਮ ਅਧੀਨ ਕੀਤੀ ਜਾਣ ਵਾਲੀ ਸਾਫ ਸਫਾਈ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਇਆ ਜਾਵੇ ਅਤੇ ਆਪਣੇ ਘਰਾਂ ਦੇ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖੋ-ਵੱਖ ਕਰਕੇ ਇਕੱਠਾ ਕੀਤਾ ਜਾਵੇ ਤਾਂ ਜੋ ਕੂੜੇ ਦਾ ਸਹੀ ਪ੍ਰਬੰਧਨ ਕੀਤਾ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੁਰਿੰਦਰ ਸਿੰਘ ਧਾਲੀਵਾਲ, ਅੰਡਰ ਟਰੇਨਿੰਗ ਪੀ.ਸੀ.ਐਸ. ਅਧਿਕਾਰੀ ਸ਼੍ਰੀਮਤੀ ਮਨਦੀਪ ਕੌਰ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਸ.ਡੀ.ਓ. ਸ਼੍ਰੀ ਗੌਤਮ ਜਿੰਦਲ, ਸੀ.ਡੀ.ਐਸ. ਸੁਖਦੀਪ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।