ਖਰੜ 28 ਮਾਰਚ : ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਦੀਆਂ ਕੋਸ਼ਿਸ਼ਾਂ ਦੇ ਸਦਕਾ ਸਰਕਾਰੀ ਬਹੁ ਤਕਨੀਕੀ ਕਾਲਜ ਖੂਨੀ ਮਾਜਰਾ (ਮੁਹਾਲੀ) ਵਿਖੇ ਈ.ਸੀ.ਈ ਦਾ ਡਿਪਲੋਮਾ ਕੋਰਸ ਮੁੜ ਸ਼ੁਰੂ ਹੋ ਗਿਆ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਦੇਣ ਲਈ ਦ੍ਰਿੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਲਾਕੇ ਦੇ ਨੌਜਵਾਨਾਂ ਲਈ ਸਵੈ-ਰੋਜ਼ਗਾਰ ਦੇ ਵਸੀਲੇ ਪੈਦਾ ਕਰਨ ਅਤੇ ਤਕਨੀਕੀ ਸਿੱਖਿਆ ਮੁਹੱਈਆ ਕਰਵਾਉਣ ਲਈ ਇਹ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਦੀ ਅਣਦੇਖੀ ਕਰਕੇ ਲੰਮੇ ਸਮੇਂ ਤੋਂ ਇਹ ਕੋਰਸ ਬੰਦ ਪਿਆ ਸੀ ਅਤੇ ਹੁਣ ਪੰਜਾਬ ਸਰਕਾਰ ਨੇ ਇਸ ਨੂੰ ਮੁੜ ਤੋਂ ਸੁਰੂ ਕਰਵਾਉਣ ਲਈ ਪ੍ਰਵਾਨੀ ਦੇ ਦਿੱਤੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਦੀਆਂ ਕੋਸ਼ਿਸ਼ਾਂ ਵੱਜੋਂ ਇਹ ਕਦਮ ਚੁੱਕਿਆ ਗਿਆ ਹੈ। ਇਸ ਦੀ ਵਧੇਰੇ ਜਾਣਕਾਰੀ ਦਿਦੇ ਹੋਏ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਇਸ ਸਬੰਧੀ ਨੋਟੀਫਕੇਸ਼ਨ ਜਾਰੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਕੋਰਸ ਦੇ ਸ਼ੁਰੂ ਹੋ ਜਾਣ ਨਾਲ ਇਸ ਇਲਾਕੇ ਦੇ ਅਨੇਕਾਂ ਵਿਦਿਆਰਥੀਆਂ ਨੂੰ ਇਸ ਟਰੇਡ ਵਿੱਚ ਦਾਖਲਾ ਲੈਣ ਲਈ ਦੂਰ ਦਰਾਂਡ ਮਹਿੰਗੇ ਪ੍ਰਾਈਵੇਟ ਕਾਲਜਾਂ ਵਿੱਚ ਨਹੀ ਜਾਣਾ ਪਵੇਗਾ। ਮੰਤਰੀ ਨੇ ਅੱਗੇ ਕਿਹਾ ਕਿ ਵਿਦਿਆਰਥੀਆਂ ਨੂੰ ਇਜੀਨੀਅਰ ਖੇਤਰ ਵਿਚ ਆਪਣਾ ਭਵਿੱਖ ਬਣਾਉਣ ਲਈ ਇਹ ਸੁਨਿਹਰੀ ਮੌਕਾ ਹੈ। ਉਹ ਇਸ ਕੋਰਸ ਵਿੱਚ ਦਾਖਲਾ ਲੈ ਕੇ ਆਪਣੇ ਕੈਰੀਅਰ ਦੀ ਸੁਰੂਆਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਪ੍ਰਾਪਤ ਕਰਨੀ ਚਾਹੀਦੀ ਹੈ ਤਾਂ ਜੋ ਉਹ ਪੜ੍ਹਾਈ ਕਰਕੇ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੌਜਵਾਨਾਂ ਦੀ ਸਿੱਖਿਆ ਨੂੰ ਪੂਰੀ ਤਰਜੀਹ ਦੇ ਰਹੀ ਹੈ।