
- ਸ਼ਹੀਦਾਂ ਨੂੰ ਯਾਦ ਕਰਨਾ ਸਾਡਾ ਬਣਦਾ ਹੈ ਫਰਜ਼- ਸਹਾਇਕ ਕਮਿਸ਼ਨਰ
- ਕਿਹਾ ਕਿ ਜੋ ਦੇਸ਼ ਅਤੇ ਕੌਮਾਂ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਦੀਆਂ ਹਨ, ਉਨ੍ਹਾਂ ਦਾ ਵਜੂਦ ਹਮੇਸ਼ਾ ਚੜਦੀਕਲ੍ਹਾ ਵਿੱਚ ਰਹਿੰਦਾ ਹੈ
- ਸੁਤੰਤਰਤਾ ਸੰਗਰਾਮੀਆਂ ਵੱਲੋਂ ਵਿਖਾਏ ਸੱਚ ਅਤੇ ਅਹਿੰਸਾ ਦੇ ਰਸਤੇ ਤੇ ਚੱਲਣ ਦੀ ਲੋੜ – ਗੁਰਮੀਤ ਕੁਮਾਰ ਬਾਂਸਲ
ਮਾਲੇਰਕੋਟਲਾ 30 ਜਨਵਰੀ 2025 : ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਮਹਾਨ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਦੇ ਸਬੰਧ ਵਿੱਚ ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ ਦੀ ਅਗਵਾਈ ਹੇਠ ਮਹਾਨ ਸ਼ਹੀਦਾਂ ਨੂੰ ਉਚੇਚੇ ਤੌਰ ’ਤੇ ਯਾਦ ਕੀਤਾ ਗਿਆ। ਇਸ ਮੌਕੇ ਦਫ਼ਤਰ ਡਿਪਟੀ ਕਮਿਸ਼ਨਰ ਦੀਆਂ ਵੱਖ-ਵੱਖ ਸ਼ਾਖਾਵਾਂ ਦੇ ਕਰਮਚਾਰੀਆਂ ਵੱਲੋਂ ਮਹਾਨ ਸ਼ਹੀਦਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਅਰਪਿਤ ਕੀਤੀ ਗਈ। ਉਨ੍ਹਾਂ ਕਿਹਾ ਕਿ ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕਰਨਾ ਸਾਡਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਮਹਾਨ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਆਜ਼ਾਦ ਦੇਸ਼ ਦਾ ਆਨੰਦ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਦੇਸ਼ ਦੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੇ ਹਮੇਸ਼ਾ ਸੱਚ ਦੀ ਰਾਹ ਤੇ ਚਲਦਿਆਂ ਹੋਇਆ ਸਭਨਾਂ ਨੂੰ ਸਾਂਤੀ ਬਣਾਏ ਰੱਖਣ ਦਾ ਸੰਦੇਸ਼ ਦਿੱਤਾ। ਉਹ ਅਹਿੰਸਾ ਦੇ ਪੁਜਾਰੀ ਸਨ। ਉਨ੍ਹਾਂ ਦੀ ਅਗਾਂਹਵਧੂ ਸੋਚ ਤੇ ਸਾਧਾਰਨ ਰਹਿਣ- ਸਹਿਣ ਨੇ ਸਭਨਾਂ ਨੂੰ ਪ੍ਰਭਾਵਿਤ ਕੀਤਾ ਤੇ ਦੇਸ਼ ਨੂੰ ਆਜ਼ਾਦ ਕਰਵਾਉਣ ਵਿੱਚ ਨਿਭਾਈ ਗਈ ਉਨ੍ਹਾਂ ਦੀ ਅਹਿਮ ਭੂਮਿਕਾਂ ਕੋਈ ਵੀ ਵਿਅਕਤੀ ਭੁਲਾ ਨਹੀਂ ਸਕਦਾ। ਉਨ੍ਹਾਂ ਹੋਰ ਕਿਹਾ ਕਿ ਜੋ ਦੇਸ਼ ਅਤੇ ਕੌਮਾਂ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਦੀਆਂ ਹਨ, ਉਨ੍ਹਾਂ ਦਾ ਵਜੂਦ ਹਮੇਸ਼ਾ ਚੜਦੀਕਲ੍ਹਾ ਵਿੱਚ ਰਹਿੰਦਾ ਹੈ। ਉਨ੍ਹਾਂ ਅਜੌਕੇ ਸਮੇਂ ਵਿੱਚ ਸੁਤੰਤਰਤਾ ਸੰਗਰਾਮੀ ਮਹਾਤਮਾ ਗਾਂਧੀ ਜੀ ਵੱਲੋਂ ਵਿਖਾਏ ਸੱਚ ਅਤੇ ਅਹਿੰਸਾ ਦੇ ਰਸਤੇ ਤੇ ਚੱਲਣ ਦੀ ਲੋੜ ਤੇ ਜੋਰ ਦਿੱਤਾ। ਇਸ ਮੌਕੇ ਡੀ.ਸੀ. ਦਫਤਰ ਦੀਆਂ ਵੱਖ-ਵੱਖ ਸ਼ਾਖਾਵਾਂ ਦੇ ਕਰਮਚਾਰੀ ਸੀਨੀਅਰ ਸਹਾਇਕ ਮੋਹਿਤ ਕੁਮਾਰ, ਹੇਮੰਤ ਬਾਂਸਲ, ਅੰਮ੍ਰਿਤਪਾਲ ਸਿੰਘ, ਕੁਲਵਿੰਦਰ ਸਿੰਘ, ਗੁਰਪ੍ਰੀਤ ਕੌਰ, ਮਹਿੰਮਾ, ਨੇਹਾ, ਸਿਮਰਨ, ਜਸਪ੍ਰੀਤ ਕੌਰ ਤੋਂ ਇਲਾਵਾ ਹੋਰ ਕਰਮਚਾਰੀ ਵੀ ਮੌਜੂਦ ਰਹੇ।