- ਬਲਾਕ ਪੱਧਰੀ ਖੇਡਾਂ 1 ਤੋਂ 3 ਸਤੰਬਰ ਤੱਕ , ਜਿਲ੍ਹਾ ਪੱਧਰੀ ਖੇਡਾਂ 11 ਤੋਂ 17 ਸਤੰਬਰ ਤੱਕ ਹੋਣਗੀਆਂ
ਫਰੀਦਕੋਟ, 24 ਅਗਸਤ : ਖੇਡਾਂ ਵਤਨ ਪੰਜਾਬ ਦੀਆਂ’ ਦੇ ਪਹਿਲੇ ਸਾਲ ਦੀ ਸਫਲਤਾ ਤੋਂ ਬਾਅਦ ਇਸ ਸਾਲ ਸੀਜ਼ਨ-2 ਦੀ ਸ਼ੁਰੂਆਤ ਤੋਂ ਪਹਿਲਾਂ ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਅਤੇ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂਆਤ ਕੀਤੀ ਗਈ ਮਸ਼ਾਲ ਮਾਰਚ ਮਿਤੀ 28 ਅਗਸਤ ਨੂੰ ਜਿਲ੍ਹਾ ਫਰੀਦਕੋਟ ਵਿਖੇ ਪਹੁੰਚੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਕੀਤੀ ਵਿਸ਼ੇਸ਼ ਮੀਟਿੰਗ ਮੌਕੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਉਨ੍ਹਾਂ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-2 ਦੇ ਉਦਘਾਟਨੀ ਸਮਾਰੋਹ ਮੌਕੇ ਜਲਾਈ ਜਾਣ ਵਾਲੀ ਮਸ਼ਾਲ ਨੂੰ ਇਕ ਹਫਤਾ ਪੂਰੇ ਪੰਜਾਬ ਵਿੱਚ ਹਰ ਜ਼ਿਲਾ ਹੈਡਕੁਆਟਰ ਵਿੱਚ ਲਿਜਾਇਆ ਜਾਵੇਗਾ ਜਿਸ ਦੀ ਸ਼ੁਰੂਆਤ ਲੁਧਿਆਣਾ ਤੋਂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮਸ਼ਾਲ ਲੁਧਿਆਣਾ, ਫਿਰੋਜਪੁਰ, ਤਰਨ ਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ, ਐਸ.ਏ.ਐਸ ਨਗਰ, ਫਤਹਿਗੜ੍ਹ ਸਾਹਿਬ, ਮਾਲੇਰਕੋਟਲਾ, ਪਟਿਆਲਾ, ਸੰਗਰੂਰ, ਮਾਨਸਾ, ਬਰਨਾਲਾ ਆਦਿ ਇਲਾਕਿਆਂ ਤੋਂ ਹੁੰਦੀ ਹੋਈ 28 ਅਗਸਤ ਨੂੰ ਜਿਲ੍ਹਾ ਫਰੀਦਕੋਟ ਵਿੱਚ ਪਹੁੰਚੇਗੀ। ਜਿਸ ਉਪਰੰਤ ਇਹ ਬਠਿੰਡਾ ਵਿਖੇ 29 ਅਗਸਤ ਨੂੰ ਪਹੁੰਚੇਗੀ ਜਿੱਥੇ ਖੇਡਾਂ ਦੇ ਦੂਜੇ ਸੀਜ਼ਨ ਦਾ ਉਦਘਾਟਨ ਹੋਵੇਗਾ। ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਹੋਣ ਵਾਲੀਆਂ ਗਤੀਵਿਧੀਆਂ ਅਤੇ 28 ਅਗਸਤ ਨੂੰ ਪਹੁੰਚਣ ਵਾਲੇ ਮਸ਼ਾਲ ਮਾਰਚ ਸਬੰਧੀ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਜਾਣ। ਉਨ੍ਹਾਂ ਕਿਹਾ ਕਿ ਮਸ਼ਾਲ ਮਾਰਚ ਵਿੱਚ ਸਥਾਨਕ ਉੱਘੇ ਖਿਡਾਰੀ, ਖੇਡ ਵਿਭਾਗ ਦੇ ਕਰਮਚਾਰੀ, ਸਥਾਨਕ ਨੁਮਾਇੰਦੇ ਅਤੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀ ਸ਼ਾਮਲ ਹੋਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 ਤਹਿਤ ਬਲਾਕ ਪੱਧਰੀ ਖੇਡਾਂ ਦੇ ਮੁਕਾਬਲੇ 1 ਸਤੰਬਰ ਤੋਂ 3 ਸਤੰਬਰ ਤੱਕ ਨਹਿਰੂ ਸਟੇਡੀਅਮ ਫਰੀਦਕੋਟ, ਪਿੰਡ ਹਰੀ ਨੌ, ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀ. ਸੈਕੰ ਸਕੂਲ ਜੈਤੋ ਵਿਖੇ ਹੋਣਗੇ। ਇਸੇ ਤਰ੍ਹਾ ਜਿਲ੍ਹਾ ਪੱਧਰੀ ਖੇਡਾਂ ਦੇ ਮੁਕਾਬਲੇ 11 ਸਤੰਬਰ ਤੋਂ 17 ਸਤੰਬਰ ਤੱਕ ਨਹਿਰੂ ਸਟੇਡੀਅਮ ਫਰੀਦਕੋਟ, ਸਰਕਾਰੀ ਬਲਬੀਰ ਸੀਨੀ. ਸੈਕੰ ਸਕੂਲ, ਸਰਕਾਰੀ ਬਰਜਿੰਦਰਾ ਕਲਾਜ, ਹਾਕੀ ਟਰਫ ਸਟੇਡੀਅਮ ਵਿਖੇ ਹੋਣਗੇ। ਉਨ੍ਹਾਂ ਦੱਸਿਆ ਕਿ ਰਾਜ ਪੱਧਰੀ ਖੇਡਾਂ ਦੇ ਮੁਕਾਬਲੇ 1 ਅਕਤੂਬਰ ਤੋਂ 20 ਅਕਤੂਬਰ ਤੱਕ ਨਹਿਰੂ ਸਟੇਡੀਅਮ ਅਤੇ ਸਰਕਾਰੀ ਬਲਬੀਰ ਸਕੂਲ ਵਿਖੇ ਹੋਣਗੇ। ਉਨ੍ਹਾ ਸਮੂਹ ਅਧਿਕਾਰੀਆਂ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ।