ਭਾਰਤ ਦੇ ਆਜ਼ਾਦੀ ਸੰਗਰਾਮ ਦੌਰਾਨ ਜਾਨਾਂ ਵਾਰਨ ਵਾਲੇ ਆਜ਼ਾਦੀ ਘੁਲਾਟੀਆਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਗਿਆ

  • ਐਸ ਐਸ ਪੀ ਅਤੇ ਏ ਡੀ ਸੀ ਵੀ ਮੌਜੂਦ ਰਹੇ

ਐਸ.ਏ.ਐਸ.ਨਗਰ, 30 ਜਨਵਰੀ, 2025  ਭਾਰਤ ਦੇ ਆਜ਼ਾਦੀ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਆਜ਼ਾਦੀ ਘੁਲਾਟੀਆਂ ਦੇ ਯੋਗਦਾਨ ਨੂੰ ਯਾਦ ਕਰਨ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਐਸ.ਏ.ਐਸ ਨਗਰ ਮੁਹਾਲੀ ਵਿਖੇ ਦੋ ਮਿੰਟ ਦਾ ਮੌਨ ਰੱਖਿਆ ਗਿਆ। ਦੋ ਮਿੰਟ ਦਾ ਮੌਨ ਧਾਰਨ ਮੌਕੇ ਸੀਨੀਅਰ ਪੁਲਿਸ ਕਪਤਾਨ ਦੀਪਕ ਪਾਰੀਕ, ਵਧੀਕ ਡਿਪਟੀ ਕਮਿਸ਼ਨਰ (ਜ) ਵਿਰਾਜ ਐਸ ਤਿੜਕੇ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਸੋਨਮ ਚੌਧਰੀ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਹੋਰ ਸਟਾਫ਼ ਨੇ ਸ਼ਿਰਕਤ ਕੀਤੀ, ਵਧੀਕ ਡਿਪਟੀ ਕਮਿਸ਼ਨਰ ਵਿਰਾਜ ਐਸ ਤਿੜਕੇ ਨੇ ਕਿਹਾ ਕਿ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੀ ਬਰਸੀ 'ਤੇ ਮਨਾਇਆ ਜਾਣ ਵਾਲਾ ਇਹ ਦਿਹਾੜਾ ਸਾਨੂੰ ਦੇਸ਼ ਦੇ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੀ ਯਾਦ ਦਿਵਾਉਂਦਾ ਹੈ, ਜਿਨ੍ਹਾਂ ਨੇ ਦੇਸ਼ ਭਗਤੀ ਦੀ ਭਾਵਨਾ ਨਾਲ ਦੇਸ਼ ਨੂੰ ਅੰਗਰੇਜ਼ਾਂ ਦੇ ਜੂਲੇ ਤੋਂ ਆਜ਼ਾਦ ਕਰਵਾਉਣ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ। ਐਸ ਐਸ ਪੀ ਦੀਪਕ ਪਾਰੀਕ ਨੇ ਕਿਹਾ ਕਿ ਸਾਨੂੰ ਹਮੇਸ਼ਾ ਆਪਣੇ ਰਾਸ਼ਟਰ ਖਾਸ ਕਰਕੇ ਮਹਾਨ ਆਜ਼ਾਦੀ ਘੁਲਾਟੀਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ, ਜਿਨ੍ਹਾਂ ਨੇ ਸਾਡੇ ਲਈ ਵਧੀਆ ਭਵਿੱਖ ਦੇ ਨਾਲ ਮਾਣ ਵਾਲੀ ਜ਼ਿੰਦਗੀ ਬਣਾਉਣ ਲਈ ਬਰਤਾਨਵੀ ਸ਼ਾਸਕਾਂ ਦੇ ਜ਼ੁਲਮ ਵਿਰੁੱਧ ਲੜਾਈ ਲੜੀ।