
ਸ੍ਰੀ ਫ਼ਤਹਿਗੜ੍ਹ ਸਾਹਿਬ, 19 ਨਵੰਬਰ (ਹਰਪ੍ਰੀਤ ਸਿੰਘ ਗੁੱਜਰਵਾਲ) : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦਾ ਖਾਤਮਾ ਕਰਨ ਲਈ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਯੁਵਕ ਸੇਵਾਵਾਂ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਤਾ ਗੁਜਰੀ ਕਾਲਜ਼ ਦੇ ਆਡੀਟੋਰੀਅਮ ਵਿਖੇ ਯੂਥ ਕਲੱਬਾਂ ਦੀ ਟਰੇਨਿੰਗ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਮਨਤੇਜ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਨਸ਼ਿਆਂ ਦਾ ਖਾਤਮਾ ਕਰਨ ਲਈ ਚਲਾਈ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਯੂਥ ਕਲੱਬਾਂ ਦੇ ਮੈਂਬਰਾਂ ਨੂੰ ਜੋੜ ਕੇ ਇਸ ਮੁਹਿੰਮ ਨੂੰ ਜਮੀਨੀ ਪੱਧਰ ਤੇ ਕਾਮਯਾਬ ਕੀਤਾ ਜਾਵੇਗਾ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚੋਂ ਬਾਹਰ ਕੱਢ ਕੇ ਸਿਹਤਮੰਦ ਤੇ ਨਿਰੋਗ ਜੀਵਨ ਬਤੀਤ ਕਰਨ ਦਾ ਮੌਕਾ ਪ੍ਰਦਾਨ ਕੀਤਾ ਜਾ ਸਕੇ। ਉਨ੍ਹਾਂ ਇਸ ਮੌਕੇ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਇਕਬਾਲਜੀਤ ਸਿੰਘ ਨੇ ਪਰਾਲੀ ਨਾ ਸਾੜਨ ਸਬੰਧੀ ਨੁਕਤੇ ਸਾਂਝੇ ਕੀਤੇ ਅਤੇ ਇਸ ਦੀ ਰੋਕਥਾਮ ਲਈ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ। ਜਦੋਂ ਕਿ ਜਿਲ੍ਹਾ ਜੰਗਲਾਤ ਵਿਭਾਗ ਦੇ ਮਨਜੀਤ ਸਿੰਘ ਨੇ ਵਾਤਾਵਰਨ ਚੇਤਨਾ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਨੌਜਵਾਨਾਂ ਨੂੰ ਅੱਗੇ ਆਉਣ ਲਈ ਅਪੀਲ ਕੀਤੀ। ਇਸ ਮੌਕੇ ਸਿਵਲ ਹਸਪਤਾਲ ਰੂਪਨਗਰ ਦੇ ਬਲੱਡ ਟਰਾਂਸਮਿਸ਼ਨ ਅਫ਼ਸਰ ਡਾ. ਭਵਲੀਨ ਕੌਰ ਨੇ ਖੂਨਦਾਨ ਕਰਨ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਣੂ ਕਰਵਾਇਆ। ਸ੍ਰੀ ਤੀਰਥ ਸਿੰਘ ਕਪੂਰਗੜ੍ਹ ਵੱਲੋਂ ਯੁਵਕ ਸੇਵਾਵਾਂ ਵਿਭਾਗ ਦੇ ਸਭਿਆਚਾਰਕ ਆਦਾਨ-ਪ੍ਰਦਾਨ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੀ ਪ੍ਰਤਿਭਾ ਨੂੰ ਨਿਖਾਰਨ ਲਈ ਇਹਨਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਜਿਲ੍ਹਾ ਰੋਜਗਾਰ ਦਫਤਰ ਤੋਂ ਸ੍ਰੀ ਗੁਰਪ੍ਰੀਤ ਸਿੰਘ ਅਤੇ ਹਰਮਿੰਦਰ ਸਿੰਘ ਵੱਲੋਂ ਨੌਜਵਾਨਾਂ ਨੂੰ ਰੁਜਗਾਰ ਅਤੇ ਸਵੈ ਰੋਜਗਾਰ ਬਾਰੇ ਵਿਚਾਰ ਵਟਾਦਰਾ ਕੀਤਾ ਗਿਆ ਗਿਆ। ਇਸ ਮੌਕੇ ਜਗਜੀਤ ਸਿੰਘ ਰੰਧਾਵਾ, ਡਾਲੀ ਸਿੰਘ ਸਾਹ, ਨੌਰੰਗ ਸਿੰਘ ਵਿਸਾਲ ਸਿੰਘ,ਆਰਿਅਨ ਮਹਾਜਨ,ਤੀਰਥ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਯੂਥ ਕਲੱਬਾਂ ਦੇ ਮੈਂਬਰ ਤੇ ਆਹੁਦੇਦਾਰ ਹਾਜਰ ਸਨ।