ਅਬੋਹਰ, ਫਾਜ਼ਿਲਕਾ, 7 ਅਗਸਤ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਅਬੋਹਰ ਵਿਖੇ ਸਥਾਪਿਤ ਆਮ ਆਦਮੀ ਕਲੀਨਿਕ ਦਾ ਅਚਨੇਚੇਤ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਹਾਜਰ ਸਟਾਫ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਲੀਨਿਕ ਵਿਖੇ ਲੋਕਾਂ ਲਈ ਹਰ ਤਰ੍ਹਾਂ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕਾ ਨੂੰ ਪੀਣ ਵਾਲੇ ਪਾਣੀ ਤੋਂ ਲੈ ਕੇ ਦਵਾਈਆਂ ਆਦਿ ਹਰ ਸੁਵਿਧਾ ਲਾਜਮੀ ਹੋਣੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਨੇ ਦੌਰੇ ਦੌਰਾਨ ਆਮ ਆਦਮੀ ਕਲੀਨਿਕ ਵਿਖੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਬਾਰੇ ਮੌਜੂਦ ਸਟਾਫ ਤੋਂ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਸਟਾਫ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਦੀ ਬਿਹਤਰੀ ਲਈ ਵਿਸ਼ੇਸ਼ ਧਿਆਨ ਦਿੰਦਿਆਂ ਆਮ ਆਦਮੀ ਕਲੀਨਿਕਾਂ ਦੀ ਸਿਰਜਣਾ ਕੀਤੀ ਗਈ ਹੈ, ਇਸ ਲਈ ਲੋਕਾਂ ਨੂੰ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਨਾ ਛੱਡੀ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਵਿਖੇ ਲੋਕਾਂ ਨੂੰ ਲੋੜ ਅਨੁਸਾਰ ਹਰ ਤਰ੍ਹਾਂ ਦੀਆਂ ਸਿਹਤ ਸੇਵਾਵਾਂ ਦਿੱਤੀਆਂ ਜਾਣ ਤਾਂ ਜ਼ੋ ਉਨ੍ਹਾਂ ਨੂੰ ਇਲਾਜ ਲਈ ਕਿਤੇ ਹੋਰ ਨਾ ਜਾਣਾ ਪਵੇ। ਉਨ੍ਹਾਂ ਕਿਹਾ ਕਿ ਸਟਾਫ ਵੱਲੋਂ ਆਪਣੀ ਤਨੇਦਹੀ ਨਾਲ ਡਿਉਟੀ ਨਿਭਾਉਂਦਿਆਂ ਮੁਕੰਮਲ ਤੌਰ *ਤੇ ਹਾਜਰੀ ਯਕੀਨੀ ਬਣਾਈ ਜਾਵੇ ਅਤੇ ਡਿਉਟੀ ਤੋਂ ਕੋਈ ਵੀ ਗੈਰ ਹਾਜਰ ਨਾ ਪਾਇਆ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਲੋਕਾਂ ਨਾਲ ਵਧੀਆ ਵਤੀਰਾ ਵਰਤਿਆ ਜਾਵੇ। ਉਨ੍ਹਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਕਲੀਨਿਕ ਵਿਖੇ ਦਵਾਈਆਂ ਦਾ ਸਟਾਕ ਹਰ ਵੇਲੇ ਮੌਜੂਦ ਹੋਵੇ, ਕਿਸੇ ਵੀ ਦਵਾਈ ਦੀ ਘਾਟ ਨਾ ਹੋਵੇ। ਇਸ ਮੌਕੇ ਉਨ੍ਹਾਂ ਲੋਕਾਂ ਤੋਂ ਵੀ ਕਲੀਨਿਕ ਵਿਖੇ ਮਿਲ ਰਹੀਆਂ ਸਿਹਤ ਸੁਵਿਧਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ ਤੇ ਲੋਕਾਂ ਨੂੰ ਪੇਸ਼ ਆਉਂਦੀਆਂ ਸਮੱਸਿਆਵਾਂ ਬਾਰੇ ਸਿਹਤ ਸਟਾਫ ਨੂੰ ਜਾਣੂ ਕਰਵਾਉਣ ਦੇ ਨਾਲ-ਨਾਲ ਸਮੱਸਿਆਵਾਂ ਨੂੰ ਦੂਰ ਕਰਨ ਸਬੰਧੀ ਆਦੇਸ਼ ਦਿੱਤੇ।