ਨਵੀਂ ਦਿੱਲੀ, 12 ਜਨਵਰੀ : ਦਿੱਲੀ ਦੀ ਆਮ ਆਦਮੀ ਪਾਰਟੀ (ਆਪ) ਨੂੰ ਸਰਕਾਰੀ ਇਸ਼ਤਿਹਾਰਾਂ ਦੀ ਆੜ ਵਿੱਚ ਪਾਰਟੀ ਦਾ ਅਕਸ ਚਮਕਾਉਣ ਲਈ ਕਥਿਤ ਤੌਰ 'ਤੇ ਪ੍ਰਕਾਸ਼ਿਤ ਕੀਤੇ ਗਏ ਸਿਆਸੀ ਇਸ਼ਤਿਹਾਰਾਂ ਲਈ 163.62 ਕਰੋੜ ਰੁਪਏ ਦੀ ਰਿਕਵਰੀ ਨੋਟਿਸ ਜਾਰੀ ਕੀਤਾ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਇਹ ਨੋਟਿਸ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਦੇ ਮੁੱਖ ਸਕੱਤਰ ਨੂੰ ਸਰਕਾਰੀ ਇਸ਼ਤਿਹਾਰਾਂ ਦੀ ਆੜ ਵਿੱਚ ਪ੍ਰਕਾਸ਼ਿਤ ਕੀਤੇ ਗਏ ਸਿਆਸੀ ਇਸ਼ਤਿਹਾਰਾਂ ਲਈ 'ਆਪ' ਤੋਂ 97 ਕਰੋੜ ਰੁਪਏ ਦੀ ਵਸੂਲੀ ਕਰਨ ਦੇ ਨਿਰਦੇਸ਼ ਦਿੱਤੇ ਜਾਣ ਦੇ ਲਗਭਗ ਇੱਕ ਮਹੀਨੇ ਬਾਅਦ ਜਾਰੀ ਹੋਇਆ ਹੈ। ਸੂਤਰਾਂ ਨੇ ਕਿਹਾ ਕਿ ਸੂਚਨਾ ਅਤੇ ਪ੍ਰਚਾਰ ਡਾਇਰੈਕਟੋਰੇਟ (DIP) ਦੁਆਰਾ ਜਾਰੀ ਕੀਤੇ ਗਏ ਰਿਕਵਰੀ ਨੋਟਿਸ ਵਿੱਚ ਰਕਮ 'ਤੇ ਵਿਆਜ ਵੀ ਸ਼ਾਮਲ ਹੈ। ਦਿੱਲੀ 'ਚ ਸੱਤਾਧਾਰੀ 'ਆਪ' ਨੂੰ 10 ਦਿਨਾਂ ਦੇ ਅੰਦਰ ਸਾਰੀ ਰਕਮ ਅਦਾ ਕਰਨ ਲਈ ਕਿਹਾ ਗਿਆ ਹੈ। ਹਾਲਾਂਕਿ, ਦਿੱਲੀ ਸਰਕਾਰ ਜਾਂ 'ਆਪ' ਵੱਲੋਂ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਇੱਕ ਸੂਤਰ ਨੇ ਕਿਹਾ, "ਜੇਕਰ 'ਆਪ' ਕਨਵੀਨਰ ਯਾਨੀ ਅਰਵਿੰਦ ਕੇਜਰੀਵਾਲ ਸਮੇਂ 'ਤੇ ਪੈਸੇ ਜਮ੍ਹਾ ਕਰਵਾਉਣ ਵਿੱਚ ਅਸਫਲ ਰਹਿੰਦੇ ਹਨ, ਤਾਂ ਪਾਰਟੀ ਦੀਆਂ ਜਾਇਦਾਦਾਂ ਦੀ ਕੁਰਕੀ ਸਮੇਤ ਸਾਰੀਆਂ ਕਾਨੂੰਨੀ ਕਾਰਵਾਈਆਂ ਦਿੱਲੀ ਉਪ ਰਾਜਪਾਲ (ਐੱਲ.ਜੀ.) ਦੇ ਪਹਿਲੇ ਹੁਕਮਾਂ ਅਨੁਸਾਰ ਸਮਾਂਬੱਧ ਤਰੀਕੇ ਨਾਲ ਕੀਤੀਆਂ ਜਾਣਗੀਆਂ।"