- ਪਿੰਡਾਂ ਵਿਚ ਚੁਗਿਰਦੇ ਨੂੰ ਸਾਫ ਰੱਖਣ ਲਈ ਜਾਗਰੂਕਤਾ ਕੈਂਪਾਂ ਦਾ ਆਯੋਜਨ
ਮਾਨਸਾ, 25 ਸਤੰਬਰ : ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਵੱਛਤਾ ਹੀ ਸੇਵਾ ਮੁਹਿੰਮ ਰਾਹੀਂ ਲੋਕਾਂ ਨੂੰ ਜਾਗਰੂਕ ਕਰਨ ਲਈ ਕੀਤੀਆਂ ਜਾ ਰਹੀਆਂ ਵੱਖ ਵੱਖ ਗਤੀਵਿਧੀਆਂ ਨੂੰ ਉਪ ਮੰਡਲਾਂ ਅਧੀਨ ਪੈਂਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਕਾਰਜਕਾਰੀ ਇੰਜੀਨੀਅਰ-ਕਮ-ਸੈਨੀਟੇਸ਼ਨ ਅਫ਼ਸਰ ਕੇਵਲ ਗਰਗ ਨੇ ਦੱਸਿਆ ਕਿ ਸਵੱਛਤਾ ਹੀ ਸੇਵਾ ਮੁਹਿੰਮ 02 ਅਕਤੂਬਰ ਤੱਕ ਜਾਰੀ ਰਹੇਗੀ। ਇਸ ਮੁਹਿੰਮ ਦੌਰਾਨ ਪਿੰਡ ਵਾਸੀਆਂ ਨੂੰ ਆਪਣੇ ਘਰ ਅਤੇ ਆਲੇ ਦੁਆਲੇ ਦੇ ਚੁਗਰਿਦੇ ਨੂੰ ਸਾਫ ਰੱਖਣ ਬਾਰੇ ਜਾਗਰੂਕ ਕਰਨ ਲਈ ਕੈਂਪ ਲਗਾਏ ਜਾ ਰਹੇ ਹਨ। ਵਿਭਾਗ ਦੇ ਸ਼ੋਸ਼ਲ ਸਟਾਫ ਵੱਲੋਂ ਪਿੰਡਾਂ ਵਿਚ ਲੋਕਾਂ ਨੂੰ ਸੁੱਕੇ ਅਤੇ ਗਿੱਲੇ ਕੂੜੇ ਦੇ ਸਹੀ ਅਤੇ ਸੁਰੱਖਿਅਤ ਨਿਪਟਾਰੇ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਿੰਗਲ ਯੂਜ਼ ਪਲਾਸਟਿਕ ਵਾਲੇ ਥੈਲਿਆਂ ਦੀ ਵਰਤੋਂ ਨਾ ਕਰਦਿਆਂ ਘਰ ਦੇ ਬਣੇ ਜੂਟ ਦੇ ਥੈਲਿਆਂ ਦਾ ਇਸਤੇਮਾਲ ਕਰਨ ਬਾਰੇ ਪਿੰਡ ਵਾਸੀਆਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਪਿੰਡਾਂ ਦੇ ਲੋਕਾਂ ਨੂੰ ਅਤੇ ਵੱਖ-ਵੱਖ ਸਕੂਲਾਂ ਵਿਚ ਜਾ ਕੇ ਵਿਦਿਆਰਥੀਆਂ ਨੂੰ ਸਾਫ ਸਫਾਈ ਦੇ ਫਾਇਦਿਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਵਿਭਾਗ ਦੇ ਅਧਿਕਾਰੀਆਂ ਵੱਲੋਂ ਆਪਣੇ ਆਲੇ ਦੁਆਲੇ ਸਾਫ ਸਫਾਈ ਰੱਖਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਤੰਦਰੁਸਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।