- ਕੱਟੜ ਮੌਕਾਪ੍ਰਸਤ ਭਗਵੰਤ ਮਾਨ ਦੀ ਕਾਂਗਰਸ ਤੇ ਭਾਜਪਾ ਨਾਲ ਸਾਂਝ: ਬਿਕਰਮ ਮਜੀਠੀਆ
- ਪੰਜਾਬੀਆਂ ਨੂੰ ਪੰਜਾਬ ਦੀ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਫੈਸਲਾਕੁੰਨ ਫਤਵਾ ਦੇਣ ਦੀ ਕੀਤੀ ਅਪੀਲ
ਪਾਇਲ, 9 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਕਾਂਗਰਸ ਤੇ ਭਾਜਪਾ ਨਾਲ ਰਲ ਗਏ ਹਨ ਤੇ ਸੂਬੇ ਦੇ ਹਿੱਤਾਂ ਦੀ ਰਾਖੀ ਵਾਸਤੇ ਉਹਨਾਂ ’ਤੇ ਵਿਸਾਹ ਨਹੀਂ ਕੀਤਾ ਜਾ ਸਕਦਾ। ਅਕਾਲੀ ਆਗੂ, ਜਿਹਨਾਂ ਨੂੰ ਪੰਜਾਬ ਬਚਾਓ ਯਾਤਰਾ ਦੌਰਾਨ ਸਾਬਕਾ ਮੰਤਰੀ ਸਰਦਾਰ ਸ਼ਰਨਜੀਤ ਸਿੰਘ ਢਿੱਲੋਂ ਤੇ ਸਰਦਾਰ ਮਨਜੀਤ ਸਿੰਘ ਮਦਨੀਪੁਰ ਦੇ ਨਾਲ ਭਰਵਾਂ ਹੁੰਗਾਰਾ ਮਿਲਿਆ, ਨੇ ਕਿਹਾ ਕਿ ਮੁੱਖ ਮੰਤਰੀ ਨੂੰ ਆਪਣੇ ਆਪ ਨੂੰ ’ਕੱਟੜ ਇਮਾਨਦਾਰ’ ਅਤੇ ’ਕੱਟੜ ਦੇਸ਼ਭਗਤ’ ਆਖਣ ਵਿਚ ਬਹੁਤ ਖੁਸ਼ੀ ਮਹਿਸੂਸ ਹੁੰਦੀ ਹੈ ਪਰ ਸੱਚਾਈ ਇਹ ਹੈ ਕਿ ਉਹ ਕੱਟੜ ਮੌਕਾਪ੍ਰਸਤ ਹਨ ਜਿਹਨਾਂ ਨੇ ਕਾਂਗਰਸ ਤੇ ਭਾਜਪਾ ਨਾਲ ਸਾਂਝ ਪਾ ਲਈ ਹੈ। ਉਹਨਾਂ ਕਿਹਾ ਕਿ ਸ੍ਰੀ ਭਗਵੰਤ ਮਾਨ ਦਾ ਜਿਥੇ ਇੰਡੀਆ ਗਠਜੋੜ ਦੇ ਹਿੱਸੇ ਵਜੋਂ ਕਾਂਗਰਸ ਦਾ ਸ਼ਰ੍ਹੇਆਮ ਗਠਜੋੜ ਹੈ ਤੇ ਉਹਨਾਂ ਨੇ ਹਰਿਆਣਾ ਵਿਚ ਕਾਂਗਰਸ ਦੇ ਉਮੀਦਵਾਰ ਅਸ਼ੋਕ ਅਰੋੜਾ ਲਈ ਚੋਣ ਪ੍ਰਚਾਰ ਵੀ ਕੀਤਾ, ਉਹ ਹੁਣ ਭਾਜਪਾ ਨਾਲ ਵੀ ਸਾਂਝਭਿਆਲੀ ਲਈ ਤਿਆਰ ਹਨ। ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਪੰਜਾਬੀਆਂ ਨੂੰ ਕਿਹਾ ਕਿ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਕਾਂਗਰਸ ਦੀ ਸਿਖ਼ਰਲੀ ਲੀਡਰਸ਼ਿਪ ਨਾਲ ਸਟੇਜ ਸਾਂਝੀ ਕਰਦੇ ਹਨ ਅਤੇ ਹਰਿਆਣਾ ਵਿਚ ਕਾਂਗਰਸ ਲਈ ਚੋਣ ਪ੍ਰਚਾਰ ਕਰਦੇ ਹਨ ਤਾਂ ਫਿਰ ਪੰਜਾਬ ਵਿਚ ਆਪ ਕਾਂਗਰਸ ਦੇ ਖਿਲਾਫ ਕਿਵੇਂ ਲੜ ਸਕਦੀ ਹੈ? ਉਹਨਾਂ ਕਿਹਾ ਕਿ ਆਪ ਨੂੰ ਵੋਟਾਂ ਪਾਉਣ ਦਾ ਮਤਲਬ ਹੈ ਕਾਂਗਰਸ ਨੂੰ ਵੋਟਾਂ ਪਾਉਣਾ ਤੇ ਕਾਂਗਰਸ ਨੂੰ ਵੋਟ ਪਾਉਣ ਦਾ ਮਤਲਬ ਹੈ ਕਿ ਆਪ ਨੂੰ ਵੋਟਾਂ ਪਾਉਣਾ। ਉਹਨਾਂ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਦੋਵਾਂ ਪਾਰਟੀਆਂ ਦਾ ਬਾਈਕਾਟ ਕਰਨ ਅਤੇ ਕਿਹਾ ਕਿ ਦੋਵੇਂ ਪਾਰਟੀਆਂ ਰਲ ਕੇ ਪੰਜਾਬੀਆਂ ਨੂੰ ਮੂਰਖ ਬਣਾਉਣਾ ਚਾਹੁੰਦੀਆਂ ਹਨ। ਉਹਨਾਂ ਇਹ ਵੀ ਕਿਹਾ ਕਿ ਕਾਂਗਰਸ ਤੇ ਆਪ ਸਰਕਾਰਾਂ ਨੇ ਹਮੇਸ਼ਾ ਪੰਜਾਬੀਆਂ ਨਾਲ ਧੋਖਾ ਕੀਤਾ ਹੈ। ਉਹਨਾਂ ਕਿਹਾ ਕਿ ਕਾਂਗਰਸ ਨੇ ਕਿਸਾਨਾਂ ਨੂੰ ਪੂਰਨ ਕਰਜ਼ਾ ਮੁਆਫੀ ਤੇ ਘਰ ਘਰ ਨੌਕਰੀ ਦਾ ਵਾਅਦਾ ਕੀਤਾ ਸੀ ਪਰ ਕੀਤਾ ਕੱਖ ਵੀ ਨਹੀਂ ਜਦੋਂ ਕਿ ਇਹ ਸੂਬੇ ਵਿਚ ਨਸ਼ਾ ਤਸਕਰੀ ਦੀ ਪੁਸ਼ਤਪਨਾਹੀ ਕਰ ਰਹੀ ਹੈ। ਮੁੱਖ ਮੰਤਰੀ ਦੇ ਭਾਜਪਾ ਨਾਲ ਗੁਪਤ ਸਮਝੌਤੇ ਦੀ ਗੱਲ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਸ੍ਰੀ ਭਗਵੰਤ ਮਾਨ ਨੇ ਆਪਣੀ ਕੁਰਸੀ ਬਚਾਉਣ ਵਾਸਤੇ ਆਪਣੇ ਆਪ ਨੂੰ ਭਾਜਪਾ ਅੱਗੇ ਵਿਛਾ ਦਿੱਤਾ ਹੈ ਤੇ ਕਿਹਾ ਕਿ ਉਹ ਜਾਣਦੇ ਹਨ ਕਿ ਦਿੱਲੀ ਵਿਚ ਜੋ ਸ਼ਰਾਬ ਘੁਟਾਲਾ ਹੋਇਆ ਹੈ ਅਤੇ ਜਿਸ ਵਿਚ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਉਹ ਪੰਜਾਬ ਵਿਚ ਵੀ ਹੋਇਆ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਜਾਣਦੇ ਹਨ ਕਿ ਉਹਨਾਂ ਦੇ ਦਿੱਲੀ ਦੇ ਹਮਰੁਤਬਾ ਵਾਂਗੂ ਉਹਨਾਂ ਨੂੰ ਵੀ ਕਿਸੇ ਵੇਲੇ ਵੀ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਉਹਨਾਂ ਕਿਹਾ ਕਿ ਇਹੀ ਕਾਰਣ ਹੈ ਕਿ ਉਹਨਾਂ ਨੇ ਚਲ ਰਹੇ ਕਿਸਾਨੀ ਸੰਘਰਸ਼ ਦੌਰਾਨ ਹਰਿਆਣਾ ਪੁਲਿਸ ਵੱਲੋਂ ਕੀਤੇ ਨੌਜਵਾਨ ਕਿਸਾਨ ਸ਼ੁਭਕਰਨ ਦੇ ਕਤਲ ਅਤੇ ਪ੍ਰੀਤਪਾਲ ਸਿੰਘ ਨੂੰ ਗੰਭੀਰ ਜ਼ਖ਼ਮੀ ਕਰਨ ਦੇ ਮਾਮਲੇ ਵਿਚ ਹਰਿਆਣਾ ਪੁਲਿਸ ਦੇ ਖਿਲਾਫ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸਰਦਾਰ ਮਜੀਠੀਆ ਨੇ ਪੰਜਾਬੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਖੁੱਲ੍ਹੇਦਿਲ ਨਾਲ ਅਕਾਲੀ ਦਲ ਦੀ ਹਮਾਇਤ ਕਰਨ ਤੇ ਕਿਹਾ ਕਿ ਸੂਬੇ ਦੀ ਇਕਲੌਤੀ ਖੇਤਰੀ ਪਾਰਟੀ ਦੇ ਹੱਕ ਵਿਚ ਫੈਸਲਾਕੁੰਨ ਫਤਵਾ ਦਿੱਤਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਨਾ ਸਿਰਫ ਤੇਜ਼ ਰਫਤਾਰ ਵਿਕਾਸ ਬਲਕਿ ਥਰਮਲ ਪਲਾਂਟ, ਚਹੁੰ ਮਾਰਗੀ ਸੜਕਾਂ ਅਤੇ ਹਵਾਈ ਅੱਡਿਆਂ ਸਮੇਤ ਬੁਨਿਆਦੀ ਢਾਂਚੇ ਦੀ ਸਿਰਜਣਾ ਲਈ ਜਾਣਿਆ ਜਾਂਦਾ ਹੈ ਬਲਕਿ ਇਸਨੇ ਆਟਾ ਦਾਲ, ਬੁਢਾਪਾ ਪੈਨਸ਼ਨ ਤੇ ਸ਼ਗਨ ਸਕੀਮ ਵਰਗੀਆਂ ਨਿਵੇਕਲੀਆਂ ਸਮਾਜ ਭਲਾਈ ਸਕੀਮਾਂ ਵੀ ਸ਼ੁਰੂ ਕੀਤੀਆਂ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਦੀਆਂ ਸਰਕਾਰਾਂ ਵੇਲੇ ਅਮਨ ਸ਼ਾਂਤੀ ਤੇ ਫਿਰਕੂ ਸਦਭਾਵਨਾ ਸਭ ਤੋਂ ਮੁਢਲੀ ਜ਼ਰੂਰਤ ਮੰਨੀ ਜਾਂਦੀ ਸੀ। ਇਸ ਦੌਰਾਨ ਪੰਜਾਬ ਬਚਾਓ ਯਾਤਰਾ ਨੂੰ ਸਮਾਜ ਦੇ ਹਰ ਵਰਗ ਤੋਂ ਭਰਵਾਂ ਹੁੰਗਾਰਾ ਮਿਲਿਆ। ਵੱਖ-ਵੱਖ ਥਾਵਾਂ ’ਤੇ ਦੁਕਾਨਦਾਰ ਯਾਤਰਾ ਦੇ ਸਵਾਗਤ ਵਾਸਤੇ ਦੁਕਾਨਾਂ ਤੋਂ ਬਾਹਰ ਆ ਗਏ ਅਤੇ ਸੈਂਕੜੇ ਨੌਜਵਾਨ ਟਰੈਕਟਰ ਟਰਾਲੀਆਂ, ਮੋਟਰ ਸਾਇਕਲ ਤੇ ਪੈਦਲ ਹੀ ਯਾਤਰਾ ਦੇ ਨਾਲ ਤੁਰਦੇ ਨਜ਼ਰ ਆਏ।