- 15 ਸਤੰਬਰ ਤੋਂ 2 ਅਕਤੂਬਰ ਤੱਕ ਜਾਰੀ ਰਹੇਗੀ ਮੁਹਿੰਮ-ਡਿਪਟੀ ਕਮਿਸ਼ਨਰ
ਮਾਨਸਾ, 22 ਸਤੰਬਰ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ 15 ਸਤੰਬਰ ਤੋਂ 2 ਅਕਤੂਬਰ ਤੱਕ ਸਵੱਛਤਾ ਹੀ ਸੇਵਾ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਸਬੰਧੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਮਾਨਸਾ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਗਤੀਵਿਧੀਆਂ ਰਾਹੀਂ ਵੱਖ-ਵੱਖ ਪਿੰਡਾਂ ਦੀਆਂ ਗਲੀਆਂ, ਨਾਲੀਆਂ, ਟੋਭਿਆਂ, ਛੱਪੜਾਂ, ਸੂਇਆਂ, ਧਾਰਮਿਕ ਸਥਾਨਾਂ ਦੀ ਸਫ਼ਾਈ, ਸੁੱਕੇ ਅਤੇ ਗਿੱਲੇ ਕੂੜੇ ਨੂੰ ਵੱਖੋ-ਵੱਖਰਾ ਕਰਨ ਬਾਰੇ ਜਾਗਰੂਕਤਾ ਫੈਲਾਉਣਾ, ਸਕੂਲੀ ਬੱਚਿਆਂ ਅਤੇ ਸਟਾਫ਼ ਨਾਲ ਮਿਲ ਕੇ ਸਕੂਲ ਰੈਲੀਆਂ ਕਰਵਾਈਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਐਫ.ਸੀ.ਐਮ. (ਫੀਕਲ ਸਲੱਜ ਮੈਨੇਜਮੈਂਟ) ਪਲਾਂਟ ਲਗਵਾਉਣ ਲਈ ਪੰਚਾਇਤਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਤਾਂ ਜੋ ਪਖਾਣਿਆਂ ਦੀ ਗਾਰ ਵਾਲੇ ਟੈਂਕਾਂ ਨੂੰ 3 ਤੋਂ 5 ਸਾਲਾਂ ਦੇ ਵਿੱਚ ਆਪਣੀ ਜ਼ਿੰਮੇਵਾਰੀ ਨਾਲ ਖਾਲੀ ਕਰਵਾਇਆ ਜਾ ਸਕੇ।