- ਕਿਹਾ! ਜ਼ਿਲ੍ਹੇ 'ਚ ਇਸ ਮਿਸ਼ਨ ਨੂੰ ਸਫ਼ਲ ਬਣਾਉਣ ਲਈ ਲੜੀਵਾਰ ਗਤੀਵਿਧੀਆਂ ਕਰਵਾਈਆਂ ਜਾਣਗੀਆਂ
ਲੁਧਿਆਣਾ, 23 ਅਕਤੂਬਰ 2024 : ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਵੱਖ-ਵੱਖ ਗਤੀਵਿਧੀਆਂ ਸ਼ੁਰੂ ਕਰਨ ਲਈ ਤੱਤਪਰ ਹੈ ਜਿਸਦੇ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਵਲੋਂ ਬੁੱਧਵਾਰ ਨੂੰ ਸਬੰਧਤ ਵਿਭਾਗਾਂ ਨਾਲ ਆਪਣੇ ਦਫਤਰ ਵਿੱਚ ਮੀਟਿੰਗ ਦੌਰਾਨ ਸਾਰੀ ਯੋਜਨਾ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਹਰਜਿੰਦਰ ਸਿੰਘ ਬੇਦੀ ਅਤੇ ਹੋਰ ਵਿਭਾਗਾਂ ਦੇ ਉੱਚ ਅਧਿਕਾਰੀ ਮੌਜੂਦ ਸਨ। ਸ੍ਰੀ ਜਤਿੰਦਰ ਜੋਰਵਾਲ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜ਼ਿਲ੍ਹੇ ਦੇ ਸਾਰੇ ਸਕੂਲਾਂ,ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨਾਂ 'ਤੇ ਸੈਟਰੀ ਨੈਪਕਿਨ ਪੇਡ ਮਸ਼ੀਨਾਂ ਤੁਰੰਤ ਲਗਵਾਉਣੀਆਂ ਯਕੀਨੀ ਬਣਾਉਣ। ਉਨ੍ਹਾਂ ਇਹ ਵੀ ਕਿਹਾ ਕਿ ਬੇਟੀ ਬਚਾਓ ਮੁਹਿੰਮ ਤਹਿਤ ਸੇਧ ਦੇਣ ਲਈ ਲਿਟਰੇਚਰ ਸਕੂਲਾਂ, ਆਂਗਨਵਾੜੀਆਂ ਅਤੇ ਪਿੰਡਾਂ ਘਰ- ਘਰ ਵੰਡਿਆ ਜਾਵੇ। ਸਕੂਲਾਂ ਵਿੱਚ ਸੈਮੀਨਾਰ ਕਰਵਾਏ ਜਾਣ ਤਾਂ ਜ਼ੋ ਇਸ ਅਲਾਮਤ ਨੂੰ ਜੜ ਤੋਂ ਖ਼ਤਮ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਮੁਹਿੰਮ ਤਹਿਤ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਲਈ ਨਵੀਆਂ ਗਤੀਵਿਧੀਆਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਬੇਟੀ ਬਚਾਓ ਬੇਟੀ ਪੜ੍ਹਾਓ ਦੇ ਸੰਦੇਸ਼ ਨੂੰ ਜ਼ਿਲ੍ਹੇ ਭਰ ਵਿੱਚ ਫੈਲਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੜਕੀਆਂ ਨੂੰ ਸਾਡੇ ਜ਼ਿਲ੍ਹੇ ਨਾਲ ਸਬੰਧਤ ਸਫਲ ਔਰਤਾਂ ਦੀਆਂ ਕਹਾਣੀਆਂ ਸਾਂਝੀਆਂ ਕਰੇਗਾ। ਇਸ ਨਾਲ ਲੜਕੀਆਂ ਦੀ ਜ਼ਿੰਦਗੀ ਵਿੱਚ ਨਵੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਉਨ੍ਹਾਂ ਦੇ ਆਤਮਵਿਸ਼ਵਾਸ ਵਿੱਚ ਹੋਰ ਵਾਧਾ ਹੋਵੇਗਾ। ਇਸੇ ਤਰ੍ਹਾਂ ਇਹਨਾਂ ਸਫਲ ਔਰਤਾਂ ਇਨ੍ਹਾਂ ਰੋਲ ਮਾਡਲਾਂ ਰਾਹੀਂ ਮਹਿਲਾ ਸਸ਼ਕਤੀਕਰਨ ਦਾ ਮਜ਼ਬੂਤ ਸੰਦੇਸ਼ ਦਿੱਤਾ ਜਾ ਸਕੇ। ਸ੍ਰੀ ਜਤਿੰਦਰ ਜੋਰਵਾਲ ਨੇ ਇਹ ਵੀ ਕਿਹਾ ਕਿ ਪ੍ਰਸ਼ਾਸਨ ਵੱਲੋਂ ਲੜਕੀਆਂ ਲਈ ਕਿੱਤਾਮੁਖੀ ਕੋਰਸ ਸ਼ੁਰੂ ਕਰਨ ਤੋਂ ਇਲਾਵਾ ਹੋਰ ਗਤੀਵਿਧੀਆਂ ਦੀ ਵੀ ਯੋਜਨਾ ਬਣਾਈ ਜਾ ਰਹੀ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਗਤੀਵਿਧੀਆਂ ਨੂੰ ਸਭ ਤੋਂ ਵੱਧ ਤਰਜੀਹ ਦੇਣ ਤਾਂ ਜੋ ਇਸ ਸਕੀਮ ਨੂੰ ਸਫਲ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੁਧਿਆਣਾ ਪ੍ਰਸ਼ਾਸਨ ਨੇ ਲਿੰਗ ਸਮਾਨਤਾ ਅਤੇ ਲੜਕੀਆਂ ਦੀ ਮਹੱਤਤਾ ਦਾ ਸੁਨੇਹਾ ਦੇਣ ਲਈ ਇਸ ਸਕੀਮ ਤਹਿਤ ਪਹਿਲਾਂ ਹੀ ਅਨੇਕਾਂ ਗਤੀਵਿਧੀਆਂ ਸ਼ੁਰੂ ਕੀਤੀਆਂ ਹਨ। ਹੁਣ, ਇਸ ਚੱਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਆਉਣ ਵਾਲੇ ਦਿਨਾਂ ਵਿੱਚ ਕੁਝ ਨਵੀਆਂ ਗਤੀਵਿਧੀਆਂ ਸ਼ੁਰੂ ਕੀਤੀਆਂ ਜਾਣੀਆਂ ਹਨ।