ਤਪਾ, 21 ਜੁਲਾਈ : ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਵੀਨਾ ਜਰੇਵਾਲ ਵੱਲੋਂ ਸਬ ਡਵੀਜ਼ਨਲ ਹਸਪਤਾਲ ਤਪਾ ਦਾ ਦੌਰਾ ਕੀਤਾ ਗਿਆ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਨਵਜੋਤਪਾਲ ਸਿੰਘ ਭੁੱਲਰ ਸਮੇਤ ਮੌਜੂਦ ਡਾਕਟਰਾਂ ਨਾਲ ਸਿਹਤ ਵਿਭਾਗ ਦੇ ਚੱਲ ਰਹੇ ਵੱਖ ਵੱਖ ਪ੍ਰੋਗਰਾਮਾਂ ਸਬੰਧੀ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਐਮਰਜੈਂਸੀ, ਐਮ.ਸੀ.ਐਚ. ਦੇ ਨਾਲ ਨਾਲ ਹੜ੍ਹ ਅਤੇ ਬਰਸਾਤ ਦੇ ਮੌਸਮ ਕਾਰਨ ਪੈਦਾ ਹੋ ਰਹੀਆਂ ਦਸਤ, ਹੈਜ਼ਾ ਆਦਿ ਬਿਮਾਰੀਆਂ ਤੋਂ ਬਚਾਅ ਲਈ ਆਮ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸਮੂਹ ਅਧਿਕਾਰੀ ਅਤੇ ਕਰਮਚਾਰੀ ਇਹ ਯਕੀਨੀ ਬਣਾਉਣ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਾਪਤ ਕਰਨ ਵਿੱਚ ਕੋਈ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਬਰਸਾਤਾਂ ਦੇ ਦਿਨਾਂ ਵਿੱਚ ਦਸਤ, ਹੈਜ਼ਾ, ਡੇਂਗੂ, ਮਲੇਰੀਆ ਆਦਿ ਤੋਂ ਬਚਾਅ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਡਿਪਟੀ ਡਾਇਰੈਕਟਰ ਨੇ ਐਸ.ਡੀ.ਐਚ.ਤਪਾ ਵਿਖੇ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਦੇ ਢੁਕਵੇਂ ਪ੍ਰਬੰਧਾਂ ਲਈ ਡਾ. ਭੁੱਲਰ ਸਮੇਤ ਸਾਰੇ ਸਟਾਫ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਨਵਜੋਤਪਾਲ ਭੁੱਲਰ ਨੇ ਦੱਸਿਆ ਕਿ ਦਸਤ ਤੋਂ ਬਚਾਅ ਲਈ ਬਲਾਕ ਤਪਾ ਅਧੀਨ ਸਾਰੀਆਂ ਸਿਹਤ ਸੰਸਥਾਵਾਂ ਵਿਖੇ ਓ.ਆਰ.ਐਸ. ਕਾਰਨਰ ਸਥਾਪਤ ਕੀਤੇ ਗਏ ਹਨ। ਇਸ ਤੋਂ ਇਲਾਵਾ ਡੇਂਗੂ ਤੋਂ ਬਚਾਅ ਲਈ ਮੱਛਰ ਦਾ ਲਾਰਵਾ ਲੱਭਣ ਲਈ ਵੀ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਤਪਾ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਮੇਸ਼ਾ ਵਚਨਬੱਧ ਹੈ। ਇਸ ਮੌਕੇ ਡਾ. ਕੰਵਲਜੀਤ ਬਾਜਵਾ, ਡਾ. ਗੁਰਪ੍ਰੀਤ ਸਿੰਘ, ਬਲਾਕ ਐਜੂਕੇਟਰ ਜਸਪਾਲ ਸਿੰਘ ਜਟਾਣਾ, ਐਸ.ਆਈ ਰਣਜੀਵ, ਕੁਲਦੀਪ ਸਿੰਘ ਆਦਿ ਹਾਜ਼ਰ ਸਨ।