- ਸਿੱਖਿਆ ਸਰਕਾਰ ਦੀ ਪ੍ਰਮੁੱਖ ਤਰਜੀਹ - ਡਿਪਟੀ ਕਮਿਸ਼ਨਰ
- ਹਰੇਕ ਵਿਦਿਆਰਥੀ ਨੂੰ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਸਿੱਖਿਆ ਵਿਭਾਗ ਨੂੰ ਜਾਰੀ ਕੀਤੇ ਨਿਰਦੇਸ਼
ਲੁਧਿਆਣਾ, 8 ਅਕਤੂਬਰ 2024 : ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਵੱਲੋਂ ਸਿੱਖਿਆ ਵਿਭਾਗ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਕਿ ਜ਼ਿਲ੍ਹੇ ਵਿੱਚ ਕੋਈ ਵੀ ਵਿਦਿਆਰਥੀ ਸਕੂਲਾਂ ਤੱਕ ਪਹੁੰਚ ਤੋਂ ਵਾਂਝਾ ਨਾ ਰਹਿ ਜਾਵੇ। ਸਥਾਨਕ ਬੱਚਤ ਭਵਨ ਵਿਖੇ, ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ (ਡੀ.ਈ.ਡੀ.ਸੀ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਹਰੇਕ ਬੱਚੇ ਲਈ ਮਿਆਰੀ ਸਿੱਖਿਆ ਦੀ ਪਹੁੰਚ ਨੂੰ ਯਕੀਨੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ ਕਿ ਬੱਚੇ ਸੂਬਾ ਸਰਕਾਰ ਦੀ ਗਰੀਬ ਪੱਖੀ ਅਤੇ ਅਗਾਂਹਵਧੂ ਸਿੱਖਿਆ ਨੀਤੀ ਦਾ ਲਾਭ ਉਠਾ ਸਕਣ। ਉਹਨਾਂ ਕਿਹਾ ਕਿ ਬੱਚਿਆਂ ਦੀ ਸਕੂਲ ਵਿੱਚ 100 ਪ੍ਰਤੀਸ਼ਤ ਹਾਜ਼ਰੀ ਨੂੰ ਯਕੀਨੀ ਬਣਾਇਆ ਜਾਵੇ। ਸ੍ਰੀ ਜਤਿੰਦਰ ਜੋਰਵਾਲ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਮਿਡ-ਡੇ-ਮੀਲ ਦੀਆਂ ਰਸੋਈਆਂ ਵਿੱਚ ਚੰਗੀ ਤਰ੍ਹਾਂ ਸਫਾਈ ਰੱਖਣ ਦੀ ਵਿਵਸਥਾ ਨੂੰ ਯਕੀਨੀ ਬਣਾਉਣ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸਕੂਲਾਂ ਵਿਚ ਰਸੋਈ ਗਾਰਡਨਿੰਗ ਨੂੰ ਉਤਸ਼ਾਹਿਤ ਕਰਨ ਦੀ ਸਲਾਹ ਵੀ ਦਿੱਤੀ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਕੂਲਾਂ ਵਿਚ ਮਿਡ-ਡੇ-ਮੀਲ ਦੀ ਨਿਯਮਤ ਜਾਂਚ ਕਰਨ 'ਤੇ ਵੀ ਜ਼ੋਰ ਦਿੱਤਾ ਅਤੇ ਸਕੂਲਾਂ ਵਿੱਚ ਭੋਜਨ ਟੈਸਟ ਰਜਿਸਟਰ ਰੱਖਣ, ਬੱਚਿਆਂ ਨੂੰ ਮਿਆਰੀ ਭੋਜਨ ਮੁਹੱਈਆ ਕਰਵਾਉਣ ਅਤੇ ਖਾਣਾ ਬਣਾਉਂਦੇ ਸਮੇਂ ਸਾਫ਼-ਸਫ਼ਾਈ ਰੱਖਣ ਲਈ ਕਿਹਾ। ਸਕੂਲਾਂ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਨੂੰ ਵੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸਿਹਤ ਜਾਂਚ ਅਤੇ ਮਿਡ-ਡੇ-ਮੀਲ ਵਰਕਰਾਂ ਦਾ ਹਰ ਛੇ ਮਹੀਨੇ ਬਾਅਦ ਮੈਡੀਕਲ ਚੈਕਅੱਪ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਮਿਡ-ਡੇ-ਮੀਲ ਦੌਰਾਨ ਵਿਦਿਆਰਥੀਆਂ ਨੂੰ ਤਾਜ਼ੀਆਂ ਸਬਜ਼ੀਆਂ/ਫਲਾਂ ਦੀ ਸਪਲਾਈ ਯਕੀਨੀ ਬਣਾਉਣ। ਸ੍ਰੀ ਜਤਿੰਦਰ ਜੋਰਵਾਲ ਵੱਲੋਂ ਜ਼ਿਲ੍ਹੇ ਦੇ ਸਕੂਲਾਂ ਵਿੱਚ ਵਿਕਾਸ ਪ੍ਰੋਜੈਕਟਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ। ਚੱਲ ਰਹੇ ਨਿਰਮਾਣ ਕਾਰਜਾਂ, ਮਿਡ-ਡੇ-ਮੀਲ, ਐਸ.ਐਸ.ਏ., ਅਪਾਹਜਾਂ ਲਈ ਸਮਾਵੇਸ਼ੀ ਸਿੱਖਿਆ, ਯੂ.ਡੀ.ਆਈਜ਼ ਸਰਵੇਖਣ, ਅਨਾਜ, ਪਖਾਨੇ ਅਤੇ ਹੋਰਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਸਕੂਲਾਂ ਨੂੰ ਨਵੇਂ ਵਿੱਦਿਅਕ ਸੈਸ਼ਨ ਦੌਰਾਨ ਸਵੈ ਸਹਾਇਤਾ ਸਮੂਹਾਂ ਨੂੰ ਵਰਦੀਆਂ ਦੇ ਆਰਡਰ ਦੇਣ ਲਈ ਵੀ ਕਿਹਾ ਗਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿੱਖਿਆ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸੁਸਕਤ ਬਣਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ, ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਮੈਡਮ ਕਿ੍ਤਿਕਾ ਗੋਇਲ, ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ੍ਰੀਮਤੀ ਡਿੰਪਲ ਮਦਾਨ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ੍ਰੀਮਤੀ ਰਵਿੰਦਰ ਕੌਰ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।