ਗੁਜਰਾਤ : ਆਜ਼ਾਦੀ ਘੁਲਾਟੀਏ ਤੇ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਦੀ ਅੱਜ 147ਵੀਂ ਜਯੰਤੀ ਮਨਾਈ ਜਾ ਰਹੀ ਹੈ। ਸਰਦਾਰ ਵੱਲਭ ਭਾਈ ਪਟੇਲ ਦੀ ਜਯੰਤੀ ‘ਤੇ ਅੱਜ ਪੂਰਾ ਦੇਸ਼ ਉਨ੍ਹਾਂ ਨੂੰ ਯਾਦ ਕਰ ਰਿਹਾ ਹੈ । ਸਰਦਾਰ ਪਟੇਲ ਦਾ ਜਨਮ 31 ਅਕਤੂਬਰ 1875 ਵਿੱਚ ਹੋਇਆ ਸੀ। ਉਹ ਭਾਰਤ ਦੇ ਪਹਿਲੇ ਉਪ ਪ੍ਰਧਾਨ ਮੰਤਰੀ ਅਤੇ ਪਹਿਲੇ ਗ੍ਰਹਿ ਮੰਤਰੀ ਸੀ। ਇਸ ਮੌਕੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀ ਸਰਦਾਰ ਵੱਲਭ ਭਾਈ ਪਟੇਲ ਨੂੰ ਯਾਦ ਕੀਤਾ । ਇਸ ਦੌਰਾਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪਟੇਲ ਚੌਕ ਵਿਖੇ ਸਰਦਾਰ ਵੱਲਭ ਭਾਈ ਪਟੇਲ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਕੇਵੜੀਆ ਸਥਿਤ ਸਟੈਚੂ ਆਫ ਯੂਨਿਟੀ ‘ਤੇ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ 147ਵੀਂ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕੀਤੀ । ਇਸ ਦੌਰਾਨ ਪੀਐਮ ਮੋਦੀ ਨੇ ਕੇਵੜੀਆ ਵਿੱਚ ਰਾਸ਼ਟਰੀ ਏਕਤਾ ਦਿਵਸ ਵਿੱਚ ਵੀ ਸ਼ਿਰਕਤ ਕੀਤੀ । ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਵੀ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੇ ਨਾਲ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਪਟੇਲ ਚੌਕ ‘ਤੇ ਸਰਦਾਰ ਵੱਲਭ ਭਾਈ ਪਟੇਲ ਨੂੰ ਸ਼ਰਧਾਂਜਲੀ ਦਿੱਤੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਰਦਾਰ ਪਟੇਲ ਨੂੰ ਯਾਦ ਕੀਤਾ। ਉਨ੍ਹਾਂ ਨੇ ਇਕ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਕਿ ਸਰਦਾਰ ਪਟੇਲ ਦੇ ਲੋਹੇ ਦੇ ਇਰਾਦਿਆਂ ਦੇ ਸਾਹਮਣੇ ਕੁਝ ਵੀ ਅਸੰਭਵ ਨਹੀਂ ਸੀ। ਉਨ੍ਹਾਂ ਨੇ ਆਪਣੀ ਦ੍ਰਿੜ ਅਗਵਾਈ ਨਾਲ ਵੱਖ-ਵੱਖ ਰਿਆਸਤਾਂ ਵਿੱਚ ਵੰਡੇ ਭਾਰਤ ਨੂੰ ਏਕਤਾ ਦੇ ਧਾਗੇ ਵਿੱਚ ਬੰਨ੍ਹਿਆ । ਰਾਸ਼ਟਰ ਹਿੱਤ ਲਈ ਦ੍ਰਿੜ ਇਰਾਦੇ ਨਾਲ ਦੇਸ਼ ਲਈ ਆਪਣਾ ਪੂਰਾ ਜੀਵਨ ਬਤੀਤ ਕਰਨ ਵਾਲੇ ਸਰਦਾਰ ਪਟੇਲ ਦੇ ਜਨਮ ਦਿਨ ‘ਤੇ ਉਨ੍ਹਾਂ ਦੇ ਚਰਨਾਂ ਵਿੱਚ ਪ੍ਰਣਾਮ ਅਤੇ ਰਾਸ਼ਟਰੀ ਏਕਤਾ ਦਿਵਸ ‘ਤੇ ਸਾਰਿਆਂ ਨੂੰ ਵਧਾਈ।