ਬੇਰੁਜ਼ਗਾਰ ਅਧਿਆਪਕ ਸਰਕਾਰ ਅਤੇ ਸਿੱਖਿਆ ਮੰਤਰੀ ਦੇ ਝੂਠੇ ਵਾਅਦਿਆਂ ਤੋਂ ਤੰਗ ਹੋ ਕੇ ਟੈਂਕੀ ’ਤੇ ਚੜੇ

ਸ੍ਰੀ ਅਨੰਦਪੁਰ ਸਾਹਿਬ,  27 ਫਰਵਰੀ, 2025 : ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਦੇ ਝੂਠੇ ਵਾਅਦਿਆਂ ਤੋਂ ਤੰਗ ਆ ਕੇ ਸੂਬੇ ਦੇ ਬੇਰੁਜ਼ਗਾਰ ਅਧਿਆਪਕ ਸ੍ਰੀ ਅਨੰਦਪੁਰ ਸਾਹਿਬ ਅਧੀਨ ਪੈਂਦੇ ਪਿੰਡ ਮਾਂਗੇਵਾਲ ਵਿੱਚ ਪਾਣੀ ਦੀ ਟੈਂਕੀ ’ਤੇ ਚੜ੍ਹ ਗਏ ਹਨ। ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੇ ਸਿੱਖਿਆ ਮੰਤਰੀ ਨੂੰ ਚਿਤਾਵਨੀ ਦਿੱਤੀ ਕਿ ਤੁਹਾਡੇ ਕੋਲ ਅੱਜ ਅਤੇ ਕੱਲ੍ਹ (48 ਘੰਟੇ) ਦਾ ਸਮਾਂ ਹੈ। ਸਾਡਾ ਮਸਲਾ ਹੱਲ ਕਰਕੇ ਸਾਨੂੰ ਸਕੂਲਾਂ ਵਿੱਚ ਭਰਤੀ ਕਰਵਾਇਆ ਜਾਵੇ ਨਹੀਂ ਤਾਂ ਅਸੀਂ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਮਜਬੂਰ ਹੋਵਾਂਗੇ। ਪਾਣੀ ਦੀ ਟੈਂਕੀ 'ਤੇ ਚੜ੍ਹੇ ਬੇਰੁਜ਼ਗਾਰ ਅਧਿਆਪਕ ਨੇ ਵੀਡੀਓ ਜਾਰੀ ਕਰਕੇ ਈਟੀਟੀ 5994 ਅਤੇ ਈਟੀਟੀ 2364 ਦੇ ਬੇਰੁਜ਼ਗਾਰ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੋਸਤੋ ਅਸੀਂ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਕੇ ਸਿੱਖਿਆ ਵਿਭਾਗ ਅਤੇ ਸਿੱਖਿਆ ਮੰਤਰੀ ਦੇ ਨਿੱਤ ਦੇ ਝੂਠੇ ਵਾਅਦਿਆਂ ਤੋਂ ਤੰਗ ਆ ਚੁੱਕੇ ਹਾਂ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਵੀਰਵਾਰ ਅਤੇ ਸ਼ੁੱਕਰਵਾਰ ਤੱਕ ਸਾਡਾ ਮਸਲਾ ਹੱਲ ਨਾ ਹੋਇਆ ਤਾਂ ਅਸੀਂ ਹੋਰ ਵੀ ਤਿੱਖਾ ਸੰਘਰਸ਼ ਕਰਾਂਗੇ। ਬੇਰੁਜ਼ਗਾਰਾਂ ਨੇ ਕਿਹਾ ਕਿ ਅਸੀਂ ਸ੍ਰੀ ਅਨੰਦਪੁਰ ਸਾਹਿਬ ਦੇ ਪੁਲਿਸ ਪ੍ਰਸ਼ਾਸਨ ਅਤੇ ਸਿਵਲ ਪ੍ਰਸ਼ਾਸਨ ਨੂੰ ਬੇਨਤੀ ਕਰਦੇ ਹਾਂ ਕਿ ਸਾਨੂੰ ਕਿਸੇ ਵੀ ਤਰ੍ਹਾਂ ਤੰਗ ਨਾ ਕੀਤਾ ਜਾਵੇ, ਅਸੀਂ ਆਪਣੇ ਨਾਲ ਪੈਟਰੋਲ ਦੀਆਂ ਬੋਤਲਾਂ ਲੈ ਕੇ ਆਏ ਹਾਂ। ਜੇਕਰ ਪ੍ਰਸ਼ਾਸਨ ਨੇ ਸਾਡੇ 'ਤੇ ਜ਼ਬਰਦਸਤੀ ਕੀਤੀ ਤਾਂ ਅਸੀਂ ਆਪਣੇ ਆਪ 'ਤੇ ਪੈਟਰੋਲ ਪਾ ਕੇ ਅੱਗ ਲਗਾ ਲਵਾਂਗੇ ਅਤੇ ਇਸ ਮੁਹਿੰਮ ਲਈ ਆਪਣਾ ਜੀਵਨ ਸਮਰਪਿਤ ਕਰ ਦੇਵਾਂਗੇ।