
ਬਠਿੰਡਾ, 7 ਮਾਰਚ 2025 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਫੈਸਲਾਕੁੰਨ ਭੂਮਿਕਾ ਹੋਵੇਗੀ ਤੇ ਨਸ਼ਿਆਂ ਦੇ ਖਾਤਮੇ ਲਈ ਸਮਾਜ ਦੇ ਹਰੇਕ ਵਰਗ ਦੇ ਲੋਕਾਂ ਨੂੰ ਸਹਿਯੋਗ ਦੇਣਾ ਹੋਵੇਗਾ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਥਾਨਕ ਸਰਕਾਰੀ ਮੁੜ ਵਸੇਬਾ ਕੇਂਦਰ ਦਾ ਦੌਰਾ ਕਰਕੇ ਜਾਇਜ਼ਾ ਲੈਣ ਉਪਰੰਤ ਮੀਡੀਆਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਬਠਿੰਡਾ ਸ਼ਹਿਰੀ ਸ. ਜਗਰੂਪ ਸਿੰਘ ਗਿੱਲ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ, ਐਸਐਸਪੀ ਮੈਡਮ ਅਮਨੀਤ ਕੌਂਡਲ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਦੌਰਾਨ ਸਿਹਤ ਮੰਤਰੀ ਸ. ਬਲਬੀਰ ਸਿੰਘ ਨੇ ਮੀਡੀਆਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਵੱਖ-ਵੱਖ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ’ਯੁੱਧ ਨਸ਼ੇ ਵਿਰੁੱਧ‘ ਮੁਹਿੰਮ ਵਿੱਚ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਨੂੰ ਸਰਕਾਰ ਵੱਲੋਂ ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ ਵੀ ਦਿੱਤੀ ਜਾਵੇਗੀ ਅਤੇ ਸਿਖਲਾਈ ਉਪਰੰਤ ਉਨ੍ਹਾਂ ਨੂੰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਹੇਠ ਕਰਜ਼ੇ ਦਿਵਾ ਕੇ ਸਵੈ ਰੋਜ਼ਗਾਰ ਸ਼ੁਰੂ ਕਰਵਾਇਆ ਜਾਵੇਗਾ। ਇਸ ਦੌਰਾਨ ਉਨ੍ਹਾਂ ਸੂਬੇ ਦੀਆਂ ਔਰਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਘਰ ਦਾ ਕੋਈ ਇੱਕ ਮੈਂਬਰ ਨਸ਼ਿਆਂ ਦੀ ਦਲਦਲ ਵਿੱਚ ਫਸ ਗਿਆ ਹੈ ਤਾਂ ਉਸ ਨੂੰ ਸਰਕਾਰੀ ਨਸ਼ਾ ਛੁਡਾਉ ਕੇਂਦਰ ਵਿਖੇ ਲਿਆਂਦਾ ਜਾਵੇ ਅਤੇ ਸਰਕਾਰ ਵਾਅਦਾ ਕਰਦੀ ਹੈ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਦੀ ਜਿੰਦਗੀ ਬਚਾ ਕੇ ਉਨ੍ਹਾਂ ਨੂੰ ਮੁੜ ਤੋਂ ਸਿਹਤਮੰਦ ਜੀਵਨ ਜਿਊਣ ਦਾ ਮੌਕਾ ਦਿੱਤਾ ਜਾਵੇਗਾ। ਇਸ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਿਆਂ ਦੇ ਸੌਦਾਗਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਜਾਂ ਤਾਂ ਨਸ਼ਿਆਂ ਦਾ ਕਾਰੋਬਾਰ ਛੱਡ ਦੇਣ ਜਾਂ ਫਿਰ ਪੰਜਾਬ ਛੱਡ ਕੇ ਚਲੇ ਜਾਣ। ਉਨ੍ਹਾਂ ਕਿਹਾ ਕਿ ਅਸੀਂ ਸੂਬੇ ਦੀ ਜਵਾਨੀ ਨੂੰ ਬਚਾਉਣਾ ਹੈ ਅਤੇ ਪੰਜਾਬ ਦੀ ਜਵਾਨੀ ਨੂੰ ਗਲਤ ਰਾਹ ’ਤੇ ਲੈ ਜਾਣ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਿਆਂ ਦੇ ਸੌਦਾਗਰਾਂ ਵੱਲੋਂ ਨਸ਼ੇ ਵੇਚ ਕੇ ਬਣਾਈਆਂ ਗਈਆਂ ਜਾਇਦਾਦਾਂ ਨੂੰ ਵੀ ਢਾਹਿਆ ਜਾਵੇਗਾ ਤਾਂ ਜੋ ਮੁੜ ਤੋਂ ਕੋਈ ਵੀ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਆਦਤ ਵਿੱਚ ਨਾ ਫਸਾ ਸਕੇ। ਸਿਹਤ ਮੰਤਰੀ ਨੇ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੇ ਪ੍ਰਬੰਧਕਾਂ ਨੂੰ ਸਖਤ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਤੁਹਾਡੇ ਕੇਂਦਰ ਨਸ਼ੇ ਛੁਡਵਾਉਣ ਲਈ ਚੱਲ ਰਹੇ ਹਨ ਤੇ ਤੁਹਾਡਾ ਕੰਮ ਸਿਰਫ ਨਸ਼ੀਲੀਆਂ ਗੋਲੀਆਂ ਵੇਚਣਾ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਂਦਰਾਂ ਦੀ ਕਾਰਜ ਪ੍ਰਣਾਲੀ ਤੇ ਜਿਥੇ ਉਹ ਖੁਦ ਤਿੱਖੀ ਨਜ਼ਰ ਰੱਖਣਗੇ ਉਥੇ ਹੀ ਸਮੇਂ-ਸਮੇਂ ਇਨ੍ਹਾਂ ਕੇਂਦਰਾਂ ਦੀ ਚੈਕਿੰਗ ਵੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਪ੍ਰਾਈਵੇਟ ਨਸਾ ਛੁਡਵਾਉ ਕੇਂਦਰ ਦੇ ਬਾਹਰ ਨਸ਼ੀਲੀਆਂ ਗੋਲੀਆਂ ਵਿਕਣ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਤਾਂ ਸਬੰਧਤ ਕੇਂਦਰ ਦੇ ਪ੍ਰਬੰਧਕਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਪ੍ਰਾਈਵੇਟ ਨਸ਼ਾ ਛੁਡਵਾਊ ਕੇਂਦਰਾਂ ਦੇ ਪ੍ਰਬੰਧਕਾਂ ਤੋਂ ਮਨੋਰੋਗ ਮਾਹਰ ਡਾਕਟਰਾਂ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ। ਇਸ ਤੋਂ ਪਹਿਲਾਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਰਿਹੈਬਿਲੀਟੇਸ਼ਨ ਸੈਂਟਰ ’ਚ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਕਿੱਤਾਮੁਖੀ ਕੋਰਸਾਂ ਤੇ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਉਨ੍ਹਾਂ ਵਲੋਂ ਸੈਂਟਰ ਵਿੱਚ ਬਣੇ ਜਿੰਮ ਦਾ ਵੀ ਨਿਰੀਖਣ ਕੀਤਾ। ਇਸ ਮੌਕੇ ਕਾਰਜਕਾਰੀ ਸਿਵਲ ਸਰਜਨ ਡਾ. ਨਵਦੀਪ ਕੌਰ ਸਰਾਂ ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰ੍ਰੀਜ਼ ਡਿਵੈਲਪਮੈਂਟ ਬੋਰਡ ਸ੍ਰੀ ਨੀਲ ਗਰਗ, ਚੇਅਰਮੈਨ ਸ਼ੂਗਰਫੈਡ ਪੰਜਾਬ ਸ. ਨਵਦੀਪ ਜੀਦਾ, ਚੇਅਰਮੈਨ, ਆਬਕਾਰੀ ਤੇ ਕਰ ਵਿਭਾਗ ਸ਼੍ਰੀ ਅਨਿਲ ਠਾਕੁਰ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ੍ਰੀ ਅੰਮ੍ਰਿਤ ਲਾਲ ਅਗਰਵਾਲ, ਪੰਜਾਬ ਖਾਦੀ ਤੇ ਵਿਲਜ ਇੰਡਸਟਰੀਜ਼ ਬੋਰਡ ਦੇ ਡਾਇਰੈਕਟਰ ਬੱਲੀ ਬਲਜੀਤ, ਡਾਇਰੈਕਟਰ ਪੰਜਾਬ ਵਾਟਰ ਰਿਸੋਰਸਜ ਮੈਨੇਜਮੈਂਟ ਅਤੇ ਡਿਵੈਲਪਮੈਂਟ ਕਾਰਪੋਰੇਸ਼ਨ ਸ. ਅਮਰਜੀਤ ਰਾਜਨ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ ਗੁਰਪ੍ਰਤਾਪ ਸਿੰਘ ਗਿੱਲ, ਜ਼ਿਲ੍ਹਾ ਸਿਹਤ ਅਫ਼ਸਰ ਡਾ ਊਸ਼ਾ ਗੋਇਲ, ਰਿਹੈਬਿਲੀਟੇਸ਼ਨ ਸੈਂਟਰ ਦੇ ਇੰਚਾਰਜ ਡਾ. ਅਰੁਣ ਸਿੰਗਲਾ, ਸ਼੍ਰੀ ਐਮਐਲ ਜਿੰਦਲ, ਈਵੈਂਟ ਇੰਚਾਰਜ ਸ਼੍ਰੀ ਬਿਕਰਮ ਕੁਮਾਰ ਲਵਲੀ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ।