- ਲੋਕਾਂ ਨੇ ਮੌਕੇ 'ਤੇ ਹੀ ਸਰਕਾਰੀ ਸਕੀਮਾਂ ਦਾ ਲਿਆ ਲਾਭ
- ਇਲਾਕਾ ਨਿਵਾਸੀਆਂ ਵੱਲੋ ਇਸ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ
- ਵਿਧਾਇਕ ਸਰਵਜੀਤ ਕੌਰ ਮਾਣੂੰਕੇ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵਸਨੀਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਦਾ ਭਰੋਸਾ ਦਿੱਤਾ
ਲੁਧਿਆਣਾ, 19 ਜੂਨ 2024 : ਜਗਰਾਓਂ ਨੇੜੇ ਪਿੰਡ ਮਲਕ ਦੇ 67 ਸਾਲਾ ਰਣਜੀਤ ਸਿੰਘ ਅਤੇ 68 ਸਾਲਾ ਪਿਆਰਾ ਸਿੰਘ, ਦੋਵਾਂ ਵੱਲੋ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਸਰਕਾਰ ਤੁਹਾਡੇ ਦੁਆਰ’ ਸਕੀਮ ਲਈ ਧੰਨਵਾਦ ਕੀਤਾ ਜਿਸਦੇ ਤਹਿਤ ਦੋਵਾਂ ਦੇ ਬੁਢਾਪਾ ਪੈਨਸ਼ਨ ਕੇਸ ਮੌਕੇ ’ਤੇ ਹੀ ਮਨਜ਼ੂਰ ਹੋਏ ਹਨ। ਰਣਜੀਤ ਸਿੰਘ ਨੇ ਕਿਹਾ, "ਇਹ ਮੇਰੀ ਜ਼ਿੰਦਗੀ ਵਿੱਚ ਪਹਿਲੀ ਵਾਰ ਹੋਇਆ ਕਿ ਮੈਂ ਆਪਣੇ ਪਿੰਡ ਵਿੱਚ ਬੈਠ ਕੇ ਕਿਸੇ ਸਰਕਾਰੀ ਸਕੀਮ ਦਾ ਲਾਭ ਪ੍ਰਾਪਤ ਕੀਤਾ ਹੈ।" ਜਦਕਿ ਪਿਆਰਾ ਸਿੰਘ ਨੇ ਵੀ ਇਸੇ ਤਰ੍ਹਾਂ ਦੇ ਵਿਚਾਰ ਪ੍ਰਗਟ ਕੀਤੇ। ਪਿੰਡ ਮਲਕ ਦੀ ਜਗਜੀਤ ਕੌਰ ਨਾਂ ਦੀ ਔਰਤ, ਜਿਸ ਦੇ ਪਤੀ ਦੀ ਕੁਝ ਸਮਾਂ ਪਹਿਲਾਂ ਕੈਂਸਰ ਨਾਲ ਮੌਤ ਹੋ ਗਈ ਸੀ, ਨੂੰ ਵਿਧਵਾ ਪੈਨਸ਼ਨ ਦਾ ਮਨਜ਼ੂਰੀ ਪੱਤਰ ਮਿਲਿਆ, ਜਦੋਂ ਕਿ ਉਸ ਦੀ ਬੇਟੀ ਚਾਹਤਪ੍ਰੀਤ ਕੌਰ ਨੂੰ ''ਆਸ਼ਰਿਤ ਬੱਚਿਆਂ ਦੀ ਵਿੱਤੀ ਸਹਾਇਤਾ'' ਲਈ ਮਨਜ਼ੂਰੀ ਪੱਤਰ ਮੌਕੇ 'ਤੇ ਮਿਲਿਆ। ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਉਨ੍ਹਾਂ ਦੇ ਘਰ-ਘਰ ਪਹੁੰਚਾਉਣ ਲਈ ਅੱਜ ਜਗਰਾਉਂ ਨੇੜਲੇ ਪਿੰਡ ਮਲਕ ਵਿਖੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ "ਸਰਕਾਰ ਤੁਹਾਡੇ ਦੁਆਰ" ਪਹਿਲਕਦਮੀ ਤਹਿਤ ਇੱਕ ਮੈਗਾ ਸ਼ਿਕਾਇਤ ਨਿਵਾਰਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਜਗਰਾਉਂ ਦੀ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ ਐਸ ਪੀ ਲੁਧਿਆਣਾ ਦਿਹਾਤੀ ਨਵਨੀਤ ਸਿੰਘ ਬੈਂਸ ਤੋਂ ਇਲਾਵਾ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਖੀਆਂ ਨੇ ਸ਼ਿਰਕਤ ਕੀਤੀ। ਇਸ ਕੈਂਪ ਵਿੱਚ ਮਾਲ, ਸੇਵਾ ਕੇਂਦਰ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ, ਸਮਾਜਿਕ ਸੁਰੱਖਿਆ ਅਤੇ ਔਰਤਾਂ ਅਤੇ ਬੱਚਿਆਂ ਦਾ ਵਿਕਾਸ, ਖੇਤੀਬਾੜੀ ਅਤੇ ਕਿਸਾਨ ਭਲਾਈ, ਸਿਹਤ, ਜਲ ਸਪਲਾਈ ਅਤੇ ਸੈਨੀਟੇਸ਼ਨ, ਪੀ.ਐਸ.ਪੀ.ਸੀ.ਐਲ., ਪੇਂਡੂ ਵਿਕਾਸ ਅਤੇ ਪੰਚਾਇਤਾਂ, ਪੁਲਿਸ ਆਦਿ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੇ ਸ਼ਿਰਕਤ ਕਰਦਿਆਂ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕੀਤੀਆਂ। ਕੈਂਪ ਦਾ ਦੌਰਾ ਕਰਦਿਆਂ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਬਿਨੈਕਾਰਾਂ ਨਾਲ ਗੱਲਬਾਤ ਕੀਤੀ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਰਕਾਰ ਦੀਆਂ ਸੇਵਾਵਾਂ ਅਤੇ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਦੇ ਮੰਤਵ ਨਾਲ 'ਸਰਕਾਰ ਤੁਹਾਡੇ ਦੁਆਰ' ਸਕੀਮ ਤਹਿਤ ਵੱਖ-ਵੱਖ ਥਾਵਾਂ 'ਤੇ ਵਿਸ਼ੇਸ਼ ਸੁਵਿਧਾ ਕੈਂਪਾਂ ਦੇ ਆਯੋਜਨ ਰਾਹੀਂ ਨਿਵੇਕਲਾ ਉਪਰਾਲਾ ਕੀਤਾ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿੱਚ ਹੋਰ ਕੈਂਪ ਲਗਾਏ ਜਾਣਗੇ ਤਾਂ ਜੋ ਸਰਕਾਰੀ ਸੇਵਾਵਾਂ ਦਾ ਲਾਭ ਘਰ-ਘਰ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਾਗਰਿਕ ਸੇਵਾਵਾਂ ਨੂੰ ਸੁਚਾਰੂ, ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜ਼ਿਲ੍ਹੇ ਭਰ ਵਿੱਚ ਹੋਰ ਵੀ ਕੈਂਪ ਲਗਾਏ ਜਾਣਗੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਇਨ੍ਹਾਂ ਸੇਵਾਵਾਂ ਦਾ ਲਾਭ ਪਹੁੰਚਾਇਆ ਜਾ ਸਕੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਨ੍ਹਾਂ ਸ਼ਿਕਾਇਤ ਨਿਵਾਰਨ ਕੈਂਪ ਲਗਾਉਣ ਦਾ ਮਕਸਦ ਆਮ ਲੋਕਾਂ ਦੀਆਂ ਸਮੱਸਿਆਵਾਂ ਉਨ੍ਹਾਂ ਦੇ ਘਰ-ਘਰ ਜਾ ਕੇ ਸੁਣਨਾ ਅਤੇ ਉਨ੍ਹਾਂ ਦਾ ਮੌਕੇ 'ਤੇ ਹੀ ਹੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਨੋਡਲ ਅਫਸਰਾਂ ਅਤੇ ਸਮਰਪਿਤ ਟੀਮ ਦੀ ਨਿਯੁਕਤੀ ਕਰਕੇ ਲੋਕਾਂ ਦੀ ਵੱਧ ਤੋਂ ਵੱਧ ਸੰਤੁਸ਼ਟੀ ਨੂੰ ਯਕੀਨੀ ਬਣਾਉਣ ਲਈ ਹਰ ਮੁੱਦੇ ਜਾਂ ਸ਼ਿਕਾਇਤ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀ ਪ੍ਰਕਿਰਿਆ ਵਿੱਚ ਲੋਕਾਂ ਦੀ ਸ਼ਮੂਲੀਅਤ ਸੇਵਾਵਾਂ ਨੂੰ ਵਧੇਰੇ ਜਵਾਬਦੇਹ ਅਤੇ ਪਾਰਦਰਸ਼ੀ ਬਣਾਏਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਾਰੀਆਂ ਸਰਕਾਰੀ ਸਮਾਜ ਭਲਾਈ ਸਕੀਮਾਂ ਦਾ ਲਾਭ ਆਖਰੀ ਵਿਅਕਤੀ ਤੱਕ ਜਾਣਾ ਚਾਹੀਦਾ ਹੈ। ਉਨ੍ਹਾਂ ਹਦਾਇਤ ਕੀਤੀ ਕਿ ਸਾਰੀਆਂ ਸਰਕਾਰੀ ਭਲਾਈ ਸਕੀਮਾਂ ਦੀ 100 ਫੀਸਦ ਵਰਤੋਂ ਕੀਤੀ ਜਾਵੇ ਅਤੇ ਕੋਈ ਵੀ ਯੋਗ ਲਾਭਪਾਤਰੀ ਪਿੱਛੇ ਨਾ ਰਹੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅਤੇ ਆਮ ਜਨਤਾ ਨੂੰ ਕਿਸੇ ਵੀ ਕਿਸਮ ਦੀ ਅਸੁਵਿਧਾ ਜਾਂ ਪ੍ਰੇਸ਼ਾਨੀ ਦੇ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਦਫ਼ਤਰ ਲੁਧਿਆਣਾ ਵਿੱਚ ਇੱਕ “ਸਵਾਗਤ ਅਤੇ ਸਹਾਇਤਾ ਕੇਂਦਰ” ਵੀ ਸਥਾਪਿਤ ਕੀਤਾ ਗਿਆ ਹੈ। ਉਹਨਾਂ ਅੱਗੇ ਕਿਹਾ ਕਿ ਇੱਕ ਸਮਰਪਿਤ ਟੀਮ ਆਮ ਲੋਕਾਂ ਨੂੰ ਉਹਨਾਂ ਦੇ ਰੁਟੀਨ ਪ੍ਰਸ਼ਾਸਕੀ ਕੰਮਾਂ ਨੂੰ ਕਰਵਾਉਣ ਲਈ ਸਹੂਲਤ ਦੇਵੇਗੀ ਤਾਂ ਜੋ ਉਹਨਾਂ ਨੂੰ ਲੰਬੇ ਸਮੇਂ ਤੱਕ ਇੰਤਜ਼ਾਰ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਹ ਸਵਾਗਤ ਅਤੇ ਸਹਾਇਤਾ ਕੇਂਦਰ ਉਨ੍ਹਾਂ ਦੇ ਦਫ਼ਤਰ ਦੇ ਬਿਲਕੁਲ ਬਾਹਰ ਸਥਾਪਿਤ ਕੀਤਾ ਗਿਆ ਹੈ ਅਤੇ ਉਹ ਸੀ.ਸੀ.ਟੀ.ਵੀ. ਰਾਹੀਂ ਸਾਰੀਆਂ ਗਤੀਵਿਧੀਆਂ ਦੀ ਨਿਗਰਾਨੀ ਕਰਨਗੇ। ਵਿਧਾਇਕ ਸਰਵਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੇ ਘਰ-ਘਰ ਪਹੁੰਚ ਕੇ ਉਨ੍ਹਾਂ ਦੀ ਮਦਦ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪਹਿਲਾਂ ਹੀ ਸਰਕਾਰ ਤੁਹਾਡੇ ਦੁਆਰ ਸਕੀਮ ਤਹਿਤ ਕੈਂਪ ਲਗਾ ਰਹੀ ਹੈ।