
- ਸ਼ਰਾਰਤੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ – ਡਾ. ਅਖਿਲ ਚੌਧਰੀ, ਆਈ.ਪੀ.ਐਸ.
ਸ੍ਰੀ ਮੁਕਤਸਰ ਸਾਹਿਬ, 18 ਮਈ 2025 : ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਿਆਂ ਅਤੇ ਮਾੜੇ ਅਨਸਰਾਂ ਵਿਰੁੱਧ ਮੁਹਿੰਮ ਤਹਿਤ ਐਸ.ਐਸ.ਪੀ ਡਾ. ਅਖਿਲ ਚੌਧਰੀ ਆਈ.ਪੀ.ਐਸ. ਦੀ ਅਗਵਾਈ ਹੇਠ “ਅਪ੍ਰੈਸ਼ਨ ਸੀਲ” ਚਲਾਇਆ ਗਿਆ। ਇਸ ਅਭਿਆਨ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਹਰਿਆਣਾ ਅਤੇ ਰਾਜਸਥਾਨ ਦੇ ਨਾਲ ਲੱਗਦੀਆਂ ਸਰਹੱਦਾਂ ਅਤੇ ਦੋਨੋਂ ਸੂਬਿਆਂ ਦੀ ਪੁਲਿਸ ਨਾਲ ਸਾਂਝੇ ਤੌਰ 'ਤੇ ਨਾਕਾਬੰਦੀ ਕਰਕੇ ਵਿਸ਼ਾਲ ਸਰਚ ਆਪਰੇਸ਼ਨ ਕੀਤਾ ਗਿਆ। ਇਸ ਦੀ ਅਗਵਾਈ SSP ਸ੍ਰੀ ਮੁਕਤਸਰ ਸਾਹਿਬ ਡਾ. ਅਖਿਲ ਚੌਧਰੀ ਆਈ.ਪੀ.ਐਸ. ਵੱਲੋਂ ਕੀਤੀ ਗਈ, ਜਿਸ ਵਿੱਚ SP(D) ਸ੍ਰੀ ਮਨਮੀਤ ਸਿੰਘ ਢਿੱਲੋ, DSP ਲੰਬੀ ਸ੍ਰੀ ਜਸਪਾਲ ਸਿੰਘ, DSP(D) ਸ੍ਰੀ ਰਮਨਪ੍ਰੀਤ ਸਿੰਘ ਗਿੱਲ, SI ਕਰਮਜੀਤ ਕੌਰ (ਮੁੱਖ ਅਫਸਰ ਥਾਣਾ ਕਿਲਿਆਂਵਾਲੀ) ਅਤੇ ਕਰੀਬ 300 ਪੁਲਿਸ ਅਧਿਕਾਰੀ ਤੇ ਕਰਮਚਾਰੀ ਸ਼ਾਮਲ ਸਨ। SSP ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ "ਅਪ੍ਰੈਸ਼ਨ ਸੀਲ" ਤਹਿਤ 19 ਨਾਕੇ ਲਗਾਏ ਗਏ, ਜਿਨ੍ਹਾਂ ਵਿੱਚੋਂ 13 ਨਾਕੇ ਹਰਿਆਣਾ ਅਤੇ 6 ਨਾਕੇ ਰਾਜਸਥਾਨ ਦੀ ਸਰਹੱਦ 'ਤੇ ਲਗਾਏ ਗਏ। ਇਨ੍ਹਾਂ ਨਾਕਿਆਂ 'ਤੇ ਦੋਹਾਂ ਸੂਬਿਆਂ ਦੀ ਪੁਲਿਸ ਵੱਲੋਂ ਸਾਂਝੇ ਤਰੀਕੇ ਨਾਲ ਚੈਕਿੰਗ ਕੀਤੀ ਗਈ। ਇਸ ਦੌਰਾਨ ਸਰਹੱਦਾਂ ਤੋਂ ਆਉਣ-ਜਾਣ ਵਾਲੇ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ 'ਤੇ ਖ਼ਾਸ ਨਿਗਰਾਨੀ ਰੱਖੀ ਗਈ, ਨਜਾਇਜ਼ ਸ਼ਰਾਬ, ਨਸ਼ੇ ਦੀ ਤਸਕਰੀ ਅਤੇ ਹੋਰ ਗੈਰਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਵਾਹਨ ਐਪ ਰਾਹੀਂ ਵਹੀਕਲਾਂ ਦੀ ਵੀ ਜਾਂਚ ਕੀਤੀ ਗਈ। ਉਨ੍ਹਾਂ ਕਿਹਾ ਕਿ ਇਨ੍ਹਾਂ ਅਭਿਆਨਾਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ ਅਤੇ ਕੋਈ ਵੀ ਸ਼ਰਾਰਤੀ ਅਨਸਰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ SSP ਡਾ. ਅਖਿਲ ਚੌਧਰੀ ਆਈ.ਪੀ.ਐਸ. ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਕੋਲ ਨਸ਼ਿਆਂ ਜਾਂ ਗੈਰਕਾਨੂੰਨੀ ਗਤੀਵਿਧੀਆਂ ਸਬੰਧੀ ਕੋਈ ਵੀ ਜਾਣਕਾਰੀ ਹੋਵੇ ਤਾਂ ਉਹ ਪੁਲਿਸ ਹੈਲਪਲਾਈਨ 8054370100, ਸੇਫ਼ ਪੰਜਾਬ ਹੈਲਪਲਾਇਨ 9779100200 ਤੇ ਸੰਪਰਕ ਕਰ ਸਕਦੇ ਹਨ। ਜਾਣਕਾਰੀ ਦੇਣ ਵਾਲੇ ਦਾ ਨਾਂਮ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ।